PSPCL ‘ਚ ਭ੍ਰਿਸ਼ਟਾਚਾਰ: ਨਾਭਾ ਦੇ ਐਸਡੀਓ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਪਟਿਆਲਾ, 24 ਮਈ – ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵਿੱਚ ਭ੍ਰਿਸ਼ਟਾਚਾਰ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਯੂਨਿਟ ਨੇ ਇੱਕ ਸੀਨੀਅਰ ਅਧਿਕਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਅਧਿਕਾਰੀ ਦੀ ਪਛਾਣ ਐਸਡੀਓ ਮਹਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਨਾਭਾ ਦੇ ਪੇਂਡੂ ਖੇਤਰ ਘਮਰੋਦਾ ਵਿੱਚ ਤਾਇਨਾਤ ਸੀ।

ਮਹਿੰਦਰ ਸਿੰਘ ‘ਤੇ ਇੱਕ ਕਿਸਾਨ ਤੋਂ ਮੋਟਰ ਕੁਨੈਕਸ਼ਨ ਦਿਵਾਉਣ ਲਈ 50,000 ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਹੈ। ਕਿਸਾਨ ਨੇ ਇਸ ਬਾਰੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਫਲਾਇੰਗ ਸਕੁਐਡ, ਮੋਹਾਲੀ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਰਿਸ਼ਵਤ ਲੈਂਦੇ ਹੋਏ ਕਾਬੂ ਕਰ ਲਿਆ।

ਅਧਿਕਾਰੀਆਂ ਅਨੁਸਾਰ ਮਹਿੰਦਰ ਸਿੰਘ ਤੋਂ ਰਿਸ਼ਵਤ ਦੀ ਰਕਮ ਮੌਕੇ ‘ਤੇ ਹੀ ਬਰਾਮਦ ਕਰ ਲਈ ਗਈ ਅਤੇ ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਵਿਜੀਲੈਂਸ ਬਿਊਰੋ ਨੇ ਇਸ ਕਾਰਵਾਈ ਨੂੰ ਪੀਐਸਪੀਸੀਐਲ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਇੱਕ ਸਖ਼ਤ ਸੰਦੇਸ਼ ਦੱਸਿਆ ਹੈ ਅਤੇ ਕਿਹਾ ਹੈ ਕਿ ਸੂਬੇ ਵਿੱਚ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।

By Gurpreet Singh

Leave a Reply

Your email address will not be published. Required fields are marked *