ਜਲੰਧਰ : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਦੇ ਵੱਡੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਹੈਰੋਇਨ ਤਸਕਰੀ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ, ਪੁਲਿਸ ਨੇ ਕਾਕੀ ਪਿੰਡ, ਗੁਰਦੁਆਰਾ ਸਾਹਿਬ ਨੇੜੇ ਇੱਕ ਜਾਲ ਵਿਛਾ ਕੇ ਕਾਰਵਾਈ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਕਮਿਸ਼ਨਰੇਟ ਪੁਲਿਸ ਨੇ ਜਲੰਧਰ ਦੇ ਕਾਕੀ ਪਿੰਡ ਵਿੱਚ ਗੁਰਦੁਆਰਾ ਸਾਹਿਬ ਨੇੜੇ ਜਾਲ ਵਿਛਾਇਆ ਸੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪੁਲਿਸ ਨੇ ਰਾਜਪਾਲ ਉਰਫ਼ ਪਾਲੀ ਪੁੱਤਰ ਗੁਰਮੀਤਪਾਲ ਵਾਸੀ ਐੱਚ 01/01, ਰਵੀਦਾਸ ਕਲੋਨੀ, ਜਲੰਧਰ ਨੂੰ ਰੋਕਿਆ।
ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਪੁਲਿਸ ਨੇ 52 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ਸਬੰਧੀ ਐਫਆਈਆਰ ਨੰਬਰ 34 ਮਿਤੀ 14.02.2025 ਨੂੰ ਐਨਡੀਪੀਐਸ ਐਕਟ ਦੀ ਧਾਰਾ 21-61-85 ਤਹਿਤ ਥਾਣਾ ਰਾਮਾ ਮੰਡੀ, ਜਲੰਧਰ ਵਿਖੇ ਦਰਜ ਕੀਤੀ ਗਈ ਹੈ। ਪੁਲਿਸ ਨੇ ਕਿਹਾ ਕਿ ਹੋਰ ਜਾਂਚ ਤੋਂ ਪਤਾ ਲੱਗਾ ਕਿ ਪਾਲੀ ਇੱਕ ਵੱਡੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਕੰਮ ਵਿੱਚ ਸ਼ਾਮਲ ਸੀ। ਮੁਲਜ਼ਮ ਦੇ ਇਕਬਾਲੀਆ ਬਿਆਨ ਦੇ ਆਧਾਰ ‘ਤੇ, ਪੁਲਿਸ ਟੀਮ ਨੇ ਜਲੰਧਰ ਦੇ ਪਿੰਡ ਡੱਲਾਵਾਂ ਨੇੜੇ ਇੱਕ ਛੁਪਣਗਾਹ ਤੋਂ 206 ਗ੍ਰਾਮ ਹੈਰੋਇਨ ਬਰਾਮਦ ਕੀਤੀ। ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਪੁਲਿਸ ਸ਼ੱਕੀਆਂ ਤੋਂ ਹੋਰ ਜਾਣਕਾਰੀ ਇਕੱਠੀ ਕਰ ਰਹੀ ਹੈ ਤਾਂ ਜੋ ਇਲਾਕੇ ਵਿੱਚ ਵਿਆਪਕ ਡਰੱਗ ਨੈੱਟਵਰਕ ਨੂੰ ਖਤਮ ਕੀਤਾ ਜਾ ਸਕੇ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ।