ਨੈਸ਼ਨਲ ਟਾਈਮਜ਼ ਬਿਊਰੋ :- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਜੰਮੂ ਕਸ਼ਮੀਰ ਵਿੱਚ ਅਤਿਵਾਦ ਖ਼ਿਲਾਫ਼ ਲੜਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਜੰਮੂ ਕਸ਼ਮੀਰ ਵਿੱਚ ਸੁਰੱਖਿਆ ਹਾਲਾਤ ਸਬੰਧੀ ਦੋ ਦਿਨਾਂ ਵਿੱਚ ਦੋ ਉੱਚ-ਪੱਧਰੀ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਸ਼ਾਹ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਦੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਅਤਿਵਾਦ ਕਮਜ਼ੋਰ ਹੋ ਗਿਆ ਹੈ।ਅਧਿਕਾਰਤ ਬਿਆਨ ਅਨੁਸਾਰ ਗ੍ਰਹਿ ਮੰਤਰੀ ਨੇ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ‘ਘੁਸਪੈਠ ਬਿਲਕੁਲ ਖ਼ਤਮ’ ਕਰਨ ਦੇ ਮਕਸਦ ਨਾਲ ਅਤਿਵਾਦ ਖ਼ਿਲਾਫ਼ ਲੜਾਈ ਤੇਜ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ, ‘ਸਾਡਾ ਮਕਸਦ ਅਤਿਵਾਦੀਆਂ ਨੂੰ ਜੜ੍ਹੋਂ ਪੁੱਟਣਾ ਹੋਣਾ ਚਾਹੀਦਾ ਹੈ।’ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਜੰਮੂ ਕਸ਼ਮੀਰ ਤੋਂ ਅਤਿਵਾਦ ਖ਼ਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ, ‘ਨਸ਼ਾ ਤਸਕਰੀ ਰਾਹੀਂ ਅਤਿਵਾਦੀਆਂ ਨੂੰ ਹੋ ਰਹੀ ਫੰਡਿੰਗ ਤੁਰੰਤ ਅਤੇ ਸਖ਼ਤੀ ਨਾਲ ਰੋਕੀ ਜਾਣਾ ਚਾਹੀਦੀ ਹੈ।’ਗ੍ਰਹਿ ਮੰਤਰੀ ਨੇ ਮੰਗਲਵਾਰ ਅਤੇ ਬੁੱਧਵਾਰ ਨੂੰ ਲਗਾਤਾਰ ਦੋ ਮੀਟਿੰਗਾਂ ਵਿੱਚ ਫੌਜ, ਪੁਲੀਸ, ਨੀਮ ਫੌਜੀ ਬਲਾਂ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਜੰਮੂ ਕਸ਼ਮੀਰ ਵਿੱਚ ਸੁਰੱਖਿਆ ਹਾਲਾਤ ਦੀ ਸਮੀਖਿਆ ਕੀਤੀ। ਗ੍ਰਹਿ ਮੰਤਰੀ ਨੇ ਪਹਿਲੀ ਵਾਰ ਲਗਾਤਾਰ ਦੋ ਦਿਨ ਜੰਮੂ ਕਸ਼ਮੀਰ ਦੀ ਸੁਰੱਖਿਆ ਸਥਿਤੀ ਬਾਰੇ ਇੰਨੀ ਵਿਸਥਾਰ ਨਾਲ ਚਰਚਾ ਕੀਤੀ ਹੈ। ਮੀਟਿੰਗਾਂ ਵਿੱਚ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ, ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ, ਇੰਟੈਲੀਜੈਂਸ ਬਿਊਰੋ ਦੇ ਡਾਇਰੈਕਟਰ ਤਪਨ ਡੇਕਾ, ਡੀਜੀਪੀ ਨਲਿਨ ਪ੍ਰਭਾਤ, ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਅਤੇ ਹੋਰ ਉੱਚ ਅਧਿਕਾਰੀ ਸ਼ਾਮਲ ਸਨ।
