ਜਲੰਧਰ ਵਾਸੀ ਦੇਣ ਧਿਆਨ, ਗੈਸ ਸਿਲੰਡਰਾਂ ਨੂੰ ਲੈ ਕੇ DC ਹਿਮਾਂਸ਼ੂ ਵੱਲੋਂ ਨਵੇਂ ਹੁਕਮ ਜਾਰੀ

ਗੁਰਪ੍ਰੀਤ ਸਿੰਘ :- ਪਿਛਲੇ ਕੁਝ ਦਿਨਾਂ ਤੋਂ ਗੈਸ ਸਿਲੰਡਰਾਂ ਦੀ ਉਪਲੱਬਧਤਾ ਨੂੰ ਲੈ ਕੇ ਵੀ ਲੋਕਾਂ ’ਚ ਚਿੰਤਾ ਵੇਖੀ ਜਾ ਰਹੀ ਹੈ। ਇਸੇ ਕਾਰਨ ਕਈ ਥਾਵਾਂ ’ਤੇ ਲੋੜ ਤੋਂ ਵੱਧ ਬੁਕਿੰਗ ਅਤੇ ਵੱਧ ਖ਼ਰੀਦਣ ਦਾ ਰੁਝਾਨ ਸਾਹਮਣੇ ਆਇਆ ਹੈ, ਜਿਸ ਨਾਲ ਕਈ ਇਲਾਕਿਆਂ ਵਿਚ ਆਰਜ਼ੀ ਕਮੀ ਦੀ ਸਥਿਤੀ ਬਣੀ ਹੈ। ਪ੍ਰਸ਼ਾਸਨ ਅਨੁਸਾਰ ਇਸ ਸਥਿਤੀ ਦਾ ਫਾਇਦਾ ਚੁੱਕ ਕੇ ਕੁਝ ਲੋਕ ਕਾਲਾਬਾਜ਼ਾਰੀ ਜਾਂ ਗੈਰ-ਕਾਨੂੰਨੀ ਜਮ੍ਹਾਖੋਰੀ ਦੀ ਕੋਸ਼ਿਸ਼ ਵੀ ਕਰ ਸਕਦੇ ਹਨ।

ਹਾਲਾਤ ਨੂੰ ਵੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਪਹਿਲਾਂ ਹੀ ਗੈਸ ਏਜੰਸੀਆਂ ਅਤੇ ਗੋਦਾਮਾਂ ਦੀ ਲਗਾਤਾਰ ਚੈਕਿੰਗ ਕਰਵਾ ਰਿਹਾ ਹੈ, ਤਾਂ ਜੋ ਸਪਲਾਈ ਵਿਵਸਥਾ ਸੁਚਾਰੂ ਬਣੀ ਰਹੇ ਅਤੇ ਕਿਸੇ ਤਰ੍ਹਾਂ ਦੀ ਗੜਬੜ ਸਾਹਮਣੇ ਨਾ ਆਵੇ। ਇਸ ਦੇ ਨਾਲ ਹੀ ਪ੍ਰਸ਼ਾਸਨ ਲੋਕਾਂ ਨੂੰ ਅਪੀਲ ਕਰ ਰਿਹਾ ਹੈ ਕਿ ਉਹ ਘਬਰਾਹਟ ਵਿਚ ਆ ਕੇ ਸਿਲੰਡਰਾਂ ਦੀ ਬੇਲੋੜੀ ਖਰੀਦ ਨਾ ਕਰਨ ਅਤੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ’ਤੇ ਭਰੋਸਾ ਨਾ ਕਰਨ।

ਇਸੇ ਕੜੀ ਤਹਿਤ ਹੁਣ ਪ੍ਰਸ਼ਾਸਨ ਨੇ ਲੋਕਾਂ ਦੀ ਹਿੱਸੇਦਾਰੀ ਯਕੀਨੀ ਬਣਾਉਂਦੇ ਹੋਏ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ’ਤੇ ਨਜ਼ਰ ਰੱਖਣ ਲਈ ਇਕ ਵ੍ਹਟਸਐਪ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ, ਤਾਂ ਜੋ ਕੋਈ ਵੀ ਵਿਅਕਤੀ ਸ਼ੱਕੀ ਸਰਗਰਮੀ ਦੀ ਜਾਣਕਾਰੀ ਤੁਰੰਤ ਪ੍ਰਸ਼ਾਸਨ ਤੱਕ ਪਹੁੰਚਾ ਸਕੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੌਜੂਦਾ ਹਾਲਾਤ ਨੂੰ ਵੇਖਦੇ ਹੋਏ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਰੋਕਣ ਲਈ ਜਿੱਥੇ ਉੱਚ ਅਧਿਕਾਰੀਆਂ ਦੀ ਕਮੇਟੀ ਬਣਾਈ ਗਈ ਹੈ ਅਤੇ ਵੱਡੇ ਪੱਧਰ ’ਤੇ ਟੀਮਾਂ ਵਲੋਂ ਗੈਸ ਏਜੰਸੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਉਥੇ ਹੀ ਹੁਣ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵ੍ਹਟਸਐਪ ਹੈਲਪਲਾਈਨ ਨੰ. 9646-222-555 ਜਾਰੀ ਕੀਤਾ ਗਿਆ ਹੈ ਤਾਂ ਜੋ ਗੈਸ ਸਿਲੰਡਰਾਂ ਦੀ ਸੁਚਾਰੂ ਸਪਲਾਈ ਯਕੀਨੀ ਬਣਾਉਣ ਦੇ ਨਾਲ-ਨਾਲ ਕਾਲਾਬਾਜ਼ਾਰੀ ’ਤੇ ਨਿਗਰਾਨੀ ਰੱਖੀ ਜਾ ਸਕੇ। ਇਸ ਹੈਲਪਲਾਈਨ ਨੰਬਰ ’ਤੇ ਆਮ ਲੋਕ ਜੇਕਰ ਕਿਤੇ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਦਾ ਮਾਮਲਾ ਦੇਖਦੇ ਹਨ ਤਾਂ ਵ੍ਹਟਸਐਪ ਮੈਸੇਜ ਰਾਹੀਂ ਇਸ ਦੀ ਜਾਣਕਾਰੀ ਸਾਂਝੀ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਮਕਸਦ ਲਈ ਜ਼ਰੂਰੀ ਸਟਾਫ਼ ਤਾਇਨਾਤ ਕੀਤਾ ਜਾ ਰਿਹਾ ਹੈ, ਜੋ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਅਤੇ ਸੂਚਨਾਵਾਂ ਨੂੰ ਤੁਰੰਤ ਕਾਰਵਾਈ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਅਗਵਾਈ ਵਿਚ ਬਣਾਈ ਕਮੇਟੀ ਤੱਕ ਪਹੁੰਚਾਏਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਤੇ ਵੀ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਦੀ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਹੈਲਪਲਾਈਨ ਨੰਬਰ ਰਾਹੀਂ ਸੂਚਿਤ ਕੀਤਾ ਜਾਵੇ, ਤਾਂ ਜੋ ਪ੍ਰਸ਼ਾਸਨ ਵਲੋਂ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।

By Gurpreet Singh

Leave a Reply

Your email address will not be published. Required fields are marked *