ਅਕਾਲੀ ਦਲ ਵਿਚ ਉੱਠੀ ਬਗਾਵਤ ਵਿਚਾਲੇ ਵੱਡੀ ਖ਼ਬਰ, ਲਿਆ ਗਿਆ ਨਵਾਂ ਫ਼ੈਸਲਾ

ਚੰਡੀਗੜ੍ਹ – ਜਥੇਦਾਰਾਂ ਨੂੰ ਹਟਾਏ ਜਾਣ ਤੋਂ ਬਾਅਦ ਪੰਜਾਬ ਦੀ ਸਿੱਖ ਸਿਆਸਤ ’ਚ ਭਖੇ ਤੂਫ਼ਾਨ ਨੂੰ ਸ਼੍ਰੋਮਣੀ ਅਕਾਲੀ ਦਲ ਹੁਣ ਸ਼ਾਂਤ ਕਰਨ ਦੇ ਮੂਡ ਵਿਚ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਅਕਾਲੀ ਦਲ ਦੇ ਫ਼ੈਸਲਿਆਂ ਖ਼ਿਲਾਫ਼ ਅਸੰਤੁਸ਼ਟੀ ਜ਼ਾਹਿਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਣ ਤੋਂ ਬਾਅਦ ਹੁਣ ਪਾਰਟੀ ਲੀਡਰਸ਼ਿਪ ਨੇ ਕੁਝ ਨਰਮੀ ਵਰਤਣੀ ਸ਼ੁਰੂ ਕਰ ਦਿੱਤੀ ਹੈ।

ਸ਼ਨੀਵਾਰ ਨੂੰ ਬਿਕਰਮ ਸਿੰਘ ਮਜੀਠੀਆ ਤੇ ਹੋਰਨਾਂ ਆਗੂਆਂ ਵੱਲੋਂ ਕੀਤੀ ਗਈ ਬਿਆਨਬਾਜ਼ੀ ’ਤੇ ਸਖ਼ਤ ਅਨੁਸ਼ਾਸਨੀ ਕਾਰਵਾਈ ਦੀ ਗੱਲ ਕਹਿਣ ਵਾਲੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਹੁਣ ਇਸ ਨੂੰ ਪਾਰਟੀ ਦਾ ਅੰਦਰੂਨੀ ਮਾਮਲਾ ਦੱਸਦੇ ਹੋਏ ਜਲਦੀ ਹੀ ਸਭ ਠੀਕ ਹੋਣ ਦੀ ਗੱਲ ਕਹਿਣ ਲੱਗੇ ਹਨ। ਉਨ੍ਹਾਂ ਕਿਹਾ ਕਿ ਫ਼ਿਲਹਾਲ ਕਿਸੇ ਨੂੰ ਨੋਟਿਸ ਨਹੀਂ ਭੇਜਿਆ ਜਾ ਰਿਹਾ। ਸ਼੍ਰੋਮਣੀ ਅਕਾਲੀ ਦਲ ਦੇ ਇਕ ਆਗੂ ਦਾ ਕਹਿਣਾ ਹੈ ਕਿ ਬਿਕਰਮ ਸਿੰਘ ਮਜੀਠੀਆ ਤੇ ਸੁਖਬੀਰ ਸਿੰਘ ਬਾਦਲ ਦਰਮਿਆਨ ਪਰਿਵਾਰਕ ਰਿਸ਼ਤਾ ਹੋਣ ਕਰਕੇ ਮਾਹੌਲ ਨੂੰ ਸ਼ਾਂਤ ਕਰਨ ਲਈ ਹੁਣ ਅਕਾਲੀ ਦਲ ਨੇ ਨੋਟਿਸ ਜਾਰੀ ਕਰਨ ਦਾ ਐਲਾਨ ਕਰਨ ਤੋਂ ਬਾਅਦ ਆਪਣਾ ਮਨ ਬਦਲ ਲਿਆ ਹੈ।

ਕਈ ਆਗੂਆਂ ਨਾਲ ਮਿਲ ਕੇ ਕੀਤੀ ਸੀ ਬਿਆਨਬਾਜ਼ੀ

ਬਿਕਰਮ ਸਿੰਘ ਮਜੀਠੀਆ ਨੇ 2 ਜਥੇਦਾਰਾਂ ਨੂੰ ਹਟਾਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ ਕੀਤੀ ਸੀ। ਉਨ੍ਹਾਂ ਦਾ ਸਾਥ ਸ਼ਰਨਜੀਤ ਸਿੰਘ ਢਿੱਲੋਂ, ਲਖਬੀਰ ਸਿੰਘ ਲੋਧੀਨੰਗਲ, ਜੋਧ ਸਿੰਘ ਸਮਰਾ, ਸਰਬਜੋਤ ਸਿੰਘ ਸਾਬੀ, ਰਮਨਦੀਪ ਸਿੰਘ ਸੰਧੂ, ਸਿਮਰਨਜੀਤ ਸਿੰਘ ਢਿੱਲੋਂ ਵਰਗੇ ਸੀਨੀਅਰ ਆਗੂਆਂ ਨੇ ਦਿੰਦਿਆਂ ਕਿਹਾ ਸੀ ਕਿ ਕਮੇਟੀ ਦੇ ਇਸ ਫ਼ੈਸਲੇ ਨੇ ਉਨ੍ਹਾਂ ਦੇ ਦਿਲਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਇਸ ਫ਼ੈਸਲੇ ਨੇ ਸਿੱਖ ਪੰਥ ਨੂੰ ਨਿਰਾਸ਼ ਕੀਤਾ ਹੈ ਤੇ ਅਜਿਹਾ ਫ਼ੈਸਲਾ, ਜੋ ਸਮੁੱਚੇ ਸਿੱਖ ਪੰਥ ਨੂੰ ਪ੍ਰਭਾਵਿਤ ਕਰ ਰਿਹਾ ਹੈ, ਨੂੰ ਲੈਣ ਤੋਂ ਪਹਿਲਾਂ ਸਾਰਿਆਂ ਦੀ ਸਹਿਮਤੀ ਲੈਣੀ ਜ਼ਰੂਰੀ ਸੀ।

ਮਜੀਠੀਆ ਤੇ ਉਨ੍ਹਾਂ ਦੇ ਧੜੇ ਦੇ ਆਗੂਆਂ ਵੱਲੋਂ ਜਾਰੀ ਬਿਆਨ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਦੇ ਕਈ ਸਿੱਖ ਆਗੂਆਂ ਨੇ ਬਾਗ਼ੀ ਬਿਆਨ ਜਾਰੀ ਕੀਤੇ ਸਨ ਅਤੇ ਕਈ ਆਗੂਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇਣ ਸਬੰਧੀ ਵੀ ਬਿਆਨ ਦਿੱਤੇ ਸਨ। ਇਸ ਤੋਂ ਬਾਅਦ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਭੂੰਦੜ ਨੇ ਸੰਸਦੀ ਬੋਰਡ ਦੀ ਮੀਟਿੰਗ ’ਚ ਇਨ੍ਹਾਂ ਆਗੂਆਂ ਦੇ ਬਿਆਨਾਂ ’ਤੇ ਨੋਟਿਸ ਲੈਂਦਿਆਂ ਸਖ਼ਤ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਸੀ ਤੇ ਕਿਹਾ ਸੀ ਕਿ ਜਿਨ੍ਹਾਂ ਆਗੂਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫ਼ੈਸਲੇ ਵਿਰੁੱਧ ਬਿਆਨਬਾਜ਼ੀ ਕੀਤੀ ਹੈ ਤੇ ਪਾਰਟੀ ਦੇ ਅਨੁਸ਼ਾਸਨ ਤੇ ਨਿਯਮਾਂ ਦੀ ਉਲੰਘਣਾ ਕੀਤੀ ਹੈ, ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਕਮੇਟੀ ਵਿਰੁੱਧ ਬਿਆਨ ਜਾਰੀ ਕਰਨ ਵਾਲਿਆਂ ਨੂੰ ਨੋਟਿਸ ਭੇਜੇ ਜਾਣਗੇ।

ਭੂੰਦੜ ਨੇ ਕਿਹਾ-ਗੱਲਬਾਤ ਰਾਹੀਂ ਹੱਲ ਨਿਕਲਣ ਦੀ ਉਮੀਦ

ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫ਼ੈਸਲੇ ਵਿਰੁੱਧ ਬਿਆਨਬਾਜ਼ੀ ਕਰਨ ਵਾਲੇ ਆਗੂਆਂ ਦੇ ਨਾਵਾਂ ਦੀ ਕੋਈ ਸੂਚੀ ਫ਼ਿਲਹਾਲ ਤਿਆਰ ਨਹੀਂ ਕੀਤੀ ਗਈ ਹੈ। ਉਨ੍ਹਾਂ ਆਗੂਆਂ ਤੋਂ ਜਵਾਬ ਮੰਗਣਾ ਵੀ ਹੈ ਜਾਂ ਨਹੀਂ, ਇਸ ਨੂੰ ਲੈ ਕੇ ਅਕਾਲੀ ਦਲ ਅਜੇ ਵਿਚਾਰ ਕਰ ਰਿਹਾ ਹੈ। ਭੂੰਦੜ ਨੇ ਕਿਹਾ ਕਿ ਮਾਮਲਾ ਪਰਿਵਾਰਕ ਹੈ, ਇਸ ਲਈ ਉਮੀਦ ਹੈ ਕਿ ਗੱਲਬਾਤ ਰਾਹੀਂ ਇਸ ਦਾ ਹੱਲ ਨਿਕਲ ਜਾਵੇਗਾ।

By Gurpreet Singh

Leave a Reply

Your email address will not be published. Required fields are marked *