ਗੁਰਪ੍ਰੀਤ ਸਿੰਘ :- ਜਲੰਧਰ ਵਿੱਚ ਪ੍ਰਾਪਰਟੀ ਡੀਲਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਕੇ ਹਮਲਾਵਰ ਉਸਦੀਆਂ ਉਂਗਲਾਂ ਕੱਟ ਕੇ ਲੈ ਗਏ। ਇਹ ਘਟਨਾ ਮੰਗਲਵਾਰ ਰਾਤ 8:30 ਵਜੇ ਵਾਪਰੀ। ਮ੍ਰਿਤਕ ਲੱਕੀ ਠਾਕੁਰ ‘ਤੇ ਉਸ ਸਮੇਂ ਹਮਲਾ ਕੀਤਾ ਗਿਆ ਜਦੋਂ ਉਹ ਮੱਥਾ ਟੇਕਣ ਲਈ ਇੱਕ ਗੁਰਦੁਆਰੇ ਜਾ ਰਿਹਾ ਸੀ।
ਸ਼ਿਵ ਸੈਨਾ ਆਗੂ ਨਰਿੰਦਰ ਥਾਪਰ ਦੇ ਪੁੱਤਰ ਰਾਮ ਕ੍ਰਿਸ਼ਣ ਅਤੇ ਉਸਦੇ ਗਿਰੋਹ ‘ਤੇ ਇਸ ਕਤਲ ਦਾ ਦੋਸ਼ ਲਗਾਇਆ ਗਿਆ ਹੈ। ਮ੍ਰਿਤਕ ਦੇ ਭਰਾ ਮਨਮੋਹਨ ਦੇ ਅਨੁਸਾਰ, ਲੱਕੀ ਨੇ ਰਾਮ ਕ੍ਰਿਸ਼ਣ ‘ਤੇ ਆਪਣੇ ਪੁੱਤਰ ਨੂੰ ਹੁੱਕਾ ਅਤੇ ਨਸ਼ੀਲੇ ਪਦਾਰਥ ਮੁਹੱਈਆ ਕਰਵਾਉਣ ਦਾ ਦੋਸ਼ ਲਾਉਂਦਿਆਂ ਹੋਇਆਂ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ।
ਇਹ ਕਤਲ ਇਸ ਰੰਜਿਸ਼ ਤਹਿਤ ਕੀਤਾ ਗਿਆ ਹੈ। ਬੁੱਧਵਾਰ ਨੂੰ ਲਾਸ਼ ਦਾ ਪੋਸਟਮਾਰਟ ਕੀਤਾ ਜਾਵੇਗਾ। ਏਸੀਪੀ ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਪਰਿਵਾਰ ਦੇ ਬਿਆਨ ਦੇ ਆਧਾਰ ‘ਤੇ ਕਤਲ ਦਾ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਮੁਲਜ਼ਮਾਂ ਦੇ ਫ਼ੋਨ ਬੰਦ ਹਨ ਅਤੇ ਉਹ ਫਰਾਰ ਹਨ। ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ, ਲੱਕੀ ਖੋਖਾ ਆਪਣੇ ਘਰ ਦੇ ਨਜ਼ਦੀਕ ਹੀ ਇੱਕ ਕਰਿਆਨੇ ਦੀ ਦੁਕਾਨ ਵਿੱਚ ਖੜ੍ਹਾ ਸੀ ਕਿ ਅਚਾਨਕ ਤੇਜ਼ਧਾਰ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਲੱਕੀ ਨੂੰ ਇਲਾਕਾ ਨਿਵਾਸੀਆਂ ਦੀ ਮਦਦ ਨਾਲ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੇ ਵੱਡੇ ਭਰਾ ਮਨਮੋਹਨ ਸਿੰਘ ਨੇ ਦੋਸ਼ ਲਗਾਇਆ ਕਿ ਲੱਕੀ ਰਾਤ ਦਾ ਖਾਣਾ ਖਾਣ ਤੋਂ ਬਾਅਦ ਘਰ ਦੇ ਬਾਹਰ ਦੁਕਾਨ ‘ਤੇ ਖੜ੍ਹਾ ਸੀ। ਇਸੇ ਦੌਰਾਨ ਸ਼ਿਵ ਸੈਨਾ ਪ੍ਰਧਾਨ ਨਰਿੰਦਰ ਥਾਪਰ ਦਾ ਪੁੱਤਰ ਰਾਮ ਕ੍ਰਿਸ਼ਣ ਆਪਣੇ ਕਰੀਬ ਦੋ ਦਰਜਨ ਸਾਥੀਆਂ ਸਮੇਤ ਉੱਥੇ ਆਇਆ ਅਤੇ ਪਿੱਛੋਂ ਲੱਕੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਮਨਮੋਹਨ ਸਿੰਘ ਅਨੁਸਾਰ, ਮੁਲਜ਼ਮ ਉਸ ਦੇ ਛੋਟੇ ਭਰਾ ਲੱਕੀ ਨੂੰ ਨਸ਼ਿਆਂ ਦੇ ਦਲਦਲ ਵਿੱਚ ਧੱਕ ਰਹੇ ਸਨ, ਜਿਸ ਦਾ ਵਿਰੋਧ ਕਰਦਿਆਂ ਉਨ੍ਹਾਂ ਨੇ ਥਾਣਾ ਡਿਵੀਜ਼ਨ ਨੰਬਰ 4 ਵਿੱਚ ਸ਼ਿਕਾਇਤ ਦਿੱਤੀ ਹੋਈ ਸੀ ਅਤੇ ਅਦਾਲਤ ਵਿੱਚ ਵੀ ਕੇਸ ਚੱਲ ਰਿਹਾ ਸੀ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਮੁਲਜ਼ਮਾਂ ਵੱਲੋਂ ਪਹਿਲਾਂ ਵੀ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਡਿਵੀਜ਼ਨ ਨੰਬਰ 4 ਦੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ACP ਬਰਾੜ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਦੋਵਾਂ ਧਿਰਾਂ ਵਿਚਾਲੇ ਪੁਰਾਣਾ ਵਿਵਾਦ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮੁਲਜ਼ਮਾਂ ਖ਼ਿਲਾਫ਼ ਨਾਮਜ਼ਦ (By-name) ਐੱਫ.ਆਈ.ਆਰ. ਦਰਜ ਕੀਤੀ ਜਾ ਰਹੀ ਹੈ ਅਤੇ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕਰਕੇ ਹਮਲਾਵਰਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
