ਅੰਮ੍ਰਿਤਸਰ (ਨੈਸ਼ਨਲ ਟਾਈਮਜ਼): ਸਿੱਖ ਇਤਿਹਾਸ ਵਿੱਚ ਅੱਜ ਦਾ ਦਿਨ ਇੱਕ ਦੁਖਦਾਈ ਅਧਿਆਏ ਵਜੋਂ ਦਰਜ ਹੋਇਆ ਹੈ ਕਿਉਂਕਿ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਰਿੰਗ ਕਮੇਟੀ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ। ਇਸ ਦੌਰਾਨ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਮੁੱਦੇ ‘ਤੇ ਗੱਲ ਕਰਦਿਆਂ ਇਸ ਦਿਨ ਨੂੰ ਸਿੱਖ ਇਤਿਹਾਸ ਲਈ “ਕਾਲੇ ਦਿਨ” ਵਜੋਂ ਆਖਿਆ ਹੈ।
ਦੱਸਣਯੋਗ ਹੈ ਕਿ SGPC ਦੀ ਅੰਤਰਿੰਗ ਕਮੇਟੀ ਨੇ ਇੱਕ ਅਹਿਮ ਬੈਠਕ ਸੱਦੀ ਸੀ, ਜਿਸ ਬਾਰੇ ਇਹ ਅੰਦਾਜ਼ਾ ਸੀ ਕਿ ਇਸ ਵਿੱਚ SGPC ਜਥੇਦਾਰ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਬਾਰੇ ਗੱਲਬਾਤ ਹੋਵੇਗੀ ਪਰ ਬੈਠਕ ਦੇ ਨਤੀਜੇ ਵਜੋਂ ਕੁਝ ਅਚਾਨਕ ਫੈਸਲੇ ਸਾਹਮਣੇ ਆਏ ਹਨ।
ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੋ ਤਖਤਾਂ ਦੇ ਜਥੇਦਾਰਾਂ ਨੂੰ ਬਦਲੇ ਜਾਣ ਦੇ ਫੈਸਲੇ ‘ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਇਸ ਨੂੰ ਸਿੱਖ ਇਤਿਹਾਸ ਲਈ “ਕਾਲਾ ਦਿਨ” ਕਰਾਰ ਦਿੱਤਾ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 2 ਦਸੰਬਰ ਦੇ ਫੈਸਲੇ ਤੋਂ ਬਾਅਦ ਤੋਂ ਹੀ ਜਥੇਦਾਰਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਸੀ, ਅਤੇ ਅੱਜ ਉਸੇ ਸੰਸਥਾ ਦੇ ਆਗੂਆਂ ਨੇ ਦੋ ਹੋਰ ਜਥੇਦਾਰਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਕੇ ਇੱਕ ਵੱਡਾ ਫੈਸਲਾ ਲਿਆ ਹੈ।
ਉਨ੍ਹਾਂ ਨੇ ਆਪਣੀ ਤਿੱਖੀ ਟਿੱਪਣੀ ਵਿੱਚ ਕਿਹਾ ਕਿ ਇਹ ਘਟਨਾ ਸਿੱਖ ਇਤਿਹਾਸ ਵਿੱਚ ਇੱਕ ਕਾਲੇ ਅੱਖਰ ਵਜੋਂ ਯਾਦ ਰਹੇਗੀ। ਇਸ ਦੇ ਨਾਲ ਹੀ, ਉਨ੍ਹਾਂ ਨੇ ਸਿੱਖ ਸੰਸਥਾਵਾਂ ‘ਤੇ ਕਬਜ਼ਾ ਕਰਨ ਵਾਲੇ ਪਰਿਵਾਰ ‘ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅੱਜ ਸਿੱਖ ਇਤਿਹਾਸ ਦੀ ਜੜ੍ਹ ਖੋਦਣ ਦਾ ਕੰਮ ਕੀਤਾ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਦੀ ਇਸ ਬਿਆਨਬਾਜ਼ੀ ਨੇ ਸਿੱਖ ਭਾਈਚਾਰੇ ਵਿੱਚ ਚਰਚਾ ਦਾ ਮਾਹੌਲ ਗਰਮ ਕਰ ਦਿੱਤਾ ਹੈ।