ਨੈਸ਼ਨਲ ਟਾਈਮਜ਼ ਬਿਊਰੋ :- ਜਿਲ੍ਹਾ ਮੋਹਾਲੀ ਆਮ ਆਦਮੀ ਪਾਰਟੀ ਨੇ ਵਾਰਡ ਨੰਬਰ 14 ਦੇ ਕੌਂਸਲਰ ਹਰਜੀਤ ਸਿੰਘ ਮਿੰਟਾ ਵਿਰੁੱਧ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਸਖ਼ਤ ਕਾਰਵਾਈ ਕੀਤੀ ਹੈ। ‘ਆਪ’ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਵੱਲੋਂ ਜਾਰੀ ਇੱਕ ਅਧਿਕਾਰਤ ਪੱਤਰ ਵਿੱਚ ਐਲਾਨ ਕੀਤਾ ਗਿਆ ਹੈ ਕਿ ਮਿੰਟਾ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਹਰ ਅਹੁਦੇ ਤੋਂ ਨਿਸ਼ਕਾਸਿਤ ਕਰ ਦਿੱਤਾ ਗਿਆ ਹੈ।
ਸੂਤਰਾਂ ਅਨੁਸਾਰ, ਕੌਂਸਲਰ ਹਰਜੀਤ ਮਿੰਟਾ 20 ਅਪ੍ਰੈਲ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਮੌਜੂਦਗੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦੀ ਤਿਆਰਿ ਵਿੱਚ ਹੈ। ਇਸ ਕਦਮ ਨੇ ਜ਼ੀਰਕਪੁਰ ਦੇ ਰਾਜਨੀਤਿਕ ਦ੍ਰਿਸ਼ ਵਿੱਚ ਹਲਚਲ ਮਚਾ ਦਿੱਤੀ ਹੈ ਕਿਉਂਕਿ ਮਿੰਟਾ 2022 ਚੋਣਾਂ ਤੋਂ ਬਾਅਦ ਕਾਂਗਰਸ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ ਜੋ 2021 ਨਗਰ ਕੌਂਸਲ ਜ਼ੀਰਕਪੁਰ ਦੀਆਂ ਚੋਣਾਂ ਵਿੱਚ ਵਾਰਡ ਨੰਬਰ 14 ਤੋਂ ਕੌਂਸਲਰ ਜੇਤੂ ਰਹੇ ਸਨ ਅਤੇ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ ਵੱਲੋਂ ਆਪਣੇ ਬੇਟੇ ਉਦੇਵੀਰ ਸਿੰਘ ਢਿੱਲੋਂ ਨੂੰ ਨਗਰ ਕੌਂਸਲ ਜ਼ੀਰਕਪੁਰ ਦਾ ਪ੍ਰਧਾਨ ਬਣਾਏ ਜਾਣ ਤੇ ਨਰਾਜ ਸ਼ਨ। ਮਿੰਟਾ ਨੂੰ ਕੱਢਣ ਦਾ ਫੈਸਲਾ ਉਸ ਦੀਆਂ ਗਤੀਵਿਧੀਆਂ ਦੀ ਪੂਰੀ ਜਾਂਚ ਤੋਂ ਬਾਅਦ ਲਿਆ ਗਿਆ ਹੈ, ਜੋ ਕਿ ਪਾਰਟੀ ਦੇ ਸਿਧਾਂਤਾਂ ਅਤੇ ਕਦਰਾਂ-ਕੀਮਤਾਂ ਦੀ ਸਿੱਧੀ ਉਲੰਘਣਾ ਪਾਈ ਗਈ ਹੈ। ਆਪ ਦੇ ਸਥਾਨਕ ਆਗੂਆਂ ਦਾ ਕਹਿਣਾ ਹੈ ਕਿ ‘ਆਪ’ ਹਮੇਸ਼ਾ ਰਾਜਨੀਤੀ ਵਿੱਚ ਇਮਾਨਦਾਰੀ ਅਤੇ ਪਾਰਦਰਸ਼ਤਾ ਲਈ ਖੜ੍ਹੀ ਰਹੀ ਹੈ ਅਤੇ ਇਹਨਾਂ ਮੂਲ ਵਿਸ਼ਵਾਸਾਂ ਦੇ ਵਿਰੁੱਧ ਜਾਣ ਵਾਲੀ ਕੋਈ ਵੀ ਕਾਰਵਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ‘ਆਪ’ ਤੋਂ ਹਰਜੀਤ ਸਿੰਘ ਮਿੰਟਾ ਨੂੰ ਕੱਢੇ ਜਾਣ ਨਾਲ ਸਾਰੇ ਪਾਰਟੀ ਮੈਂਬਰਾਂ ਨੂੰ ਇੱਕ ਸਖ਼ਤ ਸੁਨੇਹਾ ਗਿਆ ਹੈ ਕਿ ਕਿਸੇ ਵੀ ਤਰ੍ਹਾਂ ਦੀ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸੰਬੰਧੀ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਸਿਧਾਂਤਾਂ ਪ੍ਰਤੀ ਵਚਨਬੱਧ ਹੈ ਅਤੇ ਭ੍ਰਿਸ਼ਟਾਚਾਰ ਮੁਕਤ ਅਤੇ ਨਿਆਂਪੂਰਨ ਰੰਗਲਾ ਪੰਜਾਬ ਬਣਾਉਣ ਦੇ ਆਪਣੇ ਟੀਚੇ ਵੱਲ ਕੰਮ ਕਰ ਰਹੀ ਹੈ ਪਾਰਟੀ ਨੇ ਜੋ ਫੈਸਲਾ ਲਿਆ ਹੈ ਸੋਚ ਸਮਝ ਅਤੇ ਵਾਚ ਕੇ ਲਿਆ ਹੈ।
