ਨੈਸ਼ਨਲ ਟਾਈਮਜ਼ ਬਿਊਰੋ :- ਮੌਸਮ ਵਿਭਾਗ ਨੇ ਅਗਲੇ ਦੋ ਦਿਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਮੰਗਲਵਾਰ, 2 ਸਤੰਬਰ 2025 ਨੂੰ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਹੈ। ਇਹ ਵੀ ਚਰਚਾ ਹੈ ਕਿ ਹਾਲਾਤ ਨਾ ਸੁਧਰੇ ਤਾਂ ਛੁੱਟੀਆਂ ਵਧਾਈਆਂ ਜਾ ਸਕਦੀਆਂ ਹਨ।
ਪ੍ਰਸ਼ਾਸਨ ਨੇ ਸਪੱਸ਼ਟ ਤੌਰ ਉਤੇ ਕਿਹਾ ਹੈ ਕਿ ਇਸ ਦੌਰਾਨ ਵਿਦਿਆਰਥੀਆਂ ਦੀਆਂ ਕੋਈ ਵੀ ਕਲਾਸਾਂ ਨਹੀਂ ਲਗਾਈਆਂ ਜਾਣਗੀਆਂ ਅਤੇ ਮਾਪਿਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੇ ਬੱਚਿਆਂ ਨੂੰ ਘਰ ਵਿੱਚ ਰੱਖਣ।
ਚੰਡੀਗੜ੍ਹ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਅਤੇ ਖਰਾਬ ਮੌਸਮ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਇਸ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਇਹ ਅਹਿਮ ਫੈਸਲਾ ਲਿਆ ਹੈ। ਹੁਕਮਾਂ ਅਨੁਸਾਰ ਸ਼ਹਿਰ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਅੱਜ 2 ਸਤੰਬਰ 2025 ਨੂੰ ਬੰਦ ਰਹਿਣਗੇ।
ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਵਿਚ ਕੋਈ ਸੁਧਾਰ ਨਾ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ 3 ਸਤੰਬਰ ਤੱਕ ਰਾਜ ਦੇ ਸਾਰੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਛੁੱਟੀਆਂ ਸਬੰਧੀ ਐਲਾਨ ਸੂਬੇ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਟਵੀਟ ਵਿਚ ਕੀਤਾ ਗਿਆ।
