ਗੁਰਪ੍ਰੀਤ ਸਿੰਘ :- ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ ਅਤੇ ਆਮ ਜਨਤਾ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੀ ਹੈ।
ਰੰਧਾਵਾ ਨੇ ਟਵੀਟ ਕਰਦਿਆਂ ਕਿਹਾ ਕਿ ਸੂਬੇ ਵਿਚ ਚਿੱਟਾ ਸ਼ਰੇਆਮ ਵਿਕ ਰਿਹਾ ਹੈ। ਸਰਕਾਰ ਦੀ ਸ਼ਹਿ ’ਤੇ ਪਿਛਲੇ 4 ਸਾਲਾਂ ਵਿਚ ਨਸ਼ਾ ਗ੍ਰਾਮਾਂ ਤੋਂ ਕਿੱਲੋਆਂ ਤੱਕ ਪਹੁੰਚ ਗਿਆ ਹੈ। ਸਰਪੰਚਾਂ ਕੋਲੋਂ ਹੁਣ ਨਸ਼ੀਲੇ ਪਦਾਰਥ ਬਰਾਮਦ ਹੋ ਰਹੇ ਹਨ ਕਿਉਂਕਿ ਸਰਕਾਰ ਸਰਪੰਚਾਂ ਤੋਂ ਲੋਕਾਂ ਦੇ ਨਹੀਂ ਬਲਕਿ ਨਸ਼ਾ ਵੇਚਣ ਦੇ ਕੰਮ ਕਰਵਾ ਰਹੀ ਹੈ। ਇਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਸਰਕਾਰ ਦਾ ਸਿਸਟਮ ਪੂਰੀ ਤਰ੍ਹਾਂ ਫੇਲ ਹੋ ਚੁੱਕਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਕੋਲ ਇਨ੍ਹਾਂ ਸਮੱਗਲਰਾਂ ਅਤੇ ਅਪਰਾਧੀਆਂ ਨੂੰ ਰੋਕਣ ਲਈ ਕੋਈ ਠੋਸ ਰਣਨੀਤੀ ਨਹੀਂ ਹੈ। ਰੰਧਾਵਾ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਹੀ ਹਾਲਾਤ ਸੁਧਾਰਨ ਲਈ ਸਖ਼ਤ ਕਦਮ ਨਾ ਚੁੱਕੇ, ਤਾਂ ਆਉਣ ਵਾਲੇ ਸਮੇਂ ਵਿਚ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ।
