ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਤੇ ਹਰਿਆਣਾ ਦਰਮਿਆਨ ਪਾਣੀਆਂ ਦਾ ਮੁੱਦਾ ਬਹੁਤ ਭਖਿਆ ਹੋਇਆ ਹੈ। ਇਸ ਦੌਰਾਨ ਜਿਥੇ ਹਰਿਆਣਾ ਲਗਾਤਾਰ ਪਾਣੀ ਦੀ ਮੰਗ ਕਰ ਰਿਹਾ ਹੈ ਤੇ ਸੁਪਰੀਮ ਕੋਰਟ ਤਕ ਪਹੁੰਚ ਕਰਨ ਦੀ ਗੱਲ ਕੀਤੀ ਜਾ ਰਹੀ ਹੈ ਉਥੇ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਉਸ ਨੇ ਹਰਿਆਣਾ ਨੂੰ ਉਸ ਦੇ ਹਿੱਸੇ ਦਾ ਪਾਣੀ ਦੇ ਦਿੱਤਾ ਹੈ। ਇਸੇ ਵਿਚਾਲੇ ਹੁਣ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬੀਬੀਐੱਮਬੀ ਨੇ ਇਸ ਮੁੱਦੇ ਸਬੰਧੀ ਹੁਣ ਐਮਰਜੈਂਸੀ ਮੀਟਿੰਗ ਸੱਦ ਲਈ ਹੈ।
ਮਿਲੀ ਜਾਣਕਾਰੀ ਮੁਤਾਬਕ ਬੀਬੀਐੱਮਬੀ ਨੇ ਪੰਜਾਬ ਤੇ ਹਰਿਆਣਾ ਵਿਚਾਲੇ ਚੱਲ ਰਹੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਅੱਜ ਐਮਰਜੈਂਸੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਚੰਡੀਗੜ੍ਹ ਦੇ 19 ਸੈਕਟਰ ਵਿਚ ਕੀਤੀ ਜਾਵੇਗੀ। ਇਸੇ ਥਾਂ ਬੀਬੀਐੱਮਬੀ ਦੇ ਅਧਿਕਾਰੀ ਇਕੱਠੇ ਹੋਣਗੇ। ਮਿਲੀ ਜਾਣਕਾਰੀ ਮੁਤਾਬਕ ਇਹ ਮੀਟਿੰਗ ਭਲਕੇ ਪੰਜ ਵਜੇ ਹੋਣ ਦੀ ਆਸ ਹੈ।
ਦੱਸ ਦਈਏ ਕਿ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫ਼ੈਸਲੇ ਦੇ ਮੱਦੇਨਜ਼ਰ 5 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਲਿਆ ਹੈ। ਵਿਸ਼ੇਸ਼ ਇਜਲਾਸ ਦੌਰਾਨ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ, ਹਰਿਆਣਾ ਸਰਕਾਰ ਅਤੇ ਬੀਬੀਐੱਮਬੀ ਦੇ ਫ਼ੈਸਲੇ ਖ਼ਿਲਾਫ਼ ਮਤਾ ਲਿਆਉਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਅਤੇ ਵਜ਼ੀਰਾਂ ਦੀ ਪਾਣੀਆਂ ਦੇ ਮੁੱਦੇ ’ਤੇ ਸੱਦੀ ਮੀਟਿੰਗ ਵਿਚ ਇਸ ਫ਼ੈਸਲੇ ਬਾਰੇ ਦੱਸਿਆ ਅਤੇ ਕਿਹਾ ਕਿ ਵਿਧਾਨ ਸਭਾ ਇਜਲਾਸ ਦੌਰਾਨ ਪੰਜਾਬ ਦੇ ਜਲ ਸਰੋਤਾਂ ਦੀ ਰੱਖਿਆ ਲਈ ਠੋਸ ਕਦਮ ਚੁੱਕੇ ਜਾਣ ਬਾਰੇ ਚਰਚਾ ਹੋਵੇਗੀ।