ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ‘ਚ ਠੰਡ ਨੇ ਲੋਕਾਂ ਨੂੰ ਕਾਂਬਾ ਛੇੜਨਾ ਸ਼ੁਰੂ ਕਰ ਦਿੱਤਾ ਹੈ। ਸਵੇਰੇ ਅਤੇ ਸ਼ਾਮ ਦੇ ਸਮੇਂ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਹੁਣ ਮੌਸਮ ਵਿਭਾਗ ਵਲੋਂ ਅੱਜ ਅਤੇ ਭਲਕੇ ਲਈ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਫਿਰੋਜ਼ਪੁਰ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ, ਮੋਗਾ ਅਤੇ ਜਲੰਧਰ ਜ਼ਿਲ੍ਹਿਆਂ ‘ਚ 30 ਨਵੰਬਰ ਅਤੇ 1 ਦਸੰਬਰ ਨੂੰ ਸੀਤ ਲਹਿਰ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਹੈ ਅਤੇ ਇਨ੍ਹਾਂ ਦਿਨਾਂ ‘ਚ ਮੌਸਮ ਖ਼ੁਸ਼ਕ ਬਣਿਆ ਰਹੇਗਾ।
ਇਸ ਦੌਰਾਨ ਤਾਪਮਾਨ ‘ਚ ਵੀ ਗਿਰਾਵਟ ਦਰਜ ਕੀਤੀ ਜਾਵੇਗੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉੱਤਰੀ ਪਾਕਿਸਤਾਨ ਤੋਂ ਇਕ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਇਸ ਕਾਰਨ ਆਉਣ ਵਾਲੇ ਦਿਨਾਂ ‘ਚ ਸੂਬੇ ਦੇ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।
ਵਿਭਾਗ ਦੇ ਮੁਤਾਬਕ ਦਸੰਬਰ ਦੇ ਪਹਿਲੇ ਹਫ਼ਤੇ ਵੀ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ, ਹਾਲਾਂਕਿ ਸੂਬੇ ਦੇ ਕੁੱਝ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਧੁੰਦ ਪੈ ਸਕਦੀ ਹੈ। ਆਉਣ ਵਾਲੇ 3 ਦਿਨਾਂ ‘ਚ ਰਾਤ ਦੇ ਤਾਪਮਾਨ ‘ਚ 2 ਤੋਂ 4 ਡਿਗਰੀ ਤੱਕ ਦੀ ਕਮੀ ਹੋ ਸਕਦੀ ਹੈ।
