ਅੰਮ੍ਰਿਤਸਰ, ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿਮ ਤਹਿਤ ਅਜਨਾਲਾ ਦੇ ਸਰਹੱਦੀ ਪਿੰਡ ਜਗਦੇਵ ਖੁਰਦ ਵਿਖੇ ਪਿੰਡ ਦੇ ਨੌਜਵਾਨਾਂ ਅਤੇ ਸੂਝਵਾਨ ਲੋਕਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿੱਚ ਲੋਕਾਂ ਨੂੰ ਨਸ਼ੇ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਉੱਥੇ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਪਿੰਡਾਂ ਵਿੱਚੋਂ ਨਸ਼ਾ ਖਤਮ ਕਰਨ ਲਈ ਲੋਕ ਪੁਲਿਸ ਦਾ ਸਾਥ ਦੇਣ।
ਇਸ ਮੌਕੇ ਤੇ ਡੀ.ਐਸ.ਪੀ ਅਜਨਾਲਾ ਗੁਰਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਅਜਨਾਲਾ ਸਬ ਡਿਵੀਜ਼ਨ ਦੇ ਪਿੰਡਾਂ ਅੰਦਰ ਨਸ਼ੇ ਦੇ ਸਮਗਲਰਾਂ ਵਿਰੁੱਧ ਮੁਹਿੰਮ ਚਲਾਈ ਗਈ ਹੈ। ਜਿਸਦੇ ਚਲਦਿਆਂ ਅੱਜ ਅਜਨਾਲਾ ਦੇ ਸਰਹੱਦੀ ਪਿੰਡ ਜਗਦੇਵ ਖੁਰਦ ਵਿਖੇ ਪਿੰਡ ਦੇ ਨੌਜਵਾਨਾਂ ਅਤੇ ਸੂਝਵਾਨ ਲੋਕਾਂ ਨਾਲ ਮੀਟਿੰਗ ਕੀਤੀ ਗਈ ਹੈ। ਜਿੱਥੇ ਅੱਜ ਮੀਟਿੰਗ ਦੌਰਾਨ ਪਿੰਡ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਹਨ ਅਤੇ ਨਾਲ ਹੀ ਉਹਨਾਂ ਨੂੰ ਵਿਸ਼ਵਾਸ ਦਵਾਇਆ ਹੈ। ਕਿ ਜੋ ਵੀ ਨਸ਼ੇ ਦੇ ਸਮਗਲਰਾਂ ਦੀ ਜਾਣਕਾਰੀ ਦੇਣਗੇ।
ਉਹਨਾਂ ਦਾ ਨਾਮ ਬਿਲਕੁਲ ਗੁਪਤ ਰੱਖਿਆ ਜਾਏਗਾ ਅਤੇ ਨਾਲ ਹੀ ਸਰਕਾਰ ਵੱਲੋਂ ਬਣਦਾ ਹੋਇਆ ਇਨਾਮ ਵੀ ਦਿੱਤਾ ਜਾਵੇਗਾ ਤੇ ਨਾਲ ਹੀ ਡੀਐਸਪੀ ਗੁਰਵਿੰਦਰ ਸਿੰਘ ਵੱਲੋਂ ਨਸ਼ੇ ਦੇ ਤਸਕਰਾਂ ਨੂੰ ਤਾੜਨਾ ਵੀ ਕੀਤੀ ਗਈ। ਕਿ ਉਹ ਨਸ਼ੇ ਦਾ ਧੰਦਾ ਕਰਨਾ ਬੰਦ ਕਰ ਦੇਣ ਨਹੀਂ ਤਾਂ ਪੁਲਿਸ ਵੱਲੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਨਜਾਇਜ਼ ਤੌਰ ਤੇ ਡਰੱਗ ਮਨੀ ਦੇ ਨਾਲ ਬਣਾਈਆਂ ਜਾਇਦਾਤਾਂ ਨੂੰ ਵੀ ਜਬਤ ਕੀਤਾ ਜਾਵੇਗਾ।