ਤੇਜ਼ ਰਫ਼ਤਾਰ ਕਾਰ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਤ

ਅਬੋਹਰ : ਇੱਥੇ ਪਿੰਡ ਸੱਪਾਂਵਾਲੀ ਨੇੜੇ ਇਕ ਤੇਜ਼ ਰਫ਼ਤਾਰ ਕਾਰ ਨੇ ਇਕ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਤਿੰਨ ਬੱਚਿਆਂ ਦਾ ਪਿਓ ਸੀ। ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ’ਚ ਰਖਵਾ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਪਿੰਡ ਸੈਦਾਂਵਾਲੀ ਵਾਸੀ ਓਮ ਪ੍ਰਕਾਸ਼ (60) ਪੁੱਤਰ ਰਾਮਚੰਦ ਖੇਤ-ਮਜ਼ਦੂਰੀ ਕਰਦਾ ਸੀ। ਬੁੱਧਵਾਰ ਸਵੇਰੇ ਉਹ ਸੱਪਾਂਵਾਲੀ ਤੋਂ ਆਪਣੇ ਸਾਈਕਲ ’ਤੇ ਪਸ਼ੂਆਂ ਲਈ ਹਰਾ ਚਾਰਾ ਲੈ ਕੇ ਘਰ ਵਾਪਸ ਆ ਰਿਹਾ ਸੀ।

ਇਸ ਦੌਰਾਨ ਸੱਪਾਂਵਾਲੀ ਨੇੜੇ ਪਿੱਛੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਹ ਟੱਕਰ ਇੰਨੀ ਭਿਆਨਕ ਸੀ ਕਿ ਓਮ ਪ੍ਰਕਾਸ਼ ਬਹੁਤ ਦੂਰ ਡਿੱਗ ਪਿਆ ਅਤੇ ਸੜਕ ’ਤੇ ਡਿੱਗਦੇ ਹੀ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਆਸ-ਪਾਸ ਦੇ ਲੋਕਾਂ ਨੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ, ਜਿਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਪੁਲਸ ਨੂੰ ਸੂਚਿਤ ਕੀਤਾ। ਖੁਈਆਂ ਸਰਵਰ ਥਾਣਾ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ’ਚ ਰੱਖ ਦਿੱਤਾ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਕਾਰ ਚਾਲਕ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਖੇਤ ਮਜ਼ਦੂਰ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ। 
 

By Gurpreet Singh

Leave a Reply

Your email address will not be published. Required fields are marked *