
ਨੈਸ਼ਨਲ ਟਾਈਮਜ਼ ਬਿਊਰੋ :- ਹੜ੍ਹਾਂ ਦਾ ਕਹਿਰ ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ ਹੈ। ਇੱਥੇ ਹੜ੍ਹਾਂ ਅਤੇ ਮੀਂਹ ਨਾਲ ਸਬੰਧਤ ਹਾਦਸਿਆਂ ਵਿੱਚ 30 ਲੋਕਾਂ ਦੀ ਮੌਤ ਹੋ ਗਈ ਹੈ। ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਆਫ਼ਤ ਪ੍ਰਭਾਵਿਤ ਸੂਬਾ ਐਲਾਨਿਆ ਹੈ। ਇਸ ਦੇ ਨਾਲ ਹੀ ਦਿੱਲੀ ਵਿੱਚ ਯਮੁਨਾ ਨਦੀ ਦਾ ਵਧਦਾ ਪਾਣੀ ਦਾ ਪੱਧਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।
ਸੂਬੇ ਵਿਚ ਲੰਘੀ ਰਾਤ ਵੀ ਜ਼ਿਆਦਾਤਰ ਸ਼ਹਿਰਾਂ ਵਿੱਚ ਭਾਰੀ ਮੀਂਹ ਪਿਆ ਹੈ ਜੋ ਕਿ ਸਾਰੀ ਰਾਤ ਪੈਂਦਾ ਰਿਹਾ ਹੈ। ਉਧਰ ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਮੁਕੇਰੀਆਂ, ਜਲੰਧਰ, ਸੁਲਤਾਨਪੁਰ ਲੋਧੀ, ਲੁਧਿਆਣਾ, ਮੋਗਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਦੇ ਕੁਝ ਇਲਾਕਿਆਂ ਵਿੱਚ ਅੱਜ ਭਾਰੀ ਮੀਂਹ ਪੈਣ ਲਈ ‘ਰੈੱਡ ਅਲਰਟ’ ਜਾਰੀ ਕਰ ਦਿੱਤਾ ਹੈ।
ਯਮੁਨਾ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਹੈ, ਜਿਸ ਕਾਰਨ ਹੜ੍ਹ ਦਾ ਪਾਣੀ ਦਿੱਲੀ ਅਤੇ ਆਸ ਪਾਸ ਦੇ ਨੀਵੇਂ ਇਲਾਕਿਆਂ ਵਿੱਚ ਦਾਖਲ ਹੋ ਗਿਆ ਹੈ। ਰਾਹੁਲ ਗਾਂਧੀ ਨੇ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ‘ਤੇ ਚਿੰਤਾ ਪ੍ਰਗਟ ਕੀਤੀ ਹੈ ਅਤੇ ਕੇਂਦਰ ਸਰਕਾਰ ਤੋਂ ਰਾਹਤ ਪੈਕੇਜ ਦੀ ਮੰਗ ਕੀਤੀ ਹੈ।
