ਨੈਸ਼ਨਲ ਟਾਈਮਜ਼ ਬਿਊਰੋ :- ਕਰੀਬ ਇਕ ਮਹੀਨੇ ਪਹਿਲਾਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਨਿਯੁਕਤ ਕੀਤੇ ਗਏ ਬਾਬਾ ਟੇਕ ਸਿੰਘ ਧਨੌਲਾ ਦੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਚਾਨਕ ਤਾਜਪੋਸ਼ੀ ਕਰ ਦਿੱਤੀ ਗਈ।
ਇਹ ਸਮਾਰੋਹ ਕਿਸੇ ਪਹਿਲਾਂ ਤੋਂ ਨਿਰਧਾਰਤ ਯੋਜਨਾ ਦਾ ਹਿੱਸਾ ਨਹੀਂ ਸੀ, ਜਿਸ ਕਾਰਨ ਇਸ ਦੀ ਅਚਾਨਕਤਾ ਨੇ ਸਾਰੇ ਧਿਆਨ ਆਪਣੀ ਓਰ ਖਿੱਚ ਲਿਆ।ਸਿੰਘ ਸਾਹਿਬ ਬਾਬਾ ਟੇਕ ਸਿੰਘ ਨੂੰ ਇਜ਼ਤ-ਸਨਮਾਨ ਦੇ ਤੌਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਗ੍ਰੰਥੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰੇ ਅਤੇ ਕਈ ਹੋਰ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸਿਰੋਪਾਓ ਅਤੇ ਦਸਤਾਰ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ‘ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਗੁਰਪ੍ਰੀਤ ਸਿੰਘ ਝੱਬਰ ਨੇ ਵੀ ਆਪਣੀ ਹਾਜ਼ਰੀ ਭਰੀ ਅਤੇ ਦਸਤਾਰ ਭੇਟ ਕੀਤੀ।