ਨੈਸ਼ਨਲ ਟਾਈਮਜ਼ ਬਿਊਰੋ :- ਦੋ ਦਿਨ ਪਹਿਲਾਂ ਫਿਰੋਜ਼ਪੁਰ ਜ਼ਿਲ੍ਹੇ ਵਿੱਚ, ਸਥਾਨਕ ਆਰਐਸਐਸ ਮੈਂਬਰ ਨਵੀਨ ਅਰੋੜਾ ਦੀ ਦੇਰ ਸ਼ਾਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਅੱਜ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਮ੍ਰਿਤਕ ਦੇ ਘਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਗਏ।
ਉਨ੍ਹਾਂ ਨੇ ਮ੍ਰਿਤਕ ਦੀ ਪਤਨੀ ਅਤੇ ਦੋ ਬੱਚਿਆਂ ਨਾਲ ਵੀ ਮੁਲਾਕਾਤ ਕੀਤੀ। ਮ੍ਰਿਤਕ ਦੀ ਪਤਨੀ ਨੇ ਰੋਂਦੇ ਹੋਏ ਕਿਹਾ, “ਅਸੀਂ ਇਨਸਾਫ ਚਾਹੁੰਦੇ ਹਾਂ।” ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ‘ਤੇ ਵਰ੍ਹਦਿਆਂ ਮੰਗ ਕੀਤੀ ਕਿ ਕਾਤਲਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ। ਪੰਜਾਬ ਸਰਕਾਰ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਗੈਂਗਸਟਰ ਪੰਜਾਬ ਨੂੰ ਚਲਾ ਰਹੇ ਹਨ ਅਤੇ ਕੁਝ ਤਾਕਤਾਂ ਲੋਕਾਂ ਵਿੱਚ ਭਾਈਚਾਰਕ ਸਾਂਝ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।
ਉਨ੍ਹਾਂ ਮ੍ਰਿਤਕ ਦੇ ਪਰਿਵਾਰ ਦੇ ਇੱਕ ਮੈਂਬਰ ਲਈ ਸਰਕਾਰੀ ਨੌਕਰੀ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੂਰਾ ਪਰਿਵਾਰ ਹਮੇਸ਼ਾ ਦੇਸ਼ ਲਈ ਕੰਮ ਕਰਦਾ ਰਿਹਾ ਹੈ ਅਤੇ ਪੰਜਾਬ ਪੁਲਿਸ ਨੂੰ ਹਮਲਾਵਰਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਅਪੀਲ ਕੀਤੀ।
ਕਾਬਿਲੇਗੌਰ ਹੈ ਕਿ ਨਵੀਨ ਅਰੋੜਾ ਨੂੰ ਸ਼ਨਿੱਚਰਵਾਰ ਸ਼ਾਮ ਨੂੰ ਗੋਲੀ ਮਾਰ ਦਿੱਤੀ ਗਈ ਜਦੋਂ ਉਹ ਆਪਣੀ ਦੁਕਾਨ ਤੋਂ ਘਰ ਵਾਪਸ ਆ ਰਿਹਾ ਸੀ। ਮ੍ਰਿਤਕ ਦੇ ਪਿਤਾ ਬਲਦੇਵ ਅਰੋੜਾ ਨੇ ਦੱਸਿਆ ਕਿ ਉਹ ਆਪਣੀ ਦੁਕਾਨ ‘ਤੇ ਬੈਠੇ ਸਨ ਜਦੋਂ ਉਨ੍ਹਾਂ ਦਾ ਪੁੱਤਰ ਆਪਣੇ ਬੱਚਿਆਂ ਨੂੰ ਪਾਰਕ ਲੈ ਜਾਣ ਲਈ ਨਿਕਲਿਆ ਸੀ ਤੇ 15 ਕੁ ਮਿੰਟ ਬਾਅਦ ਉਨ੍ਹਾਂ ਨੂੰ ਖ਼ਬਰ ਮਿਲੀ ਕਿ ਉਸਦੀ ਰਸਤੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।
ਪੁਲਿਸ ਮੁਤਾਬਕ ਇਹ ਹਮਲਾ ਬਾਬਾ ਨੂਰ ਸ਼ਾਹ ਵਾਲੀ ਦਰਗਾਹ ਨੇੜੇ ਹੋਇਆ, ਜਿੱਥੇ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾਈਆਂ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਪੁਲਿਸ ਇਸ ਘਟਨਾ ਦੀ ਟਾਰਗੇਟ ਹੱਤਿਆ ਵਜੋਂ ਜਾਂਚ ਕਰ ਰਹੀ ਹੈ।
