ਗੁਰਪ੍ਰੀਤ ਸਿੰਘ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਤੇ ਗਏ ਬਿਆਨਾਂ ‘ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਭਾਰਤੀ ਜਨਤਾ ਪਾਰਟੀ ਜਿਸ ਧਰਮ ਦੀ ਰਾਜਨੀਤੀ ਦੇ ਸਹਾਰੇ ਦੂਜੇ ਰਾਜਾਂ ਵਿੱਚ ਸੱਤਾ ਹਾਸਲ ਕਰਦੀ ਰਹੀ ਹੈ, ਉਹ ‘ਧਾਰਮਿਕ ਪੱਤਾ’ ਪੰਜਾਬ ਦੀ ਧਰਤੀ ‘ਤੇ ਕਦੇ ਕਾਮਯਾਬ ਨਹੀਂ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਵੀ ਬੀਜੇਪੀ ਦੀ ਸਰਕਾਰ ਹੈ, ਉੱਥੇ ਅਕਸਰ ਧਰਮ ਦੇ ਨਾਂ ‘ਤੇ ਲੜਾਈਆਂ ਅਤੇ ਵੰਡੀਆਂ ਪਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਅਜਿਹਾ ਸੂਬਾ ਹੈ ਜੋ ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਲਈ ਜਾਣਿਆ ਜਾਂਦਾ ਹੈ। ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਮੁਖਾਤਬ ਹੁੰਦਿਆਂ ਕਿਹਾ ਕਿ ਅਮਿਤ ਸ਼ਾਹ ਨੂੰ ਪੰਜਾਬ ਵਿੱਚ ਆ ਕੇ ‘ਧਰਮ ਪਰਿਵਰਤਨ’ ਵਰਗੇ ਭੜਕਾਊ ਬਿਆਨ ਨਹੀਂ ਦੇਣੇ ਚਾਹੀਦੇ। ਉਨ੍ਹਾਂ ਕਿਹਾ ਕਿ ਅਜਿਹੀਆਂ ਗੱਲਾਂ ਪੰਜਾਬ ਦੇ ਸ਼ਾਂਤਮਈ ਮਾਹੌਲ ਵਿੱਚ ਫਿੱਟ ਨਹੀਂ ਬੈਠਦੀਆਂ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਪੰਜਾਬੀ ਉਨ੍ਹਾਂ ਗੁਰੂਆਂ ਦੇ ਵਾਰਸ ਹਨ ਜਿਨ੍ਹਾਂ ਨੇ ਮਨੁੱਖਤਾ ਅਤੇ ਧਰਮ ਦੀ ਰੱਖਿਆ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਹਨ। ਪੰਜਾਬ ਦੇ ਲੋਕ ਜਾਣਦੇ ਹਨ ਕਿ ਆਪਣੀ ਵਿਰਾਸਤ ਨੂੰ ਕਿਵੇਂ ਸੰਭਾਲਣਾ ਹੈ, ਇੱਥੇ ਕਿਸੇ ਬਾਹਰੀ ਸਿਆਸੀ ਡਰ ਜਾਂ ਲਾਲਚ ਦੀ ਕੋਈ ਥਾਂ ਨਹੀਂ।” ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਜ਼ੁਲਮ ਦੇ ਖਿਲਾਫ਼ ਡਟੇ ਹਨ ਅਤੇ ਧਰਮ ਦੇ ਨਾਂ ‘ਤੇ ਵੰਡੀਆਂ ਪਾਉਣ ਵਾਲੀਆਂ ਤਾਕਤਾਂ ਨੂੰ ਪਹਿਲਾਂ ਵੀ ਨਕਾਰ ਚੁੱਕੇ ਹਨ। ਉਨ੍ਹਾਂ ਭਾਜਪਾ ਲੀਡਰਸ਼ਿਪ ਨੂੰ ਚੇਤਾਵਨੀ ਦਿੱਤੀ ਕਿ ਉਹ ਪੰਜਾਬ ਨੂੰ ਦੂਜੇ ਰਾਜਾਂ ਵਾਲੀ ਐਨਕ ਨਾਲ ਦੇਖਣਾ ਬੰਦ ਕਰੇ।
