ਅੰਮ੍ਰਿਤਸਰ – ਐਸ.ਐਚ.ਓ. ਲਈ 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਵੱਲੋਂ ਇੱਕ ਵਿਅਕਤੀ ਰੰਗੇ ਹੱਥੀਂ ਕਾਬੂ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਇੱਕ ਵੱਡੀ ਕਾਰਵਾਈ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਅੰਜਾਮ ਦਿੱਤੀ ਗਈ। ਵਿਜੀਲੈਂਸ ਦੀ ਟੀਮ ਨੇ ਛੇਹਰਟਾ ਦੇ ਰਹਿਣ ਵਾਲੇ ਲਲਿਤ ਅਰੋੜਾ ਨਾਮਕ ਵਿਅਕਤੀ ਨੂੰ ਛੇਹਰਟਾ ਥਾਣੇ ਦੇ ਐਸ.ਐਚ.ਓ. ਦੀ ਥਾਂ ’ਤੇ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਮੁਤਾਬਕ, ਇਹ ਕਾਰਵਾਈ ਉਸ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਜੋ ਛੇਹਰਟਾ ਨਿਵਾਸੀ ਇੱਕ ਵਿਅਕਤੀ ਵੱਲੋਂ ਦਿੱਤੀ ਗਈ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਥਾਣੇ ਦੇ ਐਸ.ਐਚ.ਓ. ਅਤੇ ਉਸ ਦੀ ਟੀਮ ਨੇ ਉਸ ਦੇ ਘਰ ਛਾਪਾ ਮਾਰ ਕੇ ਉਸ ਅਤੇ ਉਸ ਦੇ ਚਚੇਰੇ ਭਰਾ ’ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ। ਪੁਲਿਸ ਨੇ ਚੇਤਾਵਨੀ ਦਿੱਤੀ ਸੀ ਕਿ ਉਨ੍ਹਾਂ ਵਿਰੁੱਧ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇਗਾ ਅਤੇ ਉਸ ਦੀ ਕਾਰ ਵੀ ਜ਼ਬਤ ਕਰ ਲਈ ਗਈ ਸੀ, ਜਿਸ ਵਿੱਚ ਕਥਿਤ ਤੌਰ ’ਤੇ ਨਸ਼ੀਲਾ ਸਮਾਨ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਸੀ।

ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਮਾਮਲੇ ਨੂੰ ਸੁਲਝਾਉਣ ਲਈ ਸ਼ਿਕਾਇਤਕਰਤਾ ਨੇ ਐਸ.ਐਚ.ਓ. ਦੇ ਜਾਣਕਾਰ ਲਲਿਤ ਅਰੋੜਾ ਨਾਲ ਸੰਪਰਕ ਕੀਤਾ। ਅਰੋੜਾ ਨੇ ਕਥਿਤ ਤੌਰ ’ਤੇ ਐਸ.ਐਚ.ਓ. ਵੱਲੋਂ ਮਾਮਲਾ ਦਰਜ ਨਾ ਕਰਨ ਦੇ ਬਦਲੇ 25 ਲੱਖ ਰੁਪਏ ਦੀ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਵੱਲੋਂ ਤੁਰੰਤ ਪੂਰੀ ਰਕਮ ਦੇਣ ਵਿੱਚ ਅਸਮਰੱਥਾ ਜ਼ਾਹਰ ਕਰਨ ’ਤੇ, ਉਸ ਨੇ 5 ਲੱਖ ਰੁਪਏ ਪਹਿਲੀ ਕਿਸ਼ਤ ਵਜੋਂ ਦੇਣ ਦੀ ਪੇਸ਼ਕਸ਼ ਕੀਤੀ, ਜਿਸ ਨਾਲ ਅਰੋੜਾ ਸਹਿਮਤ ਹੋ ਗਿਆ।

ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਲਲਿਤ ਅਰੋੜਾ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸੰਬੰਧਤ ਧਾਰਾਵਾਂ ਹੇਠ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

By Gurpreet Singh

Leave a Reply

Your email address will not be published. Required fields are marked *