ਚੰਡੀਗੜ੍ਹ, 17 ਜੁਲਾਈ : ਪੰਜਾਬ ਵਿੱਚ ਵਧ ਰਹੇ ਕਾਨੂੰਨ-ਵਿਵਸਥਾ ਦੇ ਮਾਮਲਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ’ਚ ਇਕ ਉੱਚ ਪੱਧਰੀ ਮੀਟਿੰਗ ਬੁਲਾਈ। ਇਸ ਮੀਟਿੰਗ ਵਿੱਚ ਡੀਜੀਪੀ ਗੌਰਵ ਯਾਦਵ ਸਮੇਤ ਕਈ ਸੀਨੀਅਰ ਪੁਲਿਸ ਅਧਿਕਾਰੀ ਮੌਜੂਦ ਰਹੇ।
ਮੁੱਖ ਮੰਤਰੀ ਨੇ ਅਧਿਕਾਰੀਆਂ ਤੋਂ ਸੂਬੇ ਦੀ ਮੌਜੂਦਾ ਸੁਰੱਖਿਆ ਸਥਿਤੀ ’ਤੇ ਵਿਸਥਾਰ ਨਾਲ ਰਿਪੋਰਟ ਮੰਗੀ ਅਤੇ ਹੁਕਮ ਦਿੱਤੇ ਕਿ ਰਾਜ ਵਿੱਚ ਅਮਨ ਕਾਇਮ ਰੱਖਣ ਲਈ ਹਰ ਸੰਭਵ ਕਦਮ ਉਠਾਏ ਜਾਣ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੈ।
ਮਾਨ ਨੇ ਆਦੇਸ਼ ਦਿੱਤੇ ਕਿ ਨਸ਼ਾ, ਗੈਂਗਸਟਰ ਗਤੀਵਿਧੀਆਂ, ਅਤੇ ਅਪਰਾਧਿਕ ਤੱਤਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਮੀਟਿੰਗ ਦੌਰਾਨ ਕਈ ਹਾਲੀਆ ਘਟਨਾਵਾਂ ਦੀ ਵੀ ਸਮੀਖਿਆ ਕੀਤੀ ਗਈ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਵੀ ਵਧੇਰੇ ਚੌਕਸੀ ਅਤੇ ਸੂਚਨਾ ਤੰਤਰ ਨੂੰ ਮਜ਼ਬੂਤ ਕੀਤਾ ਜਾਵੇ।
