ਮੁੱਖ ਮੰਤਰੀ ਮਾਨ ਨੇ CII ਨਾਲ ਮਿਲ ਕੇ ਫ਼ਸਲੀ ਰਹਿੰਦ-ਖੂੰਹਦ ਤੇ ਉਦਯੋਗਿਕ ਵਿਕਾਸ ਲਈ ਕੰਮ ਕਰਨ ਦਾ ਦਿੱਤਾ ਸੱਦਾ

ਚੰਡੀਗੜ੍ਹ, 9 ਸਤੰਬਰ (ਗੁਰਪ੍ਰੀਤ ਸਿੰਘ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ, ਗਿਆਨ ਅਤੇ ਤਕਨਾਲੋਜੀ ਦੇ ਆਦਾਨ-ਪ੍ਰਦਾਨ ਰਾਹੀਂ ਬਾਗਬਾਨੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਜਾਣ ਲਈ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਵਾਸਤੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਸੀ.ਆਈ.ਆਈ. ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਰੋਤ ਦੀ ਸੁਚੱਜੀ ਵਰਤੋਂ, ਜਲਵਾਯੂ ਪਰਿਵਰਤਨ ਨਾਲ ਨਜਿੱਠਣ ਅਤੇ ਸਾਫ਼-ਸੁਥਰੀ ਤਕਨਾਲੋਜੀ ‘ਤੇ ਜ਼ੋਰ ਦਿੱਤਾ। ਉਨ੍ਹਾਂ ਮਾਲਵਾ ਖੇਤਰ, ਖਾਸ ਕਰਕੇ ਸੰਗਰੂਰ ਅਤੇ ਬਰਨਾਲਾ ਵਿੱਚ ਸ਼ੁਰੂ ਕੀਤੀਆਂ ਪਹਿਲਕਦਮੀਆਂ ਦੇ ਨਾਲ-ਨਾਲ ਲੁਧਿਆਣਾ ਵਿੱਚ ਪ੍ਰਸਤਾਵਿਤ ਮਲਟੀ-ਸਕਿੱਲ ਟ੍ਰੇਨਿੰਗ ਇੰਸਟੀਚਿਊਟ ਅਤੇ ਜਲੰਧਰ ਵਿੱਚ ਇੱਕ ਅਤਿ-ਆਧੁਨਿਕ ਲੈਬਾਰਟਰੀ ਵਾਲਾ ਸੈਂਟਰ ਆਫ਼ ਐਕਸੀਲੈਂਸ ਫਾਰ ਟੈਕਨੀਕਲ ਟੈਕਸਟਾਈਲਜ਼ ਤਿਆਰ ਕਰਨ ਸਮੇਤ ਨਵੀਆਂ ਹੁਨਰ ਨਿਰਮਾਣ ਅਤੇ ਤਕਨਾਲੋਜੀ ਅਧਾਰਤ ਪਹਿਲਕਦਮੀਆਂ ਬਾਰੇ ਗੱਲਬਾਤ ਕੀਤੀ।

ਇਸ ਮੀਟਿੰਗ ਬਾਰੇ ਕੁਝ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਅਕਾਊਂਟ ‘ਤੇ ਕਿਹਾ, “ਅੱਜ, ਮੇਰੀ ਚੰਡੀਗੜ੍ਹ ਵਿੱਚ ਸੀ.ਆਈ.ਆਈ. ਉੱਤਰੀ ਖੇਤਰ ਦੇ ਚੇਅਰਮੈਨ ਨਾਲ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਅਸੀਂ ਪੰਜਾਬ ਵਿੱਚ ਉਦਯੋਗਿਕ ਵਿਕਾਸ, ਨਵੇਂ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਬਾਰੇ ਵਿਆਪਕ ਚਰਚਾ ਕੀਤੀ। ਸਾਡੀ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਉਦਯੋਗਿਕ ਕੇਂਦਰ ਬਣਾਉਣ ਅਤੇ ਕਾਰੋਬਾਰਾਂ ਲਈ ਅਨੁਕੂਲ ਮਾਹੌਲ ਸਿਰਜਣ ਵਾਸਤੇ ਲਗਾਤਾਰ ਕੰਮ ਕਰ ਰਹੀ ਹੈ। ਅਸੀਂ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”

ਸੀ.ਆਈ.ਆਈ. ਦੇ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਲਈ ਪੰਜਾਬ ਸਰਕਾਰ ਅਤੇ ਸੀ.ਆਈ.ਆਈ. ਦਾ ਮਿਲ ਕੇ ਕੰਮ ਕਰਨਾ ਬੇਹੱਦ ਜ਼ਰੂਰੀ ਹੈ। ਸਾਡਾ ਧਿਆਨ ਸਥਿਰਤਾ, ਸਰੋਤ ਦੀ ਸੁਚੱਜੀ ਵਰਤੋਂ, ਜਲਵਾਯੂ ਪਰਿਵਰਤਨ ਨਾਲ ਨਜਿੱਠਣ ਅਤੇ ਸਾਫ਼-ਸੁਥਰੀ ਤਕਨਾਲੋਜੀ ‘ਤੇ ਹੋਣਾ ਚਾਹੀਦਾ ਹੈ, ਜਿਸ ਨਾਲ ਇੱਕ ਪਾਸੇ ਕਿਸਾਨਾਂ ਨੂੰ ਲਾਭ ਹੋਵੇਗਾ ਅਤੇ ਦੂਜੇ ਪਾਸੇ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਇਆ ਜਾਵੇਗਾ।”

ਮੁੱਖ ਮੰਤਰੀ ਨੇ ਸੀ.ਆਈ.ਆਈ. ਨੂੰ ਮਾਲਵਾ ਖੇਤਰ, ਵਿਸ਼ੇਸ਼ ਤੌਰ ‘ਤੇ ਸੰਗਰੂਰ ਅਤੇ ਬਰਨਾਲਾ, ਜਿੱਥੇ ਝੋਨੇ ਦੀ ਪਰਮਲ ਕਿਸਮ ਦੀ ਖੇਤੀ ਹੁੰਦੀ ਹੈ, ਤੋਂ ਇਲਾਵਾ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਵੀ ਫ਼ਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਦੇ ਯਤਨਾਂ ਨੂੰ ਵਧਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ, “ਪੰਜਾਬ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਟਿਕਾਊ ਅਤੇ ਤਕਨਾਲੋਜੀ-ਆਧਾਰਤ ਹੱਲ ਅਪਣਾਉਣ ਲਈ ਵਚਨਬੱਧ ਹੈ। ਸਰਕਾਰ, ਉਦਯੋਗ ਅਤੇ ਹੋਰ ਭਾਈਵਾਲਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ ਤਾਂ ਜੋ ਕਿਸਾਨਾਂ ਨੂੰ ਵਿਹਾਰਕ, ਸਸਤੇ ਅਤੇ ਪ੍ਰਭਾਵਸ਼ਾਲੀ ਹੱਲ ਮਿਲ ਸਕਣ ਅਤੇ ਸੂਬਾ ਸਾਫ਼ ਅਤੇ ਸਵੱਛ ਭਵਿੱਖ ਵੱਲ ਮਜ਼ਬੂਤੀ ਨਾਲ ਅੱਗੇ ਵਧ ਸਕੇ।”

ਮੁੱਖ ਮੰਤਰੀ ਨੇ ਸੀ.ਆਈ.ਆਈ. ਐਗਰੋ ਟੈਕ ਇੰਡੀਆ 2026 ਦੌਰਾਨ ‘ਵਰਲਡ ਹੌਰਟੀਕਲਚਰ ਸੈਂਟਰ’ ਦੇ ਭਾਰਤ ਦੌਰੇ ਨੂੰ ਸੁਚਾਰੂ ਬਣਾਉਣ ਲਈ ਸੀ.ਆਈ.ਆਈ. ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਅੱਗੇ ਕਿਹਾ, “ਖੇਤੀਬਾੜੀ ਅਤੇ ਉਦਯੋਗਿਕ ਦੋਵਾਂ ਖੇਤਰਾਂ ਵਿੱਚ ਗਿਆਨ ਅਤੇ ਮੁਹਾਰਤ ਦੇ ਆਦਾਨ-ਪ੍ਰਦਾਨ ਰਾਹੀਂ ਪੰਜਾਬ ਨੂੰ ਅਜਿਹੇ ਦੌਰਿਆਂ ਤੋਂ ਬਹੁਤ ਲਾਭ ਹੋਵੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਬਾਗਬਾਨੀ ਖੇਤਰ ਨੂੰ ਮਜ਼ਬੂਤ ਕਰਨ ਅਤੇ ਸੂਬੇ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਗਿਆਨ ਦੇ ਆਦਾਨ-ਪ੍ਰਦਾਨ ਅਤੇ ਤਕਨਾਲੋਜੀ ਸਹਿਯੋਗ ‘ਤੇ ਹੋਰ ਜ਼ੋਰ ਦਿੱਤਾ। ਉਨ੍ਹਾਂ ਨੇ ਕਾਰੋਬਾਰ ਕਰਨ ਦੀ ਸੌਖ ਅਤੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਮੁੱਖ ਕੇਂਦਰਾਂ ‘ਤੇ ਉਦਯੋਗਿਕ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਕਾਰੋਬਾਰ ਕਰਨ ਦੀ ਸੌਖ ਵਿੱਚ ਸੁਧਾਰ ਕਰਨ, ਲਾਗਤਾਂ ਘਟਾਉਣ ਅਤੇ ਸੂਬੇ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਆਧੁਨਿਕ ਅਤੇ ਯੋਜਨਾਬੱਧ ਬੁਨਿਆਦੀ ਢਾਂਚਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਉਦਯੋਗਿਕ ਖੇਤਰਾਂ ਨੂੰ ਭਰੋਸੇਯੋਗ ਅਤੇ ਮਿਆਰੀ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਾਲ-ਨਾਲ ਉਦਯੋਗਿਕ ਕੰਮਕਾਜ ਨੂੰ ਪ੍ਰਭਾਵਿਤ ਕਰਨ ਵਾਲੀਆਂ ਅਹਿਮ ਬੁਨਿਆਦੀ ਢਾਂਚੇ ਦੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਵਚਨਬੱਧ ਹੈ।”

ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਪ੍ਰਸਤਾਵਿਤ ਮਲਟੀ-ਸਕਿੱਲ ਟ੍ਰੇਨਿੰਗ ਇੰਸਟੀਚਿਊਟ (ਐਮ.ਐਸ.ਟੀ.ਆਈ.) ਸਥਾਪਿਤ ਕਰਨ ਲਈ ਸੀ.ਆਈ.ਆਈ. ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਕਿਹਾ ਕਿ ਅਜਿਹੀ ਪਹਿਲਕਦਮੀ ਸਮੇਂ ਦੀ ਮੁੱਖ ਲੋੜ ਹੈ। ਮੁੱਖ ਮੰਤਰੀ ਨੇ ਕਿਹਾ, “ਪ੍ਰਸਤਾਵਿਤ ਮਲਟੀ-ਸਕਿੱਲ ਟ੍ਰੇਨਿੰਗ ਇੰਸਟੀਚਿਊਟ ਸਥਾਨਕ ਉਦਯੋਗ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਪੰਜਾਬ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਤਿਆਰ ਕਰਨ ਵਿੱਚ ਮਦਦ ਕਰਨ ਦੇ ਨਾਲ-ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ। ਉਦਯੋਗਿਕ ਖੇਤਰ ਦੀਆਂ ਲੋੜਾਂ ਅਨੁਸਾਰ ਹੁਨਰ ਵਿਕਾਸ ਨੂੰ ਹੁਲਾਰਾ ਦੇਣਾ ਪੰਜਾਬ ਦੇ ਆਰਥਿਕ ਵਿਕਾਸ ਨੂੰ ਮਜ਼ਬੂਤ ਕਰਨ ਲਈ ਬਹੁਤ ਜ਼ਰੂਰੀ ਹੈ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੀ.ਆਈ.ਆਈ. ਨੂੰ ਜਲੰਧਰ ਵਿੱਚ ਇੱਕ ਅਲਟਰਾ-ਮਾਡਰਨ ਲੈਬਾਰਟਰੀ ਦੇ ਨਾਲ ਪੰਜਾਬ ਵਿੱਚ ‘ਸੈਂਟਰ ਆਫ਼ ਐਕਸੀਲੈਂਸ ਫ਼ਾਰ ਟੈਕਨੀਕਲ ਟੈਕਸਟਾਈਲ’ ਸਥਾਪਿਤ ਕਰਨ ਦੀ ਸੰਭਾਵਨਾ ਬਾਰੇ ਪਤਾ ਲਗਾਉਣਾ ਚਾਹੀਦਾ ਹੈ। ਉਨ੍ਹਾਂ ਨੇ ਸਿਖਲਾਈ ਪ੍ਰਾਪਤ ਮਾਨਵ ਸ਼ਕਤੀ ਪ੍ਰਦਾਨ ਕਰਨ ਅਤੇ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਣ ਲਈ ਰੱਖਿਆ ਨਿਰਮਾਣ ਉਦਯੋਗਾਂ ਲਈ ਵਿਸ਼ੇਸ਼ ਸਕਿੱਲ ਸੈਂਟਰ ਸਥਾਪਿਤ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।

ਇਸ ਮੀਟਿੰਗ ਦੌਰਾਨ ਖੇਤੀਬਾੜੀ, ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ, ਬਾਗਬਾਨੀ, ਬੁਨਿਆਦੀ ਢਾਂਚਾ, ਹੁਨਰ ਵਿਕਾਸ ਅਤੇ ਉੱਭਰ ਰਹੇ ਉਦਯੋਗਿਕ ਖੇਤਰਾਂ ਵਿੱਚ ਸਰਕਾਰ-ਉਦਯੋਗ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਗਿਆ, ਜਿਸ ਦਾ ਸਾਂਝਾ ਉਦੇਸ਼ ਟਿਕਾਊ ਵਿਕਾਸ ਨੂੰ ਹੁਲਾਰਾ ਦੇਣਾ ਅਤੇ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨਾ ਸੀ।

By Gurpreet Singh

Leave a Reply

Your email address will not be published. Required fields are marked *