ਅੰਮ੍ਰਿਤਸਰ (ਨੈਸ਼ਨਲ ਟਾਈਮਜ਼): ਸ਼੍ਰੋਮਣੀ ਅਕਾਲੀ ਦਲ ਨੇ ਗੁਰਦੁਆਰਾ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਚੋਣਾਂ ਦੀਆਂ ਵੋਟਰ ਸੂਚੀਆਂ ‘ਚੋਂ ਉਹਨਾਂ ਵੋਟਾਂ ਨੂੰ ਰੱਦ ਕੀਤਾ ਜਾਵੇ, ਜਿਨ੍ਹਾਂ ਵਿੱਚ “ਸਿੰਘ” ਜਾਂ “ਕੌਰ” ਸ਼ਬਦ ਨਹੀਂ ਦਰਜ।
ਦਲਜੀਤ ਸਿੰਘ ਚੀਮਾ ਨੇ ਪੱਤਰ ਲਿਖਦੇ ਕਿਹਾ “ਸ਼੍ਰੋਮਣੀ ਅਕਾਲੀ ਦਲ ਗੁਰਦੁਆਰਾ ਚੋਣ ਕਮਿਸ਼ਨ ਦੇ ਮੁੱਖ ਕਮਿਸ਼ਨਰ ਨੂੰ ਅਪੀਲ ਕਰਦਾ ਹੈ ਕਿ ਸ਼੍ਰੋਮਣੀ ਕਮੇਟੀ ਲਈ ਜਾਰੀ ਕੀਤੀਆਂ ਵੋਟਰ ਸੂਚੀਆਂ ਵਿੱਚੋਂ ਉਨ੍ਹਾਂ ਵੋਟਾਂ ਨੂੰ ਰੱਦ ਕੀਤਾ ਜਾਵੇ, ਜਿਨ੍ਹਾਂ ਵੋਟਰਾਂ ਦੇ ਨਾਮ ਨਾਲ “ਸਿੰਘ” ਜਾਂ “ਕੌਰ” ਸ਼ਬਦ ਦਰਜ ਨਹੀਂ ਹੈ । ਇਹ ਅਪੀਲ ਪਾਰਟੀ ਦੀ ਵਰਕਿੰਗ ਕਮੇਟੀ ਵੱਲੋਂ ਹਾਲ ਹੀ ਵਿੱਚ ਪਾਸ ਕੀਤੇ ਗਏ ਇੱਕ ਮਤੇ ‘ਤੇ ਅਧਾਰਤ ਹੈ, ਜਿਸ ਵਿੱਚ ਸਿੱਖ ਰਹਿਤ ਮਰਿਆਦਾ ਦੀ ਪਾਲਣਾ ‘ਤੇ ਜ਼ੋਰ ਦਿੱਤਾ ਗਿਆ ਹੈ, ਜੋ ਇਨ੍ਹਾਂ ਸ਼ਬਦਾਂ ਦੀ ਵਰਤੋਂ ਨੂੰ ਲਾਜ਼ਮੀ ਬਣਾਉਂਦੀ ਹੈ ।
ਉਨ੍ਹਾਂ ਅੱਗੇ ਕਿਹਾ ਕਿ “ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਚੋਣਾਂ ਲਈ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਵਿੱਚ ਵੱਡੇ ਪੱਧਰ ‘ਤੇ ਸ਼ਾਮਲ ਗੈਰ ਸਿੱਖਾਂ ਦੀਆਂ ਬਣੀਆਂ “ਜਾਅਲੀ ਵੋਟਾਂ” ਦੀ ਰਜਿਸਟ੍ਰੇਸ਼ਨ ‘ਤੇ ਸ਼੍ਰੋਮਣੀ ਅਕਾਲੀ ਦਲ ਚਿੰਤਾ ਪ੍ਰਗਟ ਕਰਦਾ ਹੈ । ਅਸੀਂ ਅਪੀਲ ਕਰਦੇ ਹਾਂ ਕਿ ਇਸ ਮੁੱਦੇ ਨੂੰ ਹੱਲ ਕਰਵਾਉਣ ਲਈ ਕਮਿਸ਼ਨ ਮਤੇ ਦੇ ਆਦੇਸ਼ਾਂ ਅਨੁਸਾਰ ਸੰਬੰਧਤ ਅਧਿਕਾਰੀਆਂ ਨੂੰ ਤੁਰੰਤ ਨਿਰਦੇਸ਼ ਜਾਰੀ ਕਰੇ ।”
