ਡੇਰਾਬਸੀ, 7 ਅਪ੍ਰੈਲ (ਗੁਰਪ੍ਰੀਤ ਸਿੰਘ) : ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਵੱਲੋਂ ਡਾ. ਭੀਮ ਰਾਓ ਅੰਬੇਡਕਰ ਸਬੰਧੀ ਕੀਤੀ ਗਈ ਅਪਮਾਨਜਨਕ ਟਿੱਪਣੀ ’ਤੇ ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਜਰਨਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਤਿੱਖੀ ਪ੍ਰਤਿਕ੍ਰਿਆ ਦਿੱਤੀ ਹੈ।
ਜਗਜੀਤ ਸਿੰਘ ਛੜਬੜ ਨੇ ਕਿਹਾ ਕਿ ਨਫ਼ਰਤ ਦੀ ਗੱਲ ਕਰਨ ਵਾਲਾ ਵਿਅਕਤੀ ਸਿੱਖ ਨਹੀਂ ਹੋ ਸਕਦਾ। ਛੜਬੜ ਨੇ ਕਿਹਾ ਕਿ ਸਾਡੇ ਗੁਰੂਆਂ ਨੇ ਸਾਨੂੰ ਨਫਰਤ ਤੇ ਹਿੰਸਾ ਦੀ ਗੱਲ ਕਰਨੀਂ ਨਹੀਂ ਸਿਖਾਈ। ਉਨ੍ਹਾਂ ਨੇ ਸਾਨੂੰ ਸਰਬੱਤ ਦਾ ਭਲਾ’ ਦਾ ਪਾਠ ਪੜ੍ਹਾਇਆ ਹੈ।
ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਨੇ ਆਪਣੇ ਕ੍ਰਾਂਤੀਕਾਰੀ ਵਿਚਾਰਾਂ ਨਾਲ ਨਾ ਸਿਰਫ਼ ਦਲਿਤਾਂ ਨੂੰ ਸਗੋਂ ਔਰਤਾਂ ਸਮੇਤ ਸਾਰੇ ਲੋਕਾਂ ਨੂੰ ਮਹੱਤਵਪੂਰਨ ਸੰਵਿਧਾਨਕ ਅਧਿਕਾਰ ਦਿੱਤੇ। ਸ਼ਰਾਰਤੀ ਅਨਸਰ ਧਰਮ ਅਤੇ ਜਾਤ ਦੇ ਨਾਂਅ ‘ਤੇ ਆਮ ਲੋਕਾਂ ਨੂੰ ਆਪਸ ਵਿਚ ਲੜਾਉਣਾ ਚਾਹੁੰਦੇ ਹਨ, ਪੰਜਾਬ ਅਜਿਹੇ ਲੋਕਾਂ ਨੂੰ ਕਦੇ ਵੀ ਸਵੀਕਾਰ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ‘ਚ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ।