ਨੈਸ਼ਨਲ ਟਾਈਮਜ਼ ਬਿਊਰੋ :- ਤਰਨ ਤਾਰਨ ਵਿਖੇ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਅਕਾਲੀ ਦਲ ਵਾਰਸ ਪੰਜਾਬ ਜਥੇਬੰਦੀ ਦੇ ਇਲੈਕਸ਼ਨ ਇੰਚਾਰਜ ਸੁਖਦੇਵ ਸਿੰਘ ਉੱਪਰ ਅੰਮ੍ਰਿਤਸਰ ਹਾਈਵੇਅ ‘ਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਗੱਡੀ ‘ਤੇ ਪੈਟਰੋਲ ਨੁਮਾ ਬੰਬ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਗੱਡੀ ਨੇ ਭਿਆਨਕ ਅੱਗ ਦਾ ਰੂਪ ਧਾਰਨ ਕਰ ਲਿਆ।
ਸੁਖਦੇਵ ਸਿੰਘ ਨੇ ਜੱਦੋਜਹਿਦ ਨਾਲ ਆਪਣੀ ਜਾਨ ਬਚਾਈ, ਪਰ ਇਸ ਦੌਰਾਨ ਉਹ ਅੱਗ ਦੀਆਂ ਲਪਟਾਂ ਵਿੱਚ ਝੁਲਸ ਗਏ। ਸੁਖਦੇਵ ਸਿੰਘ ਇਸ ਵਕਤ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
ਚੋਣ ਕਮਿਸ਼ਨ ਨੂੰ ਸ਼ਿਕਾਇਤ
ਵਾਰਸ ਪੰਜਾਬ ਜਥੇਬੰਦੀ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ।
ਉਨ੍ਹਾਂ ਨੇ ਚੋਣ ਕਮਿਸ਼ਨ ਤੋਂ ਇਸ ਮਾਮਲੇ ਵਿੱਚ ਦਖਲ ਦੇ ਕੇ ਨਿਰਪੱਖਤਾ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਸ਼ੱਕ ਜਤਾਇਆ ਹੈ ਕਿ ਇਹ ਹਮਲਾ ਜ਼ਿਮਨੀ ਚੋਣ ਦੇ ਸੰਬੰਧ ਵਿੱਚ ਕਿਸੇ ਵਿਰੋਧੀ ਪਾਰਟੀ ਵੱਲੋਂ ਕੀਤਾ ਗਿਆ ਹੋ ਸਕਦਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਨਿਰਪੱਖ ਜਾਂਚ ਅਤੇ ਬਣਦੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
