ਅੰਮ੍ਰਿਤਸਰ, 29 ਜੂਨ (ਗੁਰਪ੍ਰੀਤ ਸਿੰਘ) – ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਤੋਂ ਬਾਅਦ, ਬੀਤੇ ਦਿਨ ਜਿਲਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਗ੍ਰਿਫ਼ਤਾਰੀ ਨੇ ਰਾਜਨੀਤਿਕ ਗਰਮਾਹਟ ਨੂੰ ਹੋਰ ਵਧਾ ਦਿੱਤਾ ਹੈ।
ਇਸ ਸੰਬੰਧ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਕਸ ਤੇ ਇੱਕ ਪੋਸਟ ਪਾ ਕੇ ਪੰਜਾਬ ਸਰਕਾਰ ਤੇ ਪੁਲਿਸ ਦੀ ਇਸ ਕਾਰਵਾਈ ਦੀ ਸਖਤ ਸ਼ਬਦਾਂ ‘ਚ ਨਿੰਦਾ ਕਰਦਿਆਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨਾਲ ਇੱਕਜੁੱਟਤਾ ਦਿਖਾਉਣ ਵਾਲੇ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਹੁਣ ਪੁਲਿਸ ਨਜਾਇਜ਼ ਤੰਗ ਪਰੇਸ਼ਾਨ ਕਰ ਰਹੀ ਹੈ।
ਉਨ੍ਹਾਂ ਕਿਹਾ “ਮੁੱਖ ਮੰਤਰੀ ਭਗਵੰਤ ਮਾਨ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਬਿਕਰਮ ਸਿੰਘ ਮਜੀਠੀਆ ਨਾਲ ਇਕਜੁੱਟਤਾ ਦਿਖਾਉਣ ਲਈ ਨਿਸ਼ਾਨਾ ਬਣਾ ਰਹੇ ਹਨ, ਜਿਨ੍ਹਾਂ ਨੂੰ ਝੂਠੇ ਅਤੇ ਮਨਘੜਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਫਸਾਇਆ ਗਿਆ ਹੈ।”
ਉਨ੍ਹਾਂ ਅੱਗੇ ਕਿਹਾ “ਮੈਂ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਦੇ ਘਰਾਂ ‘ਤੇ ਛਾਪੇਮਾਰੀ ਕਰਨ ਦੇ ਤਰੀਕੇ ਦੀ ਨਿੰਦਾ ਕਰਦਾ ਹਾਂ। ਸਾਡੀ ਪਾਰਟੀ ਦੇ ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਜਦੋਂ ਕਿ ਕਈ ਹੋਰਾਂ ‘ਤੇ ਛਾਪੇਮਾਰੀ ਅਤੇ ਝੂਠੇ ਮਾਮਲਿਆਂ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਅਜਿਹੀਆਂ ਚਾਲਾਂ ਅਕਾਲੀਆਂ ਨੂੰ ਨਹੀਂ ਡਰਾ ਸਕਦੀਆਂ। ਅਸੀਂ ਇਸ ਰਾਜਨੀਤਿਕ ਬਦਲੇ ਦੀ ਭਾਵਨਾ ਨਾਲ ਲੜਾਂਗੇ।”
