ਨੈਸ਼ਨਲ ਟਾਈਮਜ਼ ਬਿਊਰੋ :- ਬਰਸਾਤੀ ਮੌਸਮ ਦੌਰਾਨ ਪੰਜਾਬ ‘ਚ ਡੇਂਗੂ, ਮਲੇਰੀਆ ਅਤੇ ਹੋਰ ਬੁਖਾਰਾਂ ਦੀਆਂ ਬਿਮਾਰੀਆਂ ਦਾ ਖਤਰਾ ਕਾਫੀ ਵੱਧ ਜਾਂਦਾ ਹੈ। ਲੋਕਾਂ ਦੀ ਸਿਹਤ ਦੀ ਰੱਖਿਆ ਲਈ ਸਿਹਤ ਵਿਭਾਗ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਤਰਨਤਾਰਨ ਦੇ ਸਿਵਲ ਹਸਪਤਾਲ ਵਿੱਚ ਐਸਐਮਓ ਡਾ. ਸਰਬਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਸਪਤਾਲ ਵਿੱਚ ਡੇਂਗੂ, ਮਲੇਰੀਆ ਅਤੇ ਹੋਰ ਬੁਖਾਰਾਂ ਦੀ ਜਾਂਚ ਲਈ ਤੁਰੰਤ ਟੈਸਟ ਦੀ ਸਹੂਲਤ ਉਪਲਬਧ ਹੈ। ਜੇਕਰ ਕਿਸੇ ਮਰੀਜ਼ ਦੀ ਹਾਲਤ ਗੰਭੀਰ ਹੋਵੇ, ਤਾਂ ਉਸਦੇ ਇਲਾਜ ਲਈ ਆਈਸੋਲੇਸ਼ਨ ਵਾਰਡ ਵੀ ਬਣਾਇਆ ਗਿਆ ਹੈ।ਡਾ. ਸਰਬਜੀਤ ਸਿੰਘ ਅਨੁਸਾਰ, ਇਲਾਜ ਲਈ ਜ਼ਰੂਰੀ ਦਵਾਈਆਂ ਹਸਪਤਾਲ ਵਿਚੋਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਆਪਣੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦੇਣ। ਕੂਲਰ, ਗਮਲਿਆਂ ਦੀਆਂ ਤਲੀਆਂ, ਛੱਤਾਂ ਅਤੇ ਟੈਂਕੀਆਂ ‘ਚ ਪਾਣੀ ਇਕੱਠਾ ਹੋਣ ਨਾਲ ਮੱਛਰ ਪੈਦਾ ਹੁੰਦੇ ਹਨ ਜੋ ਡੇਂਗੂ ਅਤੇ ਮਲੇਰੀਆ ਫੈਲਾਉਂਦੇ ਹਨ।ਡਾਕਟਰ ਨੇ ਅਪੀਲ ਕੀਤੀ ਕਿ ਜੇ ਕਿਸੇ ਨੂੰ ਬੁਖਾਰ, ਸਿਰ ਦਰਦ, ਥਕਾਵਟ ਜਾਂ ਸਰੀਰ ‘ਤੇ ਲਾਲ ਚਿੱਟੇ ਨਿਸ਼ਾਨ ਆਉਣ, ਤਾਂ ਤੁਰੰਤ ਨੇੜਲੇ ਸਰਕਾਰੀ ਹਸਪਤਾਲ ਜਾਂ ਸਿਹਤ ਕੇਂਦਰ ‘ਤੇ ਜਾਂਚ ਕਰਵਾਏ। ਬਜ਼ੁਰਗਾਂ, ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਖ਼ਾਸ ਸਾਵਧਾਨ ਰਹਿਣ ਦੀ ਲੋੜ ਹੈ। ਲੋਕਾਂ ਨੂੰ ਆਪਣਾ ਸ਼ਰੀਰ ਢੱਕ ਕੇ ਰੱਖਣ ਅਤੇ ਮੱਛਰ ਰੋਕੂ ਉਪਕਰਨ ਵਰਤਣ ਦੀ ਵੀ ਸਲਾਹ ਦਿੱਤੀ ਗਈ ਹੈ।
ਬਰਸਾਤੀ ਮੌਸਮ ‘ਚ ਡੇਂਗੂ ਤੇ ਮਲੇਰੀਆ ਦਾ ਖ਼ਤਰਾ, ਸਿਹਤ ਵਿਭਾਗ ਨੇ ਜਾਰੀ ਕੀਤੀਆਂ ਹਦਾਇਤਾਂ
