ਲੁਧਿਆਣਾ ਵਿੱਚ ਸਵੇਰ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਦਾ ਐਲਾਨ

ਗੁਰਪ੍ਰੀਤ ਸਿੰਘ :- ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਵਿੱਚ ਬੀਤੀ ਸ਼ਾਮ ਡਾ. ਬੀ.ਆਰ. ਅੰਬੇਦਕਰ ਦੇ ਬੁੱਤ ਨਾਲ ਹੋਈ ਬੇਅਦਬੀ ਦੇ ਮਾਮਲੇ ਵਿੱਚ ਅੱਜ ਦਲਿਤ ਸਮਾਜ ਦੇ ਭਾਈਚਾਰੇ ਨੇ ਲੁਧਿਆਣਾ ਬੰਦ ਦਾ ਐਲਾਨ ਕੀਤਾ ਹੈ। ਸ਼ਹਿਰ ਵਿੱਚ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਜ਼ਾਰ ਬੰਦ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ।

ਵੱਖ-ਵੱਖ ਜਥੇਬੰਦੀਆਂ ਦੇ ਮੈਂਬਰਾਂ ਦਾ ਦੋਸ਼ ਹੈ ਕਿ ਇਸ ਥਾਂ ’ਤੇ ਪਹਿਲਾਂ ਵੀ ਬੇਅਦਬੀ ਹੋਈ ਸੀ, ਉਸ ਮਾਮਲੇ ਵਿੱਚ ਹਾਲੇ ਤੱਕ ਕੁਝ ਨਹੀਂ ਹੋਇਆ। ਹੁਣ ਦੁਬਾਰਾ ਬੇਅਦਬੀ ਕੀਤੀ ਗਈ ਹੈ ਜਿਸ ਨੂੰ ਸਮਾਜ ਬਰਦਾਸ਼ਤ ਨਹੀਂ ਕਰੇਗਾ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਸ਼ਹਿਰ ਦੇ ਜਲੰਧਰ ਬਾਈਪਾਸ ਚੌਂਕ ਵਿੱਚ ਸਥਾਪਤ ਭਾਰਤ ਰਤਨ ਡਾ. ਬੀ.ਆਰ. ਅੰਬੇਦਕਰ ਦੇ ਬੁੱਤ ਨਾਲ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ।

ਉੱਥੇ ਮੌਜੂਦ ਇੱਕ ਵਿਅਕਤੀ ਨੇ ਜਦੋਂ ਇਹ ਦੇਖਿਆ ਤਾਂ ਉਸ ਨੇ ਤੁਰੰਤ ਵੱਖ-ਵੱਖ ਸੰਸਥਾਵਾਂ ਨੂੰ ਇਸ ਦੀ ਸੂਚਨਾ ਦਿੱਤੀ, ਜਿਸ ਤੋਂ ਬਾਅਦ ਦੇਖਦਿਆਂ ਹੀ ਦੇਖਦਿਆਂ ਵੱਡੀ ਗਿਣਤੀ ਲੋਕ ਮੌਕੇ ’ਤੇ ਇਕੱਠੇ ਹੋ ਗਏ। ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਨਾਲ ਹੋਈ ਬੇਅਦਬੀ ਦੀ ਖ਼ਬਰ ਮਿਲਦਿਆਂ ਹੀ ਪੁਲੀਸ ਦੇ ਉੱਚ ਅਧਿਕਾਰੀ ਅਤੇ ਥਾਣਾ ਸਲੇਮ ਟਾਬਰੀ ਦੀ ਪੁਲੀਸ ਟੀਮ ਮੌਕੇ ’ਤੇ ਪਹੁੰਚ ਗਈ। ਪੁਲੀਸ ਨੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਘਾਲਣੀ ਸ਼ੁਰੂ ਕਰ ਦਿੱਤੀ ਹੈ।

ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਵੀ ਕਿਸੇ ਵਿਅਕਤੀ ਵੱਲੋਂ ਡਾ. ਅੰਬੇਦਕਰ ਦੇ ਬੁੱਤ ਨਾਲ ਬੇਅਦਬੀ ਕੀਤੀ ਗਈ ਸੀ ਅਤੇ ਉਸ ਸਮੇਂ ਵੀ ਪ੍ਰਸ਼ਾਸਨ ਵੱਲੋਂ ਸਿਰਫ਼ ਭਰੋਸਾ ਹੀ ਦਿੱਤਾ ਗਿਆ ਸੀ। ਬੀਤੇ ਦਿਨ ਮੌਕੇ ’ਤੇ ਪਹੁੰਚੀਆਂ ਸੰਸਥਾਵਾਂ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਜਲੰਧਰ ਬਾਈਪਾਸ ਚੌਂਕ ’ਚ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਸੀ।

ਵਕੀਲ ਨਰਿੰਦਰ ਆਦੀਆ ਨੇ ਦੱਸਿਆ ਕਿ ਉਨ੍ਹਾਂ ਦਾ ਇੱਕ ਸਾਥੀ ਜਦੋਂ ਉੱਥੋਂ ਲੰਘ ਰਿਹਾ ਸੀ ਤਾਂ ਬੇਅਦਬੀ ਕੀਤੀ ਗਈ ਹੈ। ਉਸ ਨੇ ਤੁਰੰਤ ਇਸ ਦੀ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਉਹ ਆਪਣੇ ਸਾਥੀਆਂ ਸਣੇ ਮੌਕੇ ’ਤੇ ਪਹੁੰਚੇ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਹੋਈ ਘਟਨਾ ਵੇਲੇ ਪੁਲੀਸ ਨੇ ਵਾਅਦਾ ਕੀਤਾ ਸੀ ਕਿ ਬਾਬਾ ਸਾਹਿਬ ਦੇ ਬੁੱਤ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਕੀਤਾ ਜਾਵੇਗਾ ਅਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ, ਪਰ ਕਾਰਵਾਈ ਦੇ ਨਾਂ ’ਤੇ ਸਿਰਫ਼ ਕਾਗਜ਼ੀ ਗੱਲਾਂ ਹੀ ਹੋਈਆਂ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਮੁਲਜ਼ਮ ਦਾ ਪਤਾ ਨਹੀਂ ਲੱਗਦਾ ਅਤੇ ਸਖ਼ਤ ਕਾਰਵਾਈ ਨਹੀਂ ਹੁੰਦੀ, ਉਹ ਧਰਨੇ ਤੋਂ ਨਹੀਂ ਉੱਠਣਗੇ।

By Gurpreet Singh

Leave a Reply

Your email address will not be published. Required fields are marked *