ਨਵੀਂ ਦਿੱਲੀ (ਗੁਰਪ੍ਰੀਤ ਸਿੰਘ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੰਡੀ ਗਠਜੋੜ ਵੱਲੋਂ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਕੀਤੀ ਜਾਣ ਵਾਲੀ ਰੈਲੀ ਨੂੰ ਲੈ ਕੇ ਕਾਂਗਰਸ ਅਤੇ ਰਾਹੁਲ ਗਾਂਧੀ ’ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਬਰਸੀ ਮੌਕੇ 1 ਨਵੰਬਰ ਨੂੰ ਰੈਲੀ ਕਰਨਾ ਦੰਗਾ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਪੁਰਾਣੇ ਜ਼ਖ਼ਮਾਂ ਨੂੰ ਮੁੜ ਹਰਾ ਕਰਨ ਵਰਗਾ ਹੈ।
ਚੰਡੀਗੜ੍ਹ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਮੌਕੇ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਜਿਸ ਦਿਨ ਹਜ਼ਾਰਾਂ ਬੇਕਸੂਰ ਸਿੱਖਾਂ ਦੀ ਜਾਨ ਗਈ ਸੀ, ਉਸੇ ਦਿਨ ਇਸ ਤਰ੍ਹਾਂ ਦਾ ਇਕੱਠ ਕਰਨਾ ਪੀੜਤ ਪਰਿਵਾਰਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ। ਉਨ੍ਹਾਂ ਨੇ ਕਾਂਗਰਸ ’ਤੇ ਸੰਵੇਦਨਹੀਣਤਾ ਦਾ ਦੋਸ਼ ਲਗਾਉਂਦਿਆਂ 1984 ਦੇ ਦੰਗਿਆਂ ਅਤੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਵਿਵਾਦਿਤ ਬਿਆਨ ਦਾ ਵੀ ਜ਼ਿਕਰ ਕੀਤਾ।
1984 ਦੇ ਦੰਗਿਆਂ ਦੀਆਂ ਦਰਦਨਾਕ ਯਾਦਾਂ ਦਾ ਕੀਤਾ ਜ਼ਿਕਰ
ਅਮਿਤ ਸ਼ਾਹ ਨੇ ਕਿਹਾ ਕਿ 1 ਨਵੰਬਰ 1984 ਨੂੰ ਦਿੱਲੀ ਦੀਆਂ ਸੜਕਾਂ ’ਤੇ ਹਜ਼ਾਰਾਂ ਬੇਕਸੂਰ ਸਿੱਖਾਂ ਦਾ ਕਤਲ ਕੀਤਾ ਗਿਆ ਸੀ। ਉਸ ਦੌਰਾਨ ਹੱਸਦੇ-ਖੇਡਦੇ ਪਰਿਵਾਰ ਉੱਜੜ ਗਏ, ਲੋਕਾਂ ਨੂੰ ਜ਼ਿੰਦਾ ਸਾੜਿਆ ਗਿਆ, ਮਾਸੂਮ ਬੱਚੇ ਅਨਾਥ ਹੋਏ, ਔਰਤਾਂ ਵਿਧਵਾ ਹੋਈਆਂ ਅਤੇ ਕਈ ਲੋਕਾਂ ਦੇ ਘਰ ਤਬਾਹ ਕਰ ਦਿੱਤੇ ਗਏ।
ਰੈਲੀ ਲਈ ਇਸ ਤਾਰੀਖ਼ ਦੀ ਚੋਣ ’ਤੇ ਇੰਡੀ ਗਠਜੋੜ ਨੂੰ ਘੇਰਦਿਆਂ ਉਨ੍ਹਾਂ ਕਿਹਾ, “ਜਿਸ ਦਿਨ ਸਿੱਖਾਂ ਦਾ ਕਤਲੇਆਮ ਹੋਇਆ ਸੀ, ਉਸੇ ਦਿਨ ਇਨ੍ਹਾਂ ਨੇ ਰੈਲੀ ਕਰਨੀ ਸੀ।”
ਰਾਜੀਵ ਗਾਂਧੀ ਦੇ ਵਿਵਾਦਿਤ ਬਿਆਨ ਦਾ ਕੀਤਾ ਹਵਾਲਾ
ਸ਼ਾਹ ਨੇ 1984 ਦੇ ਦੰਗਿਆਂ ਤੋਂ ਬਾਅਦ ਤਤਕਾਲੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਵੱਲੋਂ ਦਿੱਤੇ ਗਏ ਵਿਵਾਦਿਤ ਬਿਆਨ ਦਾ ਹਵਾਲਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਰਾਜੀਵ ਗਾਂਧੀ ਨੇ ਕਿਹਾ ਸੀ, “ਜਦੋਂ ਕੋਈ ਵੱਡਾ ਦਰੱਖਤ ਡਿੱਗਦਾ ਹੈ ਤਾਂ ਧਰਤੀ ਹਿੱਲਦੀ ਹੈ।” ਸ਼ਾਹ ਮੁਤਾਬਕ ਉਨ੍ਹਾਂ ਨੇ ਇਹ ਬਿਆਨ ਟੈਲੀਵਿਜ਼ਨ ’ਤੇ ਦੇਖਿਆ ਸੀ ਅਤੇ ਇਸ ਨੂੰ ਉਹ ਜ਼ਿੰਦਗੀ ਭਰ ਨਹੀਂ ਭੁੱਲ ਸਕਣਗੇ।
ਉਨ੍ਹਾਂ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਹਜ਼ਾਰਾਂ ਬੇਗੁਨਾਹ ਲੋਕਾਂ ਦੀ ਹੱਤਿਆ ਤੋਂ ਬਾਅਦ ਇਸ ਤਰ੍ਹਾਂ ਦੀ ਟਿੱਪਣੀ ਸੰਵੇਦਨਹੀਣਤਾ ਨੂੰ ਦਰਸਾਉਂਦੀ ਹੈ।
ਗ੍ਰਹਿ ਮੰਤਰੀ ਨੇ ਦਾਅਵਾ ਕੀਤਾ ਕਿ 2014 ਵਿੱਚ ਕੇਂਦਰ ਵਿੱਚ ਸਰਕਾਰ ਬਣਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ 1984 ਦੇ ਦੰਗਿਆਂ ਨਾਲ ਜੁੜੇ ਬੰਦ ਪਏ ਮਾਮਲਿਆਂ ਨੂੰ ਮੁੜ ਖੁਲ੍ਹਵਾਇਆ, ਪੀੜਤ ਪਰਿਵਾਰਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਅਤੇ ਦੋਸ਼ੀ ਕਾਂਗਰਸੀ ਆਗੂਆਂ ਨੂੰ ਜੇਲ੍ਹ ਭੇਜਿਆ। ਉਨ੍ਹਾਂ ਕਿਹਾ ਕਿ ਦੇਸ਼ ਨੇ ਇਸ ਤਰ੍ਹਾਂ ਦੇ ਰਾਜਨੀਤਿਕ ਤੌਰ ’ਤੇ ਪ੍ਰੇਰਿਤ ਦੰਗੇ ਪਹਿਲਾਂ ਕਦੇ ਨਹੀਂ ਦੇਖੇ ਸਨ।
ਰਾਹੁਲ ਗਾਂਧੀ ’ਤੇ ਵੀ ਕੱਸਿਆ ਤੰਜ
ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਇੰਡੀ ਗਠਜੋੜ ਦੀ ਪ੍ਰਤੀਕਾਤਮਕ ਕਾਰਵਾਈ ਨੂੰ ਲੈ ਕੇ ਵੀ ਅਮਿਤ ਸ਼ਾਹ ਨੇ ਰਾਹੁਲ ਗਾਂਧੀ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ ਜੇਕਰ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਨਾ ਹੈ ਤਾਂ ਉਹ ਮੌਕ ਪਾਰਲੀਮੈਂਟ ਵਿੱਚ ਹੀ ਬਣੇ ਰਹਿਣ।
ਜ਼ਿਕਰਯੋਗ ਹੈ ਕਿ ਵਿਰੋਧੀ ਪਾਰਟੀਆਂ ਨੇ ਚੋਣਾਂ ਵਿੱਚ ਬੇਨਿਯਮੀਆਂ ਦੇ ਦੋਸ਼ ਲਗਾਉਂਦਿਆਂ ਮੁੱਖ ਚੋਣ ਕਮਿਸ਼ਨਰ ਵਿਰੁੱਧ ਪ੍ਰਤੀਕਾਤਮਕ ‘ਜਨ ਮਹਾਂਦੋਸ਼’ ਦੀ ਕਾਰਵਾਈ ਕੀਤੀ ਸੀ। ਇਸੇ ਮਾਮਲੇ ’ਤੇ ਸ਼ਾਹ ਨੇ ਵਿਰੋਧੀ ਧਿਰ ਨੂੰ ਘੇਰਿਆ ਹੈ।
