ਨੈਸ਼ਨਲ ਟਾਈਮਜ਼ ਬਿਊਰੋ :- ਆਮਦਨ ਤੋਂ ਵੱਧ ਜਾਇਦਾਦ ਵਧਾਉਣ ਦੇ ਕਥਿਤ ਦੋਸ਼ਾਂ ਹੇਠ ਨਾਭਾ ਦੀ ਨਿਊ ਜੇਲ੍ਹ ’ਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉੱਤੇ ਅੱਜ ਸੁਣਵਾਈ ਹੋਵੇਗੀ। ਕਾਬਿਲੇਗੌਰ ਹੈ ਕਿ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸ਼ੁੱਕਰਵਾਰ ਨੂੰ ਮੁਹਾਲੀ ਦੀ ਅਦਾਲਤ ’ਚ ਸੁਣਵਾਈ ਹੋਈ ਸੀ। ਉਨ੍ਹਾਂ ਦੀ ਜ਼ਮਾਨਤ ਅਰਜ਼ੀ ‘ਤੇ ਵਕੀਲਾਂ ਵੱਲੋਂ ਕਰੀਬ ਪੰਜ ਘੰਟੇ ਤਕ ਬਹਿਸ ਚੱਲੀ ਸੀ। ਅਦਾਲਤ ਨੇ ਸੁਣਵਾਈ ਤੋਂ ਬਾਅਦ ਅਗਲੀ ਸੁਣਵਾਈ ਲਈ 4 ਅਗਸਤ, 2025 ਦੀ ਤਰੀਕ ਤੈਅ ਕੀਤੀ ਸੀ
ਵਿਜੀਲੈਂਸ ਬਿਊਰੋ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ’ਚ 25 ਜੂਨ ਨੂੰ ਬਿਕਰਮਜੀਤ ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਗਿਆ ਸੀ। 26 ਜੂਨ ਨੂੰ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ 7 ਦਿਨਾਂ ਦਾ ਰਿਮਾਂਡ ਲਿਆ ਗਿਆ ਸੀ, ਜਿਸ ਤੋਂ ਬਾਅਦ 4 ਦਿਨ ਦਾ ਰਿਮਾਂਡ ਹੋਰ ਮਿਲਿਆ।
ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੁਹਾਲੀ ਅਦਾਲਤ ਵੱਲੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ। ਮਜੀਠੀਆ ਦੇ ਵਕੀਲਾਂ ਨੇ ਸੁਰੱਖਿਆ ਨੂੰ ਖ਼ਤਰਾ ਦੱਸਦਿਆਂ ਬੈਰਕ ਬਦਲਣ ਦੀ ਅਰਜ਼ੀ ਵੀ ਦਾਖ਼ਲ ਕੀਤੀ ਹੈ। ਜ਼ਮਾਨਤ ਅਤੇ ਬੈਰਕ ਬਦਲਣ ਦੀ ਦੋਵੇਂ ਪਟੀਸ਼ਨਾਂ ‘ਤੇ ਅਗਲੀ ਸੁਣਵਾਈ 4 ਅਗਸਤ ਨੂੰ ਹੋਵੇਗੀ, ਜਦੋਂ ਮਜੀਠੀਆ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਮਜੀਠੀਆ ਨੂੰ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ‘ਤੇ ਆਪਣੀ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦਾ ਦੋਸ਼ ਹੈ। ਇਸ ਤੋਂ ਪਹਿਲਾਂ 2021 ਵਿੱਚ, ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ, ਮਜੀਠੀਆ ਵਿਰੁੱਧ ਐਨਡੀਪੀਐਸ ਐਕਟ ਤਹਿਤ ਕੇਸ ਵੀ ਦਰਜ ਕੀਤਾ ਗਿਆ ਸੀ।
ਜਿਸ ਵਿੱਚ ਹੁਣ ਤੱਕ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਅਤੇ ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਸਮੇਤ 6 ਲੋਕਾਂ ਦੇ ਬਿਆਨ ਦਰਜ ਕੀਤੇ ਜਾ ਚੁੱਕੇ ਹਨ। ਪੰਜਾਬ, ਹਿਮਾਚਲ, ਦਿੱਲੀ ਅਤੇ ਯੂਪੀ ਵਿੱਚ ਮਜੀਠੀਆ ਦੀਆਂ ਜਾਇਦਾਦਾਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਉਸ ਕੋਲ ਪੁਖਤਾ ਸਬੂਤ ਹਨ, ਜਦੋਂ ਕਿ ਮਜੀਠੀਆ ਦੇ ਵਕੀਲ ਇਸਨੂੰ ਰਾਜਨੀਤੀ ਤੋਂ ਪ੍ਰੇਰਿਤ ਅਤੇ ਬੇਬੁਨਿਆਦ ਮਾਮਲਾ ਦੱਸ ਰਹੇ ਹਨ।
ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਸੀ। ਸ਼ਨੀਵਾਰ ਨੂੰ ਮਜੀਠੀਆ ਨਾਭਾ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ ਸਨ। ਉਨ੍ਹਾਂ ਦੀ ਪਿਛਲੀ 14 ਦਿਨਾਂ ਦੀ ਹਿਰਾਸਤ ਦੀ ਮਿਆਦ ਪੂਰੀ ਹੋ ਗਈ ਸੀ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ ਕੀਤੀ ਅਤੇ ਉਨ੍ਹਾਂ ਨੂੰ ਹੋਰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ ਸਨ।