ਗੁਰਪ੍ਰੀਤ ਸਿੰਘ :- ਬਰਖਾਸਤ AIG ਰਾਜਜੀਤ ਸਿੰਘ ਨੇ ਲਗਭਗ ਛੇ ਸਾਲਾਂ ਤੱਕ ਫਰਾਰ ਰਹਿਣ ਤੋਂ ਬਾਅਦ ਵੀਰਵਾਰ (24 ਸਤੰਬਰ) ਨੂੰ ਪਟਿਆਲਾ ਪੁਲਿਸ ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ। ਆਤਮ-ਸਮਰਪਣ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਰਸਮੀ ਤੌਰ ‘ਤੇ ਗ੍ਰਿਫਤਾਰ ਕਰ ਲਿਆ ਹੈ।
ਰਾਜਜੀਤ ਸਿੰਘ ਖਿਲਾਫ 2019 ਵਿੱਚ ਨਸ਼ਾ ਤਸਕਰੀ, ਫਿਰੌਤੀ ਅਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦਰਜ ਕੀਤੇ ਗਏ ਸਨ। ਪੰਜਾਬ ਦੇ DGP ਗੌਰਵ ਯਾਦਵ ਨੇ ਇਸ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ।
ਰਾਜਜੀਤ ਸਿੰਘ ਨੂੰ ਅਪ੍ਰੈਲ 2019 ਵਿੱਚ ਸੇਵਾ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਉਨ੍ਹਾਂ ਦਾ ਨਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਨਿਗਰਾਨੀ ਹੇਠ ਚੱਲ ਰਹੀ ਉਸ ਜਾਂਚ ਦੌਰਾਨ ਸਾਹਮਣੇ ਆਇਆ ਸੀ, ਜੋ ਬਰਖਾਸਤ ਇੰਸਪੈਕਟਰ ਇੰਦਰਜੀਤ ਸਿੰਘ ਨਾਲ ਜੁੜੇ ਕਥਿਤ ਨਸ਼ਾ ਤਸਕਰੀ ਅਤੇ ਫਿਰੌਤੀ ਦੇ ਨੈੱਟਵਰਕ ਬਾਰੇ ਸੀ।
ਇਸ ਤੋਂ ਬਾਅਦ, ਵਿਜੀਲੈਂਸ ਬਿਊਰੋ ਅਤੇ ਸਪੈਸ਼ਲ ਟਾਸਕ ਫੋਰਸ (STF) ਨੇ ਉਨ੍ਹਾਂ ਖਿਲਾਫ ਵੱਖ-ਵੱਖ ਮਾਮਲੇ ਦਰਜ ਕੀਤੇ ਸਨ। ਹਾਈ ਕੋਰਟ ਵੱਲੋਂ ਜ਼ਮਾਨਤ ਦੀ ਅਰਜ਼ੀ ਰੱਦ ਕੀਤੇ ਜਾਣ ਤੋਂ ਬਾਅਦ ਉਹ ਰੂਪੋਸ਼ ਹੋ ਗਏ ਸਨ। ਉਨ੍ਹਾਂ ਦਾ ਪਤਾ ਲਗਾਉਣ ਲਈ ਇੱਕ ‘ਲੁੱਕ-ਆਊਟ ਸਰਕੂਲਰ’ ਵੀ ਜਾਰੀ ਕੀਤਾ ਗਿਆ ਸੀ।
