ਗੁਰਪ੍ਰੀਤ ਸਿੰਘ :- ਪੰਜਾਬ ਦੇ ਡਾਇਰੈਕਟਰ ਜਨਰਲ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦਾ ਦੌਰਾ ਕਰਕੇ ਕਾਨੂੰਨ ਵਿਵਸਥਾ ਦਾ ਜਾਇਜ਼ਾ ਲਿਆ। ਬੀਤੇ ਦੋ ਦਿਨਾਂ ਤੋਂ ਚੱਲ ਰਹੇ ਤਣਾਅਪੂਰਨ ਮਾਹੌਲ ਦਾ ਜਾਇਜ਼ਾ ਲੈਣ ਤੋਂ ਬਾਅਦ ਡੀਜੀਪੀ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਪੁਲਿਸ ਵੱਲੋਂ ਵਿਦਿਆਰਥੀਆਂ ਤੇ ਯੂਨੀਵਰਸਿਟੀ ਪ੍ਰਸ਼ਾਸਨ ‘ਚ ਗੱਲਬਾਤ ਕਰਵਾਈ ਜਾ ਰਹੀ ਹੈ।
ਬੀਤੇ ਦਿਨ ਵਿਦਿਆਰਥੀਆਂ ਵੱਲੋਂ ਪਥਰਾਅ ਤੇ ਕੁਝ ਗੱਡੀਆਂ ਨੂੰ ਅੱਗ ਦੇ ਹਵਾਲੇ ਕਰਨ ਦੀ ਘਟਨਾ ਵਾਪਰੀ ਸੀ। ਇਸ ਤੋਂ ਬਾਅਦ ਪੁਲਿਸ ਵੱਲੋਂ ਬਲ ਦਾ ਇਸਤੇਮਾਲ ਕੀਤਾ ਗਿਆ ਸੀ। ਇਸ ਘਟਨਾ ਤੇ ਡੀਜੀਪੀ ਨੇ ਕਿਹਾ ਕਿ ਪੁਲਿਸ ਵੱਲੋਂ ਕੋਸ਼ਿਸ਼ ਸੀ ਕਿ ਵਿਦਿਆਰਥੀਆਂ ਦੇ ਖ਼ਿਲਾਫ਼ ਪੁਲਿਸ ਬਲ ਦਾ ਇਸਤੇਮਾਲ ਨਾ ਕੀਤਾ ਜਾਵੇ, ਪਰ ਉਕਸਾਵੇ ਤੋਂ ਬਾਅਦ ਪੁਲਿਸ ਨੂੰ ਥੋੜ੍ਹੇ ਬਲ ਦਾ ਇਸਤੇਮਾਲ ਕਰਨਾ ਪਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀ ਸਾਡੇ ਬੱਚਿਆਂ ਵਾਂਗ ਹਨ ਤੇ ਸਾਡੀ ਕੋਸ਼ਿਸ਼ ਹੈ ਕਿ ਇਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਹੱਲ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਯੂਨੀਵਰਸਿਟੀ ਪ੍ਰਸ਼ਾਸਨ ਨਾਲ ਕੁਝ ਮਤਭੇਦ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਗੱਲਬਾਤ ਰਾਹੀ ਹੱਲ ਕਰਵਾਉਣ ਦੀ ਕੋਸ਼ਿਸ਼ ਜਾਰੀ ਹੈ। ਡੀਜੀਪੀ ਨੇ ਕਿਹਾ ਕਿ ਇੱਕ ਸ਼ਿਕਾਇਤ ਮੁਤਾਬਕ ਵਿਦਿਆਰਥੀਆਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਗਰਲਜ਼ ਹੌਸਟਲ ‘ਚ ਸਿਰਫ਼ ਮਹਿਲਾ ਵਰਕਰਾਂ ਨੂੰ ਰੱਖਿਆ ਜਾਵੇ, ਜਿਸ ਨੂੰ ਪੁਲਿਸ ਵੱਲੋਂ ਯੂਨੀਵਰਸਿਟੀ ਪ੍ਰਸ਼ਾਸਨ ਦੇ ਵਿਦਿਆਰਥੀਆਂ ‘ਚ ਮੀਟਿੰਗ ਕਰਵਾ ਕੇ ਹੱਲ ਕਰਵਾ ਦਿੱਤਾ ਗਿਆ ਸੀ।
ਘਟਨਾ ਦੀ ਜਾਂਚ ਜਾਰੀ, ਮੁਲਜ਼ਮਾਂ ਖ਼ਿਲਾਫ਼ ਹੋਵੇਗੀ ਕਾਰਵਾਈ
ਵਿਦਿਆਰਥੀਆਂ ਵੱਲੋਂ ਲਗਾਏ ਜਾ ਰਹੇ ਇਲਜ਼ਾਮਾਂ ‘ਤੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮਾਮਲੇ ‘ਚ ਐਫਆਈਆਰ ਦਰਜ ਕਰ ਲਈ ਗਈ ਹੈ ਤੇ ਐਸਆਈਟੀ ਦਾ ਗਠਨ ਕਰ ਦਿੱਤਾ ਗਿਆ। ਪੁਲਿਸ ਮਾਮਲੇ ਦੀ ਡੂੰਘਾਈ ਤੱਕ ਜਾਂਚ ਕਰੇਗੀ ਤੇ ਕੋਈ ਵੀ ਮਾਮਲੇ ‘ਚ ਲਿਪਤ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਚਾਹੇ ਉਹ ਕੋਈ ਵੱਡੇ ਤੋਂ ਵੱਡਾ ਅਧਿਕਾਰੀ ਹੋਵੇ ਜਾਂ ਕੋਈ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਹੋਵੇ ਸਭ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਯੂਨੀਵਰਸਿਟੀ ਅੰਦਰ ਭੰਨਤੋੜ ਕਰਨ ਵਾਲਿਆਂ ਦੀ ਵੀ ਹੋਵੇਗੀ ਜਾਂਚ
ਯੂਨੀਵਰਸਿਟੀ ਅੰਦਰ ਭੰਨਤੋੜ ਦੇ ਮਾਮਲੇ ‘ਤੇ ਡੀਜੀਪੀ ਯਾਦਵ ਨੇ ਕਿਹਾ ਕਿ ਇਸ ਦੀ ਵਿਗਿਆਨੀ ਤੇ ਤਕਨੀਕੀ ਪੱਧਰ ‘ਤੇ ਜਾਂਚ ਕੀਤੀ ਜਾਵੇਗੀ। ਜੋ ਕੋਈ ਵੀ ਕਾਨੂੰਨ ਵਿਵਸਥਾ ਨੂੰ ਆਪਣੇ ਹੱਥ ‘ਚ ਲਵੇਗਾ, ਉਸ ਖ਼ਿਲਾਫ਼ ਸਖ਼ਤ ਕਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਅਪੀਲ ਕੀਤੀ ਕਿ ਕਿਸੇ ਵੀ ਅਫਵਾਹ ‘ਤੇ ਯਕੀਨ ਨਾ ਕੀਤਾ ਜਾਵੇ।
