ਗੁਰਪ੍ਰੀਤ ਸਿੰਘ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਦਫ਼ਤਰ ਸਮੇਤ ਸੂਬੇ ਵਿੱਚ ਵੱਖ-ਵੱਖ ਥਾਵਾਂ ’ਤੇ ਸੀਬੀਆਈ ਦੀ ਕਾਰਵਾਈ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਕੇਂਦਰੀ ਜਾਂਚ ਏਜੰਸੀਆਂ ਦੀ ਕਥਿਤ ਦੁਰਵਰਤੋਂ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ (ਆਪ) ਵੱਲੋਂ ਬੁੱਧਵਾਰ ਨੂੰ ਪੰਜਾਬ ਭਰ ਵਿੱਚ ਪ੍ਰਦਰਸ਼ਨ ਕੀਤੇ ਜਾਣਗੇ। ਪਾਰਟੀ ਵਰਕਰ ਦੁਪਹਿਰ ਦੋ ਵਜੇ ਤੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੜਕਾਂ ’ਤੇ ਉਤਰ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕਰਨਗੇ।
‘ਆਪ’ ਆਗੂਆਂ ਦਾ ਦੋਸ਼ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਵਿਰੋਧੀ ਧਿਰਾਂ ਦੀਆਂ ਸਰਕਾਰਾਂ ’ਤੇ ਦਬਾਅ ਬਣਾਉਣ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵਰਗੀਆਂ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਪਾਰਟੀ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਵੀ ਭਗਵੰਤ ਮਾਨ ਸਰਕਾਰ ਨੂੰ ਬਦਨਾਮ ਕਰਨ ਅਤੇ ਸਿਆਸੀ ਤੌਰ ’ਤੇ ਦਬਾਅ ਬਣਾਉਣ ਲਈ ਕੇਂਦਰੀ ਜਾਂਚ ਏਜੰਸੀਆਂ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
‘ਆਪ’ ਵੱਲੋਂ ਕਿਹਾ ਗਿਆ ਹੈ ਕਿ ਇਸ ਤੋਂ ਪਹਿਲਾਂ ਪੱਛਮੀ ਬੰਗਾਲ ਅਤੇ ਝਾਰਖੰਡ ਸਮੇਤ ਕਈ ਸੂਬਿਆਂ ਵਿੱਚ ਵੀ ਵਿਰੋਧੀ ਧਿਰਾਂ ਦੇ ਆਗੂਆਂ ਅਤੇ ਸਰਕਾਰਾਂ ਖ਼ਿਲਾਫ਼ ਕੇਂਦਰੀ ਏਜੰਸੀਆਂ ਦੀ ਕਾਰਵਾਈ ਨੂੰ ਲੈ ਕੇ ਸਵਾਲ ਉੱਠਦੇ ਰਹੇ ਹਨ। ਪਾਰਟੀ ਦਾ ਦੋਸ਼ ਹੈ ਕਿ ਜਿਨ੍ਹਾਂ ਸੂਬਿਆਂ ਵਿੱਚ ਭਾਜਪਾ ਦੀ ਬਜਾਏ ਵਿਰੋਧੀ ਧਿਰਾਂ ਦੀਆਂ ਸਰਕਾਰਾਂ ਹਨ, ਉੱਥੇ ਈਡੀ ਅਤੇ ਸੀਬੀਆਈ ਰਾਹੀਂ ਸਿਆਸੀ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।
ਬੁੱਧਵਾਰ ਨੂੰ ਹੋਣ ਵਾਲੇ ਪ੍ਰਦਰਸ਼ਨਾਂ ਵਿੱਚ ‘ਆਪ’ ਦੇ ਵਿਧਾਇਕ, ਅਹੁਦੇਦਾਰ ਅਤੇ ਵਰਕਰ ਜ਼ਿਲ੍ਹਾ ਪੱਧਰ ’ਤੇ ਸ਼ਾਮਲ ਹੋਣਗੇ। ਪਾਰਟੀ ਆਗੂਆਂ ਨੇ ਵਰਕਰਾਂ ਨੂੰ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਾਂ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ। ‘ਆਪ’ ਦਾ ਕਹਿਣਾ ਹੈ ਕਿ ਕੇਂਦਰੀ ਏਜੰਸੀਆਂ ਦੀ ਕਾਰਵਾਈ ਨੂੰ ਸਿਆਸੀ ਹਥਿਆਰ ਵਜੋਂ ਵਰਤੇ ਜਾਣ ਦਾ ਵਿਰੋਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਸ ਪ੍ਰਦਰਸ਼ਨ ਰਾਹੀਂ ਪਾਰਟੀ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਚੱਲ ਰਹੀ ਜਾਂਚ ਤੇ ਕਾਰਵਾਈ ਨੂੰ ਲੈ ਕੇ ਆਪਣਾ ਸਿਆਸੀ ਪੱਖ ਵੀ ਮਜ਼ਬੂਤੀ ਨਾਲ ਰੱਖੇਗੀ।
