ਪਟਿਆਲਾ/ਪਾਤੜਾਂ : ਢਾਬੀ ਗੁੱਜਰਾਂ ਬਾਰਡਰ ’ਤੇ ਕਿਸਾਨ ਮਹਾ ਪੰਚਾਇਤ ਦੌਰਾਨ ਉਸ ਸਮੇਂ ਭੜਥੂ ਪੈ ਗਿਆ ਜਦੋਂ ਮੋਰਚੇ ਦੀ ਅਗਵਾਈ ਕਰਨ ਵਾਲੀ ਟੀਮ ਵਿਚ ਸ਼ਾਮਲ ਕਿਸਾਨ ਨੇਤਾ ਬਲਦੇਵ ਸਿੰਘ ਸਿਰਸਾ ਦੀ ਅੱਜ ਅਚਾਨਕ ਤਬੀਅਤ ਵਿਗੜ ਗਈ। ਦੱਸਿਆ ਜਾ ਰਿਹਾ ਹੈ ਕਿ ਬਲਦੇਵ ਸਿੰਘ ਸਿਰਸਾ ਨੂੰ ਦਿਲ ਦਾ ਦੌਰਾ ਪਿਆ ਹੈ। ਇਸ ਦੌਰਾਨ ਉਨ੍ਹਾਂ ਨੂੰ ਤੁਰੰਤ ਐਬੂਲੈਂਸ ਰਾਹੀਂ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਲਿਜਾਇਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਵੀ ਬਲਦੇਵ ਸਿੰਘ ਸਿਰਸਾ ਨੂੰ ਦੌਰਾ ਪਿਆ ਸੀ।
ਇਸ ਸੰਬੰਧੀ ਕਿਸਾਨਾਂ ਨੇ ਕਿਹਾ ਕਿ ਬਲਦੇਵ ਸਿੰਘ ਸਿਰਸਾ ਅਚਾਨਕ ਹੀ ਬੇਹੋਸ਼ ਹੋ ਕੇ ਹੇਠਾਂ ਜ਼ਮੀਨ ‘ਤੇ ਡਿੱਗ ਗਏ। ਮੌਕੇ ’ਤੇ ਹਾਜ਼ਰ ਡਾਕਟਰਾਂ ਨੇ ਉਨ੍ਹਾਂ ਨੂੰ ਮੁੱਢਲੀ ਡਾਕਟਰੀ ਸਹਾਇਤਾ ਦੇ ਕੇ ਐਂਬੂਲੈਂਸ ਰਾਹੀਂ ਰਜਿੰਦਰਾ ਹਸਪਤਾਲ ਪਟਿਆਲਾ ਭੇਜ ਦਿੱਤਾ ਹੈ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਏਕੇ ਲਈ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਅੱਜ
ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨ ਜਥੇਬੰਦੀਆਂ ਵਿਚ ਏਕੇ ਨੂੰ ਲੈ ਕੇ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਚ ਮੀਟਿੰਗ ਸੱਦੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਨੇ ਇਸ ਬੈਠਕ ਲਈ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੂੰ ਸੱਦਾ ਦਿੱਤਾ ਸੀ ਪਰ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਨੇ ਢਾਬੀ ਗੁੱਜਰਾਂ ਬਾਰਡਰ ’ਤੇ ਕੀਤੀ ਜਾ ਰਹੀ ਕਿਸਾਨ ਮਹਾਂਪੰਚਾਇਤ ਨੂੰ ਲੈ ਕੇ ਮੀਟਿੰਗ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਹਾਲਾਂਕਿ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਇਸ ਮੀਟਿੰਗ ਵਿਚ ਸ਼ਾਮਲ ਹੋਣਗੇ। ਮੀਟਿੰਗ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਚੰਡੀਗੜ੍ਹ ਪੁੱਜੇ ਹਨ।
