ਅੰਮ੍ਰਿਤਸਰ, ਨੈਸ਼ਨਲ ਟਾਈਮਜ਼ ਬਿਊਰੋ :- ਨਿੱਜੀ ਸਕੂਲਾਂ ਵੱਲੋਂ ਚੱਲ ਰਹੀ ਮਨਮਾਨੀ, ਜ਼ਬਰਦਸਤੀ ਫੀਸਾਂ ਦੀ ਵਸੂਲੀ ਅਤੇ ਵਿਦਿਆਰਥੀਆਂ ਤੇ ਮਾਪਿਆਂ ਨਾਲ ਧੱਕੇਸ਼ਾਹੀ ਦੇ ਵਿਰੁੱਧ ਲੰਮੇ ਸਮੇਂ ਤੋਂ ਮਿਲ ਰਹੀਆਂ ਲਿਖਤੀ ਸ਼ਿਕਾਇਤਾਂ ਦੇ ਬਾਵਜੂਦ ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ਕੋਈ ਢੁੱਕਵੀਂ ਜਾਂ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾ ਰਹੀ।
ਹਿੰਦੂ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਵਿਕਾਸ ਬੇਰੀ ਅਤੇ ਹਿੰਦੂ ਮਹਾਸਭਾ ਮੂਵਮੈਂਟ ਇੰਟਰਨੈਸ਼ਨਲ ਦੇ ਮਹਾਸਚਿਵ ਰਾਜਵਿੰਦਰ ਰਾਜਾ ਵਲੋਂ ਜ਼ਿਲ੍ਹਾ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਗਾਏ ਗਏ ਹਨ ਕਿ ਸਿੱਖਿਆ ਅਧਿਕਾਰੀ ਸਾਰੀਆਂ ਸ਼ਿਕਾਇਤਾਂ ਨੂੰ ਰੱਦੀ ਦੀ ਟੋਕਰੀ ਦੀ ਭਾਂਤ ਹੀ ਅਣਦੇਖਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਕਈ ਨਿੱਜੀ ਸਕੂਲਾਂ ਦੇ ਸੰਬੰਧ ਸਿੱਧੇ ਤੌਰ ‘ਤੇ ਰਾਜਨੀਤਿਕ ਧਿਰਾਂ ਨਾਲ ਹਨ ਜਾਂ ਉਨ੍ਹਾਂ ਦੀ ਪ੍ਰਬੰਧਕ ਕਮੇਟੀਆਂ ਵਿੱਚ ਪ੍ਰਭਾਵਸ਼ਾਲੀ ਨੇਤਾ ਸ਼ਾਮਿਲ ਹਨ।
ਓਹਨਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਕੁਝ ਸਕੂਲ ਅਜਿਹੇ ਹਨ, ਜਿਥੇ ਉੱਚ ਅਹੁਦਿਆਂ ‘ਤੇ ਬੈਠੇ ਪ੍ਰਸ਼ਾਸਕੀ ਅਧਿਕਾਰੀਆਂ ਦੇ ਨਜ਼ਦੀਕੀ ਰਿਸ਼ਤੇਦਾਰ ਪ੍ਰਬੰਧਕ ਭੂਮਿਕਾਵਾਂ ਵਿੱਚ ਹਨ, ਜਿਸ ਕਾਰਨ ਅਧਿਕਾਰੀਆਂ ਵਲੋਂ ਇਨਸਾਫ਼ ਦੇ ਮਾਮਲੇ ਵਿੱਚ ਪੱਖਪਾਤ ਕੀਤਾ ਜਾ ਰਿਹਾ ਹੈ। ਵਿਕਾਸ ਬੈਰੀ ਨੇ ਸਾਵਧਾਨ ਕਰਦਿਆਂ ਆਖਿਆ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿੱਜੀ ਸਕੂਲਾਂ ਦੀ ਧੱਕੇਸ਼ਾਹੀ ਖ਼ਿਲਾਫ਼ ਤੁਰੰਤ ਤੇ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਹਿੰਦੂ ਸਟੂਡੈਂਟਸ ਫੈਡਰੇਸ਼ਨ ਜ਼ੋਰਦਾਰ ਆੰਦੋਲਨ ਸ਼ੁਰੂ ਕਰੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਸਿੱਧੇ ਤੌਰ ‘ਤੇ ਪ੍ਰਸ਼ਾਸਨ ਤੇ ਹੋਏਗੀ।