ਵਿਦਿਆਰਥਣ ਨਾਲ ਜ਼ਬਰ ਜਨਾਹ ਮਾਮਲੇ ਵਿੱਚ ਮੁਲਜ਼ਮ ਗ੍ਰਿਫਤਾਰ!

ਗੁਰਪ੍ਰੀਤ ਸਿੰਘ :- ਖੰਨਾ ਦੇ ਮਲੌਦ ਇਲਾਕੇ ਵਿੱਚ ਪੰਜਵੀਂ ਜਮਾਤ ਦੀ ਇਕ ਨਾਬਾਲਗ ਵਿਦਿਆਰਥਣ ਨਾਲ ਜ਼ਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਗੁਰਵਿੰਦਰ ਸਿੰਘ ਵਾਸੀ ਪਿੰਡ ਸਿਹੋੜਾ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਅਗਲੀ ਜਾਂਚ ਜਾਰੀ ਹੈ। ਥਾਣਾ ਮੁਖੀ ਚਰਨਜੀਤ ਸਿੰਘ ਦੇ ਮੁਤਾਬਕ ਇਸ ਘਟਨਾ ਸਬੰਧੀ 15 ਫਰਵਰੀ ਨੂੰ ਕੇਸ ਦਰਜ ਕੀਤਾ ਗਿਆ ਸੀ।

ਸ਼ਿਕਾਇਤ ਮਿਲਣ ਉਪਰੰਤ ਪੁਲਿਸ ਨੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਤੇ ਮੁਲਜ਼ਮ ਨੂੰ ਕਾਬੂ ਕਰ ਲਿਆ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਨਾਬਾਲਗ ਲੜਕੀ ਨੂੰ ਕੱਪੜਿਆਂ ਦਾ ਬਹਾਨਾ ਲਾ ਕੇ ਆਪਣੇ ਘਰ ਬੁਲਾਇਆ ਸੀ। ਉੱਥੇ ਉਸ ਨੇ ਲੜਕੀ ਨਾਲ ਜ਼ਬਰ ਜਨਾਹ ਕੀਤਾ। ਘਟਨਾ ਦੇ ਬਾਅਦ ਜਦੋਂ ਪਰਿਵਾਰ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ।

ਪੁਲਿਸ ਨੇ ਪੀੜਤ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ਉਤੇ ਮੁਕੱਦਮਾ ਦਰਜ ਕਰਕੇ ਕਾਰਵਾਈ ਕੀਤੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਵੱਲੋਂ ਮੁਲਜ਼ਮ ਨੂੰ ਫੌਰੀ ਤੌਰ ਉਤੇ ਗ੍ਰਿਫਤਾਰ ਕਰ ਲਿਆ ਗਿਆ ਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨਾਬਾਲਗ ਲੜਕੀ ਦੀ ਮੈਡੀਕਲ ਜਾਂਚ ਕਰਵਾਈ ਗਈ ਹੈ ਤੇ ਸਾਰੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਤਾਂ ਜੋ ਮਾਮਲੇ ਨੂੰ ਮਜ਼ਬੂਤੀ ਨਾਲ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਮੁਲਜ਼ਮ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਧਾਰਾਵਾਂ ਹੇਠ ਕਾਰਵਾਈ ਕੀਤੀ ਜਾ ਰਹੀ ਹੈ ਤੇ ਕਿਸੇ ਵੀ ਹਾਲਤ ਵਿੱਚ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਥਾਣਾ ਮੁਖੀ ਚਰਨਜੀਤ ਸਿੰਘ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਹਰ ਪੱਖ ਤੋਂ ਜਾਂਚ ਕਰ ਰਹੀ ਹੈ ਅਤੇ ਜਿਹੜਾ ਵੀ ਤੱਥ ਸਾਹਮਣੇ ਆਵੇਗਾ, ਉਸ ਦੇ ਆਧਾਰ ਉਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਪੀੜਤ ਪਰਿਵਾਰ ਨੂੰ ਪੂਰਾ ਨਿਆਂ ਦਿਵਾਉਣ ਲਈ ਪੁਲਿਸ ਵਚਨਬੱਧ ਹੈ ਅਤੇ ਮਾਮਲੇ ਦੀ ਜਾਂਚ ਤੇਜ਼ੀ ਨਾਲ ਅੱਗੇ ਵਧ ਰਹੀ ਹੈ।

By Gurpreet Singh

Leave a Reply

Your email address will not be published. Required fields are marked *