ਚੰਡੀਗੜ੍ਹ (ਗੁਰਪ੍ਰੀਤ ਸਿੰਘ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਗਾ ਦੇ ਪਿੰਡ ਕਿੱਲੀ ਚਾਹਲਾਂ ਵਿੱਚ ਹੋਣ ਵਾਲੀ ਆਮ ਆਦਮੀ ਪਾਰਟੀ ਦੀ ਮੈਗਾ ਰੈਲੀ ਵਿੱਚ ਸ਼ਾਮਲ ਹੋਣਗੇ। ਉਹ ਇਸ ਤੋਂ ਪਹਿਲਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਸਨ।
ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿਸ ਕਾਰਨ ਪਹਿਲਾਂ ਉਨ੍ਹਾਂ ਦੇ ਰੈਲੀ ਵਿੱਚ ਪਹੁੰਚਣ ਬਾਰੇ ਸ਼ੰਕਾ ਜਤਾਈ ਜਾ ਰਹੀ ਸੀ। ਸਵੇਰ ਤੱਕ ਇਹ ਖ਼ਬਰਾਂ ਸਨ ਕਿ ਰੈਲੀ ਦੀ ਕਮਾਨ ਅਰਵਿੰਦ ਕੇਜਰੀਵਾਲ ਅਤੇ ਹਰਪਾਲ ਚੀਮਾ ਸੰਭਾਲਣਗੇ ਪਰ ਹੁਣ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਮੁੱਖ ਮੰਤਰੀ ਨੇ ਖੁਦ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਸਪਸ਼ਟ ਕਰ ਦਿੱਤਾ ਹੈ ਕਿ ਉਹ ਅੱਜ ਲੋਕਾਂ ਦੀ ਕਚਹਿਰੀ ਵਿਚ ਪੇਸ਼ ਹੋਣਗੇ।
ਇਸ ਰੈਲੀ ਨੂੰ ਸੂਬੇ ਵਿੱਚ ਚੱਲ ਰਹੀ ‘ਨਸ਼ਿਆਂ ਵਿਰੁੱਧ ਜੰਗ’ (War against Drugs) ਦੇ ਪ੍ਰਚਾਰ ਵਜੋਂ ਦੇਖਿਆ ਜਾ ਰਿਹਾ ਹੈ। ਪਾਰਟੀ ਨੂੰ ਉਮੀਦ ਹੈ ਕਿ ਅੱਜ 50,000 ਤੋਂ ਵੱਧ ਲੋਕ ਰੈਲੀ ਵਿੱਚ ਜੁਟਣਗੇ। ਇਸ ਰੈਲੀ ਨੂੰ ਸਫਲ ਬਣਾਉਣ ਲਈ ਸਾਰੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੇ ਪੂਰੀ ਵਾਹ ਲਾਈ ਹੋਈ ਹੈ।
ਰੈਲੀ ਦੀ ਸਮਾਪਤੀ ਤੋਂ ਬਾਅਦ ਉੱਥੇ ਹੀ ਪਾਰਟੀ ਦੇ ਵਿਧਾਇਕਾਂ ਅਤੇ ਆਗੂਆਂ ਦੀ ਇੱਕ ਅਹਿਮ ਮੀਟਿੰਗ ਵੀ ਸੱਦੀ ਗਈ ਹੈ। ਇਸ ਮੀਟਿੰਗ ਨੂੰ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਸੰਬੋਧਨ ਕਰਨਗੇ, ਜਿਸ ਵਿੱਚ ਆਉਣ ਵਾਲੀਆਂ ਸਿਆਸੀ ਚੁਣੌਤੀਆਂ ਅਤੇ ਸਰਕਾਰੀ ਕੰਮਕਾਜ ਦੀ ਰਣਨੀਤੀ ’ਤੇ ਚਰਚਾ ਕੀਤੀ ਜਾਵੇਗੀ। ਮੁੱਖ ਮੰਤਰੀ ਦੇ ਅਚਾਨਕ ਹਸਪਤਾਲ ਤੋਂ ਸਿੱਧਾ ਰੈਲੀ ਵਿੱਚ ਪਹੁੰਚਣ ਦੇ ਫੈਸਲੇ ਨੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰ ਦਿੱਤਾ ਹੈ।
ਦੱਸਣਾ ਬਣਦਾ ਹੈ ਕਿ ਐਤਵਾਰ ਨੂੰ ਸੰਗਰੂਰ ਵਿੱਚ ਸ਼ਿਵਰਾਤਰੀ ਦੇ ਪ੍ਰੋਗਰਾਮਾਂ ਦੌਰਾਨ ਉਨ੍ਹਾਂ ਦੀ ਤਬੀਅਤ ਅਚਾਨਕ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਮੁਹਾਲੀ ਲਿਆਂਦਾ ਗਿਆ। ਡਾਕਟਰਾਂ ਅਨੁਸਾਰ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਵਧ ਗਿਆ ਸੀ ਅਤੇ ਉਹ ਥਕਾਵਟ ਮਹਿਸੂਸ ਕਰ ਰਹੇ ਸਨ।
ਪਹਿਲਾ ਚਰਚਾ ਸੀ ਕਿ ਮੁੱਖ ਮੰਤਰੀ ਦੀ ਗੈਰ-ਮੌਜੂਦਗੀ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਇਸ ਰੈਲੀ ਦੀ ਅਗਵਾਈ ਕਰਨਗੇ। ਇਸ ਰੈਲੀ ਵਿੱਚ 50,000 ਤੋਂ ਵੱਧ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਇਹ ਰੈਲੀ ਨਸ਼ਿਆਂ ਵਿਰੁੱਧ ਯੁੱਧ (War against Drugs) ਮੁਹਿੰਮ ਤਹਿਤ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦੱਸਣ ਲਈ ਰੱਖੀ ਗਈ ਹੈ। ਰੈਲੀ ਤੋਂ ਬਾਅਦ ਮਨੀਸ਼ ਸਿਸੋਦੀਆ ਦੀ ਮੌਜੂਦਗੀ ਵਿੱਚ ਪਾਰਟੀ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੀ ਇੱਕ ਅਹਿਮ ਮੀਟਿੰਗ ਵੀ ਹੋਵੇਗੀ।
ਇਸ ਦੌਰਾਨ ਪੰਜਾਬ ਦੀ ਸਿਆਸਤ ਵਿੱਚ ਵੱਡੀਆਂ ਤਬਦੀਲੀਆਂ ਦੀਆਂ ਚਰਚਾਵਾਂ ਵੀ ਜ਼ੋਰਾਂ ’ਤੇ ਹਨ। ਇਹ ਪਤਾ ਲੱਗਿਆ ਹੈ ਕਿ ਆਮ ਆਦਮੀ ਪਾਰਟੀ ਜਲਦ ਹੀ ਪੰਜਾਬ ਵਿੱਚ ਦੋ ਉਪ-ਮੁੱਖ ਮੰਤਰੀ (Deputy CMs) ਨਿਯੁਕਤ ਕਰ ਸਕਦੀ ਹੈ ਅਤੇ ਮੰਤਰੀ ਮੰਡਲ ਵਿੱਚ ਵੀ ਫੇਰਬਦਲ ਹੋਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਦੀ ਸਿਹਤ ਵਿਗੜਨ ਅਤੇ ਪਾਰਟੀ ਦੇ ਅੰਦਰੂਨੀ ਬਦਲਾਅ ਨੇ ਸੂਬੇ ਦੀ ਸਿਆਸਤ ਵਿੱਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ।
