ਨੈਸ਼ਨਲ ਟਾਈਮਜ਼ ਬਿਊਰੋ :- ਫਾਜ਼ਿਲਕਾ ਦੇ ਪਿੰਡ ਪਾਲੀਵਾਲਾ ’ਚ ਇਕ ਗਰਭਵਤੀ ਔਰਤ ਦੀ ਭੇਤਭਰੇ ਹਾਲਾਤ ’ਚ ਲਾਸ਼ ਬਰਾਮਦ ਕੀਤੀ ਗਈ ਹੈ। ਇਸ ਤੋਂ ਬਾਅਦ ਮ੍ਰਿਤਕ ਔਰਤ ਦੇ ਪਰਿਵਾਰ ਵਾਲਿਆਂ ਵੱਲੋਂ ਪੁਲਸ ’ਤੇ ਸੁਣਵਾਈ ਨਾ ਕਰਨ ਦੇ ਦੋਸ਼ ਲਾਉਂਦਿਆਂ ਮ੍ਰਿਤਕਾ ਦੀ ਲਾਸ਼ ਨੂੰ ਹਾਈਵੇ ‘ਤੇ ਰੱਖ ਕੇ ਜਾਮ ਲਾਇਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮ੍ਰਿਤਕਾ 9 ਮਹੀਨੇ ਦੀ ਗਰਭਵਤੀ ਸੀ ਅਤੇ ਕਰੀਬ 10 ਦਿਨ ਬਾਅਦ ਬੱਚਾ ਹੋਣ ਵਾਲਾ ਸੀ। ਸ਼ੁੱਕਰਵਾਰ ਨੂੰ ਪੁਲਸ ਵੱਲੋਂ ਉਨ੍ਹਾਂ ਨੂੰ ਫੋਨ ਰਾਹੀਂ ਉਨ੍ਹਾਂ ਦੀ ਧੀ ਦੀ ਲਾਸ਼ ਮਿਲਣ ਦੀ ਸੂਚਨਾ ਦਿੱਤੀ ਗਈ।
ਇਸ ਤੋਂ ਬਾਅਦ ਜਦੋਂ ਉਨ੍ਹਾਂ ਜਾ ਕੇ ਦੇਖਿਆ ਤਾਂ ਉਸ ਦੀ ਲਾਸ਼ ਪਿੰਡ ਮੀਨਿਆ ਵਾਲੀ ਦੇ ਖੇਤਾਂ ’ਚ ਬਹੁਤ ਮਾੜੀ ਹਾਲਤ ਪਈ ਹੋਈ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਧੀ ਨਾਲ ਜਬਰ-ਜ਼ਿਨਾਹ ਕਰਨ ਤੋਂ ਬਾਅਦ ਕਤਲ ਹੋਇਆ ਹੈ। ਉਨ੍ਹਾਂ ਵੱਲੋਂ ਸ਼ੱਕੀ ਵਿਅਕਤੀਆਂ ਬਾਰੇ ਪੁਲਸ ਨੂੰ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਪੁਲਸ ਨੇ ਮੁਲਜ਼ਮ ਨੂੰ ਥਾਣੇ ਲਿਆਂਦਾ ਪਰ ਚਾਹ-ਪਾਣੀ ਪਿਆ ਕੇ ਘਰੇ ਤੋਰ ਦਿੱਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲ ਇਸ ਘਟਨਾ ਤੋਂ ਪਹਿਲਾਂ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਮੌਜੂਦ ਹੈ।
ਜਿਸ ’ਚ ਇਕ ਮੁੰਡਾ ਉਨ੍ਹਾਂ ਦੀ ਧੀ ਨੂੰ ਆਪਣੇ ਨਾਲ ਲੈ ਕੇ ਜਾਂਦਾ ਦਿਖਾਈ ਦੇ ਰਿਹਾ ਹੈ। ਉਨ੍ਹਾਂ ਵੱਲੋਂ ਇਸ ਸੀ. ਸੀ. ਟੀ. ਵੀ. ਫੁਟੇਜ ਬਾਰੇ ਪੁਲਸ ਨੂੰ ਵੀ ਜਾਣਕਾਰੀ ਦਿੱਤੀ ਗਈ ਹੈ ਅਤੇ ਉਸ ਮੁੰਡੇ ਬਾਰੇ ਵੀ ਦੱਸਿਆ ਗਿਆ ਹੈ। ਇਸ ਤੋਂ ਬਾਅਦ ਵੀ ਪੁਲਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਧੀ ਅਤੇ ਉਸ ਦੇ ਗਰਭ ’ਚ ਪਲ ਰਹੇ ਬੱਚੇ ਦਾ ਕਤਲ ਕਰਨ ਵਾਲਿਆਂ ’ਤੇ ਬਣਦੀ ਕਨੂੰਨੀ ਕਾਰਵਾਈ ਕੀਤੀ ਜਾਵੇ।
