ਅੰਮ੍ਰਿਤਸਰ (ਗੁਰਪ੍ਰੀਤ ਸਿੰਘ): ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ, ਜਿਸ ਵਿੱਚ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ‘ਤਨਖ਼ਾਹੀਆ’ ਕਰਾਰ ਦੇਣ ਦੇ ਫੈਸਲੇ ਨੂੰ ਗੈਰ ਸਿਧਾਂਤਕ ਕਰਾਰ ਦਿੰਦੇ ਹੋਏ ਇਸ ਨੂੰ ਰੱਦ ਕਰ ਦਿੱਤਾ ਗਿਆ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਇਸ ਫੈਸਲੇ ਨੂੰ ‘ਅਧਿਕਾਰ ਖੇਤਰ ਤੋਂ ਬਾਹਰ’ ਦੱਸਦੇ ਹੋਏ ਕਿਹਾ ਕਿ ਇਹ ਫੈਸਲਾ ਸਿੱਖ ਰਵਾਇਤਾਂ ਦੀ ਉਲਟ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬ ਉੱਚਤਾ ਲਈ ਚੁਣੌਤੀ ਹੈ। ਜਥੇਦਾਰ ਗੜਗੱਜ ਨੇ ਸਪੱਸ਼ਟ ਕੀਤਾ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਲਿਆ ਗਿਆ ਇਹ ਫੈਸਲਾ ਸਿੱਖ ਪੰਥ ਦੀਆਂ ਸਿਧਾਂਤਕ ਮਰਿਆਦਾਵਾਂ ਦੇ ਉਲਟ ਹੈ ਅਤੇ ਇਸ ਨੂੰ ਪ੍ਰਵਾਨ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ, “ਇਹ ਫੈਸਲਾ ਸਿਰਫ਼ ਇੱਕ ਗੈਰ ਸਿਧਾਂਤਕ ਕਦਮ ਹੀ ਨਹੀਂ, ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰ ਨੂੰ ਚੁਣੌਤੀ ਦੇਣ ਵਾਲਾ ਵੀ ਹੈ।” ਇਸ ਦੇ ਨਾਲ ਹੀ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਗੁਰਦਿਆਲ ਸਿੰਘ ਨੂੰ ਵੀ ‘ਤਨਖ਼ਾਹੀਆ’ ਐਲਾਨਿਆ ਗਿਆ ਹੈ।
ਇਕੱਤਰਤਾ ਦੌਰਾਨ ਲਏ ਗਏ ਫੈਸਲੇ ਅਨੁਸਾਰ, ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ, ਇਸ ਦੇ ਮੈਂਬਰਾਂ ਅਤੇ ਪ੍ਰਬੰਧਕਾਂ ਨੂੰ 15 ਦਿਨਾਂ ਅੰਦਰ ਸਪੱਸ਼ਟੀਕਰਨ ਦੇਣ ਦੀ ਮੰਗ ਕੀਤੀ ਗਈ ਹੈ। ਜੇਕਰ ਇਹ ਮੰਗ ਪੂਰੀ ਨਹੀਂ ਹੁੰਦੀ, ਤਾਂ ਸਖ਼ਤ ਪੰਥਕ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ ਵੀ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਜਥੇਦਾਰ ਟੇਕ ਸਿੰਘ ਧਨੌਲਾ ਨੂੰ ਤਲਬ ਕੀਤਾ ਗਿਆ ਸੀ, ਜਿਸ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਗੈਰ ਸੰਵੈਧਾਨਿਕ ਕਰਾਰ ਦਿੱਤਾ ਸੀ।
ਇਸ ਸਬੰਧੀ ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖ ਪੰਥ ਦੀ ਸਿਧਾਂਤਕ ਮਰਿਆਦਾ ਨੂੰ ਕਾਇਮ ਰੱਖਣ ਲਈ ਅਜਿਹੇ ਫੈਸਲਿਆਂ ਨੂੰ ਰੋਕਿਆ ਜਾਵੇਗਾ। ਇਸ ਵਿਵਾਦ ਨੇ ਸਿੱਖ ਸੰਗਤਾਂ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਕੁਝ ਸੰਗਤਾਂ ਨੇ ਸ੍ਰੀ ਅਕਾਲ ਤਖ਼ਤ ਦੇ ਫੈਸਲੇ ਦਾ ਸਵਾਗਤ ਕੀਤਾ ਹੈ, ਜਦਕਿ ਹੋਰਨਾਂ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਇਸ ਕਾਰਵਾਈ ਨੂੰ ਜਾਇਜ਼ ਦੱਸਦੇ ਹੋਏ ਸਵਾਲ ਉਠਾਏ ਹਨ। ਇਸ ਮਾਮਲੇ ‘ਤੇ ਅਗਲੀ ਕਾਰਵਾਈ ਲਈ ਸੰਗਤਾਂ ਦੀਆਂ ਅੱਖਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਗਲੇ ਫੈਸਲਿਆਂ ‘ਤੇ ਟਿਕੀਆਂ ਹਨ।