ਨੈਸ਼ਨਲ ਟਾਈਮਜ਼ ਬਿਊਰੋ :- ਸੂਬੇ ਵਿੱਚ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਆਰੰਭੀ ਗਈ ਮੁਹਿੰਮ ਤਹਿਤ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮੀਰਪੁਰ( ਮੁਬਾਰਿਕਪੁਰ )ਵਿਖੇ ਬਲਾਕ ਪੱਧਰੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਉਨ੍ਹਾਂ ਨੇ ਇਸ ਮੌਕੇ ਅਧਿਆਪਕਾਂ ਅਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਮੁਹਿੰਮ ਦੀ ਵਿਆਪਕ ਪਹੁੰਚ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 23 ਵੈਨਾਂ ਰਾਜ ਭਰ ਦੇ ਸਾਰੇ 228 ਵਿਦਿਅਕ ਬਲਾਕਾਂ ਵਿੱਚ ਜਾਗਰੂਕਤਾ ਹਿਤ ਭੇਜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਦਾਖਲਾ ਮੁਹਿੰਮ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਧਾਉਣ ਵਿੱਚ ਕਾਫੀ ਮਦਦ ਕਰੇਗੀ।ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਸਕੂਲਾਂ ਵਿੱਚ 10 ਫ਼ੀਸਦੀ ਦਾਖਲਾ ਵਧਾਉਣ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ, ਸੂਬੇ ਦੇ 13,100 ਪ੍ਰੀ-ਪ੍ਰਾਇਮਰੀ ਸਕੂਲਾਂ ਵਿੱਚ 3.51 ਲੱਖ ਤੋਂ ਵੱਧ ਵਿਦਿਆਰਥੀ ਦਾਖਲ ਹੋਏ ਸਨ।
ਵਿਧਾਇਕ ਡੇਰਾਬੱਸੀ ਨੇ ਕਿਹਾ ਕਿ ਇਹ ਦਾਖਲਾ ਮੁਹਿੰਮ ਸਕੂਲ ਨਾ ਜਾਣ ਵਾਲੇ ਬੱਚਿਆਂ ਦੀ ਪਛਾਣ ਕਰਨ, ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਨੂੰ ਉਤਸ਼ਾਹਿਤ ਕਰਨ ਅਤੇ ਸਿੱਖਿਆ ਤੱਕ ਸਾਰਿਆਂ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਸਮਾਜਿਕ ਸ਼ਮੂਲੀਅਤ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸੂਬੇ ਚ ਸਿੱਖਿਆ ਅਤੇ ਸਿਹਤ ਸੰਸਥਾਵਾਂ ਦੇ ਸੁਧਾਰਾਂ ਲਈ ਆਰੰਭੀ ਮੁਹਿੰਮ ਦੇ ਹਾਂ ਪੱਖੀ ਨਤੀਜੇ ਆਏ ਹਨ। ਲੋਕਾਂ ਦਾ ਸਰਕਾਰੀ ਸਕੂਲਾਂ ਵਿੱਚ ਵਿਸ਼ਵਾਸ਼ ਬਣਿਆ ਹੈ। ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਅਤੇ ਉੱਥੇ ਮਿਲਦੀਆਂ ਸੁਵਿਧਾਵਾਂ ਪ੍ਰਾਈਵੇਟ ਸਕੂਲਾਂ ਨੂੰ ਪਿੱਛੇ ਛੱਡ ਗਈਆਂ ਹਨ।
ਉਨ੍ਹਾਂ ਨੇ ਹਲਕੇ ਦੇ ਸਮੂਹ ਅਧਿਆਪਕਾਂ ਨੂੰ ਆਪੋ ਆਪਣੇ ਨੇੜਲੇ ਪਿੰਡਾਂ/ਸ਼ਹਿਰਾਂ ਦੇ ਬੱਚਿਆਂ ਨੂੰ ਪ੍ਰੀ ਪ੍ਰਾਇਮਰੀ ਵਿੱਚ ਦਾਖਲੇ ਲਈ ਉਨ੍ਹਾਂ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਆਏ ਸੁਧਾਰਾਂ ਬਾਰੇ ਦੱਸਣ ਲਈ ਆਖਿਆ। ਇਸ ਕਿਹਾ ਕਿ ਇਸ ਮੁਹਿੰਮ ਵਿੱਚ ਵਿਧਾਇਕ, ਐਸ.ਡੀ.ਐਮ., ਸਥਾਨਕ ਜਨਤਕ ਸ਼ਖਸੀਅਤਾਂ, ਸਕੂਲ ਪ੍ਰਬੰਧਨ ਕਮੇਟੀਆਂ (ਐਸ.ਐਮ.ਸੀ.) ਦੇ ਮੈਂਬਰ, ਪੰਚਾਇਤਾਂ ਅਤੇ ਸਾਰੇ ਸਕੂਲ ਮੁਖੀ ਸ਼ਾਮਿਲ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਮੁਹਿੰਮ ਦਾ ਮੁੱਖ ਉਦੇਸ਼ ਮਾਪਿਆਂ ਅਤੇ ਭਾਈਚਾਰੇ ਵਿੱਚ ਸਿੱਖਿਆ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾਉਣ ਲਈ ਉਤਸ਼ਾਹਿਤ ਕਰਨਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ 3 ਸਾਲਾਂ ਦੌਰਾਨ ਸਕੂਲ ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਾਈ-ਫਾਈ ਇੰਟਰਨੈੱਟ ਕੁਨੈਕਸ਼ਨ, ਫਰਨੀਚਰ, ਲੜਕੇ ਅਤੇ ਲੜਕੀਆਂ ਲਈ ਵੱਖਰੇ ਪਖਾਨਿਆਂ ਤੋਂ ਇਲਾਵਾ ਸਕੂਲ ਆਫ ਐਮੀਨੈਂਸ ਅਤੇ ਬੱਸ ਸਹੂਲਤ ਸ਼ੁਰੂ ਕਰਨ ਸਮੇਤ ਬਹੁਤ ਸਾਰੀਆਂ ਜ਼ਰੂਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ।ਇਸ ਮੌਕੇ ਬਲਾਕ ਇੰਚਾਰਜ ਸੰਤੋਸ਼ ਗੱਖੜ , ਹੈਡ ਟੀਚਰ ਦਵਿੰਦਰ ਕੌਰ ਅਤੇ ਬਲਾਕ ਦੇ ਹੋਰਨਾਂ ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਮੌਜੂਦ ਸਨ।