ਅੰਮ੍ਰਿਤਸਰ, ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਵੇਰਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਸਰਬਜੀਤ ਸਿੰਘ ਜੋ ਮੌਜੂਦਾ ਸਮੇਂ ਥਾਣਾ ਇਸਲਾਮਾਬਾਦ ਵਿਖੇ ਤਾਇਨਾਤ ਹੈ, ਨੂੰ 3,000 ਰੁਪਏ ਕਥਿਤ ਤੌਰ ਤੇ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗਿਲਾਂਵਾਲੀ, ਤਹਿਸੀਲ ਬਟਾਲਾ ਦੇ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿੱਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਸ ਖ਼ਿਲਾਫ਼ ਥਾਣਾ ਵੇਰਕਾ ਵਿਖੇ ਇੱਕ ਐੱਫਆਈਆਰ ਦਰਜ ਕੀਤੀ ਗਈ ਸੀ, ਜਿਸ ਵਿੱਚ ਏਐੱਸਆਈ ਸਰਬਜੀਤ ਸਿੰਘ ਤਫਤੀਸ਼ੀ ਅਫ਼ਸਰ (ਆਈਓ) ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਕੇਸ ਵਿੱਚ ਜ਼ਬਤ ਕੀਤੀ ਗਈ ਉਸ ਦੀ ਕਾਰ ਦੀ ਸਪੁਰਦਾਰੀ ਦੇਣ ਬਦਲੇ ਏਐੱਸਆਈ ਨੇ ਉਸ ਕੋਲੋਂ 3,000 ਰੁਪਏ ਰਿਸ਼ਵਤ ਮੰਗੀ ਸੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਅਤੇ ਸਬੂਤਾਂ ਦੀ ਡੂੰਘਾਈ ਨਾਲ ਜਾਂਚ ਦੌਰਾਨ ਇਸ ਗੱਲ ਦੀ ਪੁਸ਼ਟੀ ਹੋਈ ਹੈ ਕਿ ਉਸਨੇ ਰਿਸ਼ਵਤ ਲਈ ਸੀ। ਇਸ ਸਬੰਧੀ ਪੁਲੀਸ ਮੁਲਾਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।