ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਕਾਂਗਰਸ ਵਿੱਚ ਹੁਣ ਦਲਿਤ ਤੇ ਜੱਟ ਸਿੱਖ ਦਾ ਮੁੱਦਾ ਉਠ ਰਿਹਾ ਹੈ। ਹਾਲਾਂਕਿ ਸਾਬਕਾ ਮੁੱਖ ਮੰਤਰੀ ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਿਆ ਹੈ। ਦੂਜੇ ਪਾਸੇ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਵੜਿੰਗ ਨੇ ਕਿਹਾ ਕਿ ਕਾਂਗਰਸ ਦਲਿਤਾਂ ਨੂੰ ਹਮੇਸ਼ਾ ਆਪਣੇ ਸਿਰ ਉਤੇ ਬਿਠਾਉਂਦੀ ਹੈ। ਦਲਿਤ ਸਾਡੇ ਸਿਰ ਦਾ ਤਾਜ ਹੈ।
ਇੱਕ ਅਖਬਾਰ ਵਿੱਚ ਛਪੀ ਖਬਰ ਮੁਤਾਬਕ ਸ਼ਨਿੱਚਰਵਾਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦੀ ਮੀਟਿੰਗ ਵਿੱਚ ਨਾਟਕੀ ਦ੍ਰਿਸ਼ ਦੇਖਣ ਨੂੰ ਮਿਲੇ ਜਿੱਥੇ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬਾਈ ਪਾਰਟੀ ਇਕਾਈ ਵਿੱਚ ਜੱਟ ਸਿੱਖਾਂ ਦੇ ਮੁਕਾਬਲੇ ਦਲਿਤ ਆਗੂਆਂ ਦੀ ਨੁਮਾਇੰਦਗੀ ਦੀ ਘਾਟ ‘ਤੇ ਤਿੱਖਾ ਹਮਲਾ ਕੀਤਾ। ਇਹ ਸਭ ਕੁਝ ਪਾਰਟੀ ਦੇ ਅਨੁਸੂਚਿਤ ਜਾਤੀ (ਐਸਸੀ) ਵਿਭਾਗ ਦੀ ਮੀਟਿੰਗ ਦੌਰਾਨ ਵਾਪਰਿਆ। ਮੀਟਿੰਗ ਵਿੱਚ ਮੌਜੂਦ ਲੋਕਾਂ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਐਸਸੀ ਵਿਭਾਗ ਦੇ ਚੇਅਰਮੈਨ ਅਤੇ ਰਾਸ਼ਟਰੀ ਕੋਆਰਡੀਨੇਟਰ ਕ੍ਰਮਵਾਰ ਰਾਜਿੰਦਰ ਪਾਲ ਗੌਤਮ ਅਤੇ ਸੁਧੀਰ ਚੌਧਰੀ, ਪਾਰਟੀ ਦੀ ਪੰਜਾਬ ਇਕਾਈ ਦੇ ਮੁਖੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਏਆਈਸੀਸੀ ਸਕੱਤਰ ਰਵਿੰਦਰ ਦਲਵੀ ਸ਼ਾਮਲ ਸਨ।
ਹੁਣ ਮੀਡੀਆ ਸਾਹਮਣੇ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਗਰੀਬਾਂ ਨੂੰ ਸਿਰ ਮੱਥੇ ਬਿਠਾਉਂਦੀ ਹੈ। ਉਨ੍ਹਾਂ ਨੇ ਕਿਹਾ ਕਿ ਸਭ ਤੋਂ ਵੱਡਾ ਅਹੁਦਾ ਸੀਡਬਲਯੂਸੀ ਦਾ ਹੁੰਦਾ ਹੈ ਤੇ ਚੰਨੀ ਸਾਹਿਬ ਉਸ ਦੇ ਮੈਂਬਰ ਸਨ। ਉਨ੍ਹਾਂ ਨੇ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਮੁੱਖ ਮੰਤਰੀ ਬਣ ਰਹੇ ਸਨ ਪਰ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਦਲਿਤ ਤੇ ਗਰੀਬ ਸਾਡੇ ਸਿਰ ਦਾ ਤਾਜ ਹੈ। ਕਾਂਗਰਸ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਤ-ਪਾਤ ਤੇ ਭੇਦਭਾਵ ਨਹੀਂ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਫਜ਼ੂਲ ਚਰਚਾ ਛੇੜ ਦਿੱਤੀ ਗਈ ਹੈ।
ਦੂਜੇ ਪਾਸੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸਬੂਤ ਹੈ ਤਾਂ ਪੇਸ਼ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਸਾਡੀ ਪਾਰਟੀ ਵਿਚੋਂ ਹੀ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅੰਦਰ ਅਜਿਹੀ ਕੋਈ ਵੀ ਗੱਲ ਨਹੀਂ। ਉਨ੍ਹਾਂ ਨੇ ਕਿਹਾ ਕਿ ਮੇਰੀ ਇਮੇਜ਼ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਖਬਾਰ ਵੀ ਖਬਰ ਵਾਪਸ ਲੈ ਲਈ ਹੈ। ਉਨ੍ਹਾਂ ਨੇ ਸਾਰੇ ਦੋਸ਼ਾਂ ਨੂੰ ਮੁੱਢੋਂ ਨਕਾਰ ਦਿੱਤਾ ਹੈ।
