ਚੰਡੀਗੜ੍ਹ, 9 ਮਈ: ਪਾਕਿਸਤਾਨ ਵੱਲੋਂ ਭਾਰਤੀ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਨੂੰ ਨਾਕਾਮ ਕਰਨ ਤੋਂ ਇੱਕ ਦਿਨ ਬਾਅਦ, ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਨੂੰ ਦੇਸ਼ ਦੀ ਰਾਸ਼ਟਰੀ ਸੁਰੱਖਿਆ ਸਥਿਤੀ ਦੀ ਵਿਆਪਕ ਸਮੀਖਿਆ ਕਰਨ ਲਈ ਉੱਚ ਫੌਜੀ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ।

ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ, ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ, ਹਵਾਈ ਸੈਨਾ ਮੁਖੀ ਏਅਰ ਚੀਫ਼ ਮਾਰਸ਼ਲ ਏ. ਪੀ. ਸਿੰਘ ਅਤੇ ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਕੇ. ਤ੍ਰਿਪਾਠੀ ਸ਼ਾਮਲ ਹੋਏ। ਸੂਤਰਾਂ ਅਨੁਸਾਰ ਮੀਟਿੰਗ ਵਿੱਚ ਬਦਲਦੇ ਸੁਰੱਖਿਆ ਦ੍ਰਿਸ਼ ਅਤੇ ਪਾਕਿਸਤਾਨ ਤੋਂ ਵਧਦੇ ਫੌਜੀ ਖ਼ਤਰੇ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਵੀਰਵਾਰ ਰਾਤ ਨੂੰ, ਪਾਕਿਸਤਾਨ ਨੇ ਡਰੋਨ ਅਤੇ ਮਿਜ਼ਾਈਲ ਹਮਲਿਆਂ ਰਾਹੀਂ ਜੰਮੂ, ਪਠਾਨਕੋਟ, ਊਧਮਪੁਰ ਅਤੇ ਹੋਰ ਸ਼ਹਿਰਾਂ ਵਿੱਚ ਭਾਰਤੀ ਫੌਜੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਭਾਰਤੀ ਫੌਜਾਂ ਨੇ ਸਫਲਤਾਪੂਰਵਕ ਨਾਕਾਮ ਕਰ ਦਿੱਤਾ। ਰੱਖਿਆ ਮੰਤਰਾਲੇ ਨੇ ਕਿਹਾ ਕਿ ਭਾਰਤ ਆਪਣੀ ਪ੍ਰਭੂਸੱਤਾ ਅਤੇ ਨਾਗਰਿਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਹਮਲਾਵਰ ਕਾਰਵਾਈ ਦਾ ਢੁਕਵਾਂ ਜਵਾਬ ਦੇਵੇਗਾ।

ਭਾਰਤੀ ਫੌਜੀ ਅਧਿਕਾਰੀਆਂ ਨੇ ਕਿਹਾ ਕਿ ਇੰਟੀਗ੍ਰੇਟਿਡ ਏਅਰ ਡਿਫੈਂਸ ਸਿਸਟਮ ਦੀ ਮਦਦ ਨਾਲ, ਪਾਕਿਸਤਾਨੀ ਡਰੋਨ ਅਤੇ ਮਿਜ਼ਾਈਲਾਂ ਨੂੰ ਆਪਣੇ ਨਿਸ਼ਾਨੇ ‘ਤੇ ਪਹੁੰਚਣ ਤੋਂ ਪਹਿਲਾਂ ਹੀ ਡੇਗ ਦਿੱਤਾ ਗਿਆ। ਇਸ ਹਮਲੇ ਵਿੱਚ ਪਾਕਿਸਤਾਨ ਨੇ ਅਵੰਤੀਪੁਰਾ, ਸ੍ਰੀਨਗਰ, ਜੰਮੂ, ਅੰਮ੍ਰਿਤਸਰ, ਕਪੂਰਥਲਾ, ਚੰਡੀਗੜ੍ਹ, ਭੁਜ ਸਮੇਤ ਕੁੱਲ 15 ਸ਼ਹਿਰਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਸੀ।
ਰੱਖਿਆ ਮੰਤਰਾਲੇ ਨੇ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਫੌਜਾਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸੁਰੱਖਿਆ ਬਲਾਂ ਦੀ ਤਾਇਨਾਤੀ ਅਤੇ ਨਿਗਰਾਨੀ ਹੋਰ ਸਖ਼ਤ ਕੀਤੀ ਜਾ ਸਕਦੀ ਹੈ।