ਜਲੰਧਰ ‘ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ ‘ਚ ਵੱਡੀ ਅਪਡੇਟ, ਹੁਣ ਪਰਿਵਾਰ ਨੂੰ ਮਿਲੀਆਂ ਧਮਕੀਆਂ!

ਨੈਸ਼ਨਲ ਟਾਈਮਜ਼ ਬਿਊਰੋ :- ਜਲੰਧਰ ਦੇ ਚਰਚਿਤ ਲੱਕੀ ਓਬਰਾਏ ਕਤਲ ਕਾਂਡ ਤੋਂ ਬਾਅਦ ਪੀੜਤ ਪਰਿਵਾਰ ਨੇ ਪੰਜਾਬ ਦੇ ਪੁਲਸ ਮਹਾਨਿਰਦੇਸ਼ਕ (ਡੀ. ਜੀ. ਪੀ.) ਤੋਂ ਆਪਣੀ ਜਾਨ-ਮਾਲ ਦੀ ਸੁਰੱਖਿਆ ਦੀ ਗੁਹਾਰ ਲਗਾਈ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਕਤਲ ਤੋਂ ਬਾਅਦ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ, ਜਿਸ ਕਾਰਨ ਪੂਰਾ ਪਰਿਵਾਰ ਡਰ ਅਤੇ ਤਣਾਅ ਦੇ ਮਾਹੌਲ ਵਿਚ ਜਿਊਣ ਲਈ ਮਜਬੂਰ ਹੈ। ਪਰਿਵਾਰ ਵੱਲੋਂ ਡੀ. ਜੀ. ਪੀ. ਨੂੰ ਦਿੱਤੀ ਗਈ ਲਿਖਤੀ ਅਰਜ਼ੀ ਵਿਚ ਕਿਹਾ ਗਿਆ ਹੈ ਕਿ ਲੱਕੀ ਓਬਰਾਏ ਦੇ ਕਤਲ ਤੋਂ ਬਾਅਦ ਕੇਸ ਨਾਲ ਜੁੜੇ ਅਹਿਮ ਗਵਾਹਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਦੋਸ਼ ਹੈ ਕਿ ਕੁਝ ਪ੍ਰਭਾਵਸ਼ਾਲੀ ਲੋਕ ਮਾਮਲੇ ਨੂੰ ਕਮਜ਼ੋਰ ਕਰਨ ਅਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਤਾਂ ਜੋ ਅਸਲੀ ਮੁਲਜ਼ਮਾਂ ਨੂੰ ਬਚਾਇਆ ਜਾ ਸਕੇ।

ਪਰਿਵਾਰਕ ਮੈਂਬਰਾਂ ਮੁਤਾਬਕ, ਉਨ੍ਹਾਂ ਨੂੰ ਦੇਸ਼ ਅਤੇ ਵਿਦੇਸ਼ ਤੋਂ ਧਮਕੀ ਭਰੇ ਫ਼ੋਨ ਕਾਲ ਆ ਰਹੇ ਹਨ, ਜਿਨ੍ਹਾਂ ਵਿਚ ਕੇਸ ਨੂੰ ਅੱਗੇ ਨਾ ਵਧਾਉਣ ਅਤੇ ਚੁੱਪ ਰਹਿਣ ਲਈ ਦਬਾਅ ਬਣਾਇਆ ਜਾ ਰਿਹਾ ਹੈ। ਪਰਿਵਾਰ ਨੇ ਖ਼ਦਸ਼ਾ ਜਤਾਇਆ ਹੈ ਕਿ ਜੇਕਰ ਸਮਾਂ ਰਹਿੰਦੇ ਸੁਰੱਖਿਆ ਮੁਹੱਈਆ ਨਾ ਕਰਵਾਈ ਗਈ ਤਾਂ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਡੀ. ਜੀ. ਪੀ. ਨੂੰ ਦਿੱਤੀ ਗਈ ਅਰਜ਼ੀ ਵਿਚ ਇਹ ਵੀ ਕਿਹਾ ਗਿਆ ਹੈ ਕਿ ਸਥਾਨਕ ਪੁਲਸ ਦੀ ਕਾਰਵਾਈ ਤੋਂ ਪਰਿਵਾਰ ਪੂਰੀ ਤਰ੍ਹਾਂ ਸੰਤੁਸ਼ਟ ਨਹੀਂ ਹੈ ਅਤੇ ਉਨ੍ਹਾਂ ਨੂੰ ਖ਼ਦਸ਼ਾ ਹੈ ਕਿ ਜਾਂਚ ਪ੍ਰਭਾਵਿਤ ਕੀਤੀ ਜਾ ਰਹੀ ਹੈ। ਇਸ ਲਈ ਪਰਿਵਾਰ ਨੇ ਮੰਗ ਕੀਤੀ ਹੈ ਕਿ ਕੇਸ ਦੀ ਨਿਗਰਾਨੀ ਸੀਨੀਅਰ ਪੱਧਰ ਦੇ ਅਧਿਕਾਰੀਆਂ ਵੱਲੋਂ ਕੀਤੀ ਜਾਵੇ ਅਤੇ ਪਰਿਵਾਰ ਨੂੰ ਤੁਰੰਤ ਪੁਲਸ ਸੁਰੱਖਿਆ ਪ੍ਰਦਾਨ ਕੀਤੀ ਜਾਵੇ।

ਪਰਿਵਾਰਕ ਮੈਂਬਰਾਂ ਨੇ ਇਹ ਵੀ ਮੰਗ ਕੀਤੀ ਹੈ ਕਿ ਲੱਕੀ ਓਬਰਾਏ ਮਰਡਰ ਕੇਸ ਦੀ ਜਾਂਚ ਨੂੰ ਹੋਰ ਤੇਜ਼ ਕੀਤਾ ਜਾਵੇ, ਸਾਰੇ ਨਾਮਜ਼ਦ ਅਤੇ ਸ਼ੱਕੀ ਮੁਲਜ਼ਮਾਂ ਦੀ ਜਲਦ ਗ੍ਰਿਫ਼ਤਾਰੀ ਕੀਤੀ ਜਾਵੇ ਅਤੇ ਮਾਮਲੇ ਨਾਲ ਜੁੜੇ ਕਾਲ ਡਿਟੇਲਸ, ਵਿਦੇਸ਼ੀ ਨੰਬਰਾਂ ਅਤੇ ਡਿਜੀਟਲ ਸਬੂਤਾਂ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਇਕੋ-ਇਕ ਮਕਸਦ ਲੱਕੀ ਓਬਰਾਏ ਲਈ ਇਨਸਾਫ਼ ਹੈ ਅਤੇ ਇਸ ਲਈ ਉਹ ਕਿਸੇ ਵੀ ਪੱਧਰ ਤੱਕ ਜਾਣ ਨੂੰ ਤਿਆਰ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲਦੀ, ਉਹ ਚੈਨ ਨਾਲ ਨਹੀਂ ਬੈਠਣਗੇ।

By Gurpreet Singh

Leave a Reply

Your email address will not be published. Required fields are marked *