ਜਲੰਧਰ (ਗੁਰਪ੍ਰੀਤ ਸਿੰਘ) : ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ 518 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਹਰਜਿੰਦਰ ਸਿੰਘ ਉਰਫ਼ ਕਾਲਾ ਵਾਸੀ ਪਿੰਡ ਦਾਉਦਪੁਰ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ।
ਪੁਲਿਸ ਅਨੁਸਾਰ ਐਂਟੀ ਨਾਰਕੋਟਿਕਸ ਸੈੱਲ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਹੈਰੋਇਨ ਦੀ ਸਪਲਾਈ ਕਰਨ ਦੀ ਤਿਆਰੀ ਵਿੱਚ ਹੈ। ਸੂਚਨਾ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ 518 ਗ੍ਰਾਮ ਹੈਰੋਇਨ ਬਰਾਮਦ ਹੋਈ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਖੁਦ ਵੀ ਨਸ਼ੇ ਦੀ ਲਤ ਦਾ ਸ਼ਿਕਾਰ ਸੀ ਅਤੇ ਆਪਣੀ ਲਤ ਪੂਰੀ ਕਰਨ ਲਈ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦਾ ਸੀ। ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਹ ਹੈਰੋਇਨ ਕਿੱਥੋਂ ਲਿਆਉਂਦਾ ਸੀ ਅਤੇ ਕਿਨ੍ਹਾਂ ਲੋਕਾਂ ਤੱਕ ਇਸ ਦੀ ਸਪਲਾਈ ਕਰਦਾ ਸੀ।
ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ-2, ਜਲੰਧਰ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਮੁਲਜ਼ਮ ਤੋਂ ਪੁੱਛਗਿੱਛ ਕਰਕੇ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕਰ ਰਹੇ ਹਨ।
ਪੁਲਿਸ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
