ਗੁਰਪ੍ਰੀਤ ਸਿੰਘ :- ਐੱਨਐੱਸਕਿਊਐੱਫ ਵੋਕੇਸ਼ਨਲ ਟੀਚਰਜ਼ ਫਰੰਟ ਪੰਜਾਬ ਨੇ ਸ਼ੁੱਕਰਵਾਰ ਨੂੰ ਆਪਣੀਆਂ ਮੰਗਾਂ ਸਬੰਧੀ ਸੀਐੱਮ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਕਾਰ ਧੱਕਾ-ਮੁੱਕੀ ਹੋ ਗਈ। ਪ੍ਰਦਰਸ਼ਨਕਾਰੀ ਪੱਕਾ ਮੋਰਚਾ ਲਾਉਣ ਲਈ ਬਜਿੱਦ ਸਨ, ਪਰ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਨਾ ਵਧਣ ਦਿੱਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਅਧਿਆਪਕਾਂ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ’ਚ 3670 ਐੱਨਐੱਸਕਿਊਐੱਫ ਵੋਕੇਸ਼ਨਲ ਅਧਿਆਪਕ ਕੰਮ ਕਰ ਰਹੇ ਹਨ, ਜਿਨਾਂ ਨੂੰ ਪੰਜਾਬ ਸਰਕਾਰ ਨੇ ਪਿਛਲੇ 12 ਸਾਲਾਂ ਤੋਂ ਆਊਟਸੋਰਸ/ਕੰਪਨੀਆਂ ਅਧੀਨ ਭਰਤੀ ਕੀਤਾ ਹੋਇਆ ਹੈ ਪਰ ਇਨ੍ਹਾਂ ਕੰਪਨੀਆਂ ਤੋਂ ਮਿਲਣ ਵਾਲੇ ਕਮਿਸ਼ਨ ਕਾਰਨ ਸਰਕਾਰ ਇਨ੍ਹਾਂ ’ਤੇ ਕੋਈ ਕਾਰਵਾਈ ਨਹੀਂ ਕਰਦੀ। ਅਣਗਿਣਤ ਮੀਟਿੰਗਾਂ ਕਰਨ ਉਪਰੰਤ ਵੀ ਸਰਕਾਰ ਤੇ ਵਿਭਾਗ ਵੱਲੋਂ ਹਾਲੇ ਤੱਕ ਇਨ੍ਹਾਂ ਅਧਿਆਪਕਾਂ ਦੇ ਹੱਕ ’ਚ ਕੋਈ ਪਾਲਿਸੀ ਨਹੀਂ ਬਣਾਈ ਗਈ। ਹਰ ਮੀਟਿੰਗ ’ਚ ਅਧਿਆਪਕਾਂ ਦਾ ਡਾਟਾ ਇਕੱਠਾ ਕਰਨ ਦੀ ਗੱਲ ਕੀਤੀ ਜਾਂਦੀ ਹੈ। ਪਿਛਲੇ ਪੰਜ ਮਹੀਨਿਆਂ ਤੋਂ ਵਿਭਾਗ ਤੇ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦਾ ਡਾਟਾ ਹੀ ਇਕੱਠਾ ਨਹੀਂ ਕੀਤਾ ਗਿਆ, ਜਦਕਿ ਸਰਕਾਰ ਕੋਲ ਹਰੇਕ ਅਧਿਆਪਕ ਦੀ ਪੂਰੀ ਜਾਣਕਾਰੀ ਮੌਜੂਦ ਹੈ। ਦੂਜੇ ਪਾਸੇ ਹਰਿਆਣਾ ਤੇ ਦਿੱਲੀ ’ਚ ਵੋਕੇਸ਼ਨਲ ਅਧਿਆਪਕ ਕਿਤੇ ਵੱਧ ਤਨਖਾਹਾਂ ਤੇ ਸੁਰੱਖਿਆ ਦੀ ਨੀਤੀ ਪਿਛਲੇ 5 ਸਾਲਾਂ ਤੋਂ ਚੱਲ ਰਹੀ ਹੈ।
ਉਨ੍ਹਾਂ ਦੱਸਿਆ ਕਿ ਅੱਜ ਦਾ ਰੋਸ ਪ੍ਰਦਰਸ਼ਨ ਕੇਵਲ ਇਕ ਚਿਤਾਵਨੀ ਸੀ। ਜੇਕਰ ਸਰਕਾਰ ਨੇ ਜਲਦ ਸਾਡੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਤਾਂ ਗੁਪਤ ਤੇ ਤਿੱਖੇ ਪ੍ਰਦਰਸ਼ਨ ਕੀਤੇ ਜਾਣਗੇ, ਜਿਸ ਦਾ ਨੁਕਸਾਨ ਸਰਕਾਰ ਨੂੰ ਆਉਣ ਵਾਲੀਆਂ ਵੋਟਾਂ ’ਚ ਭਰਨਾ ਪਵੇਗਾ। ਪੰਜਾਬ ਸਰਕਾਰ ਇਨਾਂ ਪ੍ਰਾਈਵਟ ਕੰਪਨੀਆਂ ਨੂੰ ਪੱਕੇ ਤੌਰ ’ਤੇ ਬਾਹਰ ਕੱਢ ਕੇ ਐੱਨਐੱਸਕਿਊਐੱਫ ਅਧਿਆਪਕਾਂ ਨੂੰ ਸਿੱਖਿਆ ਵਿਭਾਗ ’ਚ ਮਰਜ ਕੀਤਾ ਜਾਵੇ। ਇਸ ਮੌਕੇ ਸਟੇਟ ਕਮੇਟੀ ਮੈਂਬਰ ਰਣਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਰੋਪੜ੍ਹ, ਰਣਜੀਤ ਸਿੰਘ ਨਵਾਂਸ਼ਹਿਰ, ਗੁਰਜੀਤ ਸਿੰਘ ਬਠਿੰਡਾ, ਮਹਿਤਾਬ ਸਿੰਘ ਫਿਰੋਜ਼ਪੁਰ ਤੇ ਮਨਪ੍ਰੀਤ ਸਿੰਘ ਮੁਕਤਸਰ ਸਾਹਿਬ ਮੌਜੂਦ ਸਨ।
ਇਹ ਵੀ ਪੜ੍ਹੋ
