ਚੰਡੀਗੜ੍ਹ (ਗੁਰਪ੍ਰੀਤ ਸਿੰਘ): ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਪੱਸ਼ਟ ਕੀਤਾ ਹੈ ਕਿ ਪਾਰਟੀ ਇਸ ਸਮੇਂ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਹਾਲਾਂਕਿ, ਕਿਸੇ ਵੀ ਸੰਭਾਵੀ ਗਠਜੋੜ ਬਾਰੇ ਅੰਤਿਮ ਫੈਸਲਾ ਪਾਰਟੀ ਦੀ ਹਾਈਕਮਾਂਡ ਵੱਲੋਂ ਲਿਆ ਜਾਵੇਗਾ।
ਚੰਡੀਗੜ੍ਹ ਵਿੱਚ ਗੱਲਬਾਤ ਕਰਦਿਆਂ ਢਿੱਲੋਂ ਨੇ ਕਿਹਾ ਕਿ ਗਠਜੋੜ ਸਬੰਧੀ ਚਰਚਾਵਾਂ ਬਾਰੇ ਪਾਰਟੀ ਦਾ ਮੌਜੂਦਾ ਰੁਖ ਸਪੱਸ਼ਟ ਹੈ ਅਤੇ ਉਸ ਦੀਆਂ ਤਿਆਰੀਆਂ ਸਾਰੀਆਂ 117 ਸੀਟਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਗਠਜੋੜ ਨੂੰ ਲੈ ਕੇ ਕੋਈ ਗੱਲਬਾਤ ਹੁੰਦੀ ਹੈ ਤਾਂ ਹਾਈਕਮਾਂਡ ਜੋ ਵੀ ਫੈਸਲਾ ਕਰੇਗੀ, ਪਾਰਟੀ ਉਸ ਦੀ ਪਾਲਣਾ ਕਰੇਗੀ।
ਉਨ੍ਹਾਂ ਦੇ ਇਸ ਬਿਆਨ ਤੋਂ ਸਪੱਸ਼ਟ ਹੈ ਕਿ ਫਿਲਹਾਲ ਭਾਜਪਾ ਆਪਣੇ ਪੱਧਰ ’ਤੇ ਸਾਰੀਆਂ ਵਿਧਾਨ ਸਭਾ ਸੀਟਾਂ ਲਈ ਚੋਣ ਤਿਆਰੀਆਂ ਨੂੰ ਅੱਗੇ ਵਧਾ ਰਹੀ ਹੈ। ਗਠਜੋੜ ਬਾਰੇ ਕਿਸੇ ਵੀ ਸੰਭਾਵੀ ਫੈਸਲੇ ਦਾ ਅਧਿਕਾਰ ਕੇਂਦਰੀ ਲੀਡਰਸ਼ਿਪ ਕੋਲ ਰਹੇਗਾ।
ਇਸ ਦੇ ਨਾਲ ਹੀ ਪੰਜਾਬ ਭਾਜਪਾ ਨੇ ਆਪਣੇ ਚੋਣ ਮੈਨੀਫੈਸਟੋ ਲਈ ਲੋਕਾਂ ਤੋਂ ਸੁਝਾਅ ਲੈਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ। ਪਾਰਟੀ ਵੱਲੋਂ ਇਸ ਮਕਸਦ ਲਈ ਇੱਕ ਕਿਊਆਰ ਕੋਡ ਅਤੇ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ, ਜਿਸ ਰਾਹੀਂ ਲੋਕ ਆਪਣੇ ਵਿਚਾਰ ਅਤੇ ਸੁਝਾਅ ਪਾਰਟੀ ਤੱਕ ਪਹੁੰਚਾ ਸਕਣਗੇ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਆਪਣਾ ਚੋਣ ਮੈਨੀਫੈਸਟੋ ਜਲਦ ਜਾਰੀ ਕਰੇਗੀ। ਪਾਰਟੀ ਵੱਲੋਂ ਲੋਕਾਂ ਦੀ ਰਾਇ ਲੈਣ ਲਈ ਸ਼ੁਰੂ ਕੀਤੀ ਗਈ ਇਹ ਪਹਿਲ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੇ ਚੋਣ ਏਜੰਡੇ ਨੂੰ ਤਿਆਰ ਕਰਨ ਦੀ ਪ੍ਰਕਿਰਿਆ ਦਾ ਹਿੱਸਾ ਹੈ।
