ਗੁਰਪ੍ਰੀਤ ਸਿੰਘ :- ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ 5 ਕਰੋੜ ਰੁਪਏ ਦੇ ਰਿਸ਼ਵਤਖ਼ੋਰੀ ਨਾਲ ਜੁੜੇ ਇੱਕ ਚਰਚਿਤ ਮਾਮਲੇ ਵਿੱਚ ਪੰਜਾਬੀ ਫ਼ਿਲਮ ਇੰਡਸਟਰੀ ਦੀ ਜਾਣੀ-ਪਛਾਣੀ ਸ਼ਖ਼ਸੀਅਤ ਅਤੇ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਦੇ ਸੰਚਾਲਕ ਅਮਰਦੀਪ ਸਿੰਘ ਗਰੇਵਾਲ ਨੂੰ ਤਲਬ ਕੀਤਾ ਹੈ। ਈਡੀ ਦੇ ਅਧਿਕਾਰਤ ਸੂਤਰਾਂ ਅਨੁਸਾਰ ਗਰੇਵਾਲ ਨੂੰ 9 ਅਕਤੂਬਰ ਨੂੰ ਦਿੱਲੀ ਸਥਿਤ ਮੁੱਖ ਦਫ਼ਤਰ ਵਿਖੇ ਪੁੱਛਗਿੱਛ ਲਈ ਹਾਜ਼ਰ ਹੋਣ ਲਈ ਕਹਾ ਗਿਆ ਹੈ। ਇਸ ਤੋਂ ਪਹਿਲਾਂ ਏਜੰਸੀ ਨੇ ਉਨ੍ਹਾਂ ਨੂੰ 7 ਅਕਤੂਬਰ ਲਈ ਸੰਮਨ ਭੇਜਿਆ ਸੀ, ਪਰ ਗਰੇਵਾਲ ਵੱਲੋਂ ਮੰਗੇ ਗਏ ਵਾਧੂ ਸਮੇਂ ਤੋਂ ਬਾਅਦ ਇਹ ਨਵੀਂ ਤਾਰੀਖ਼ ਤੈਅ ਕੀਤੀ ਗਈ ਹੈ।
ਇਹ ਪੂਰਾ ਵਿਵਾਦ ਅੰਮ੍ਰਿਤਸਰ ਵਿੱਚ ਦਰਜ ਜਬਰ-ਜਨਾਹ ਦੇ ਇੱਕ ਕੇਸ ਨੂੰ ਰਫ਼ਾ-ਦਫ਼ਾ ਕਰਨ ਦੇ ਬਦਲੇ ਕਥਿਤ ਤੌਰ ‘ਤੇ 5 ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ਾਂ ਨਾਲ ਜੁੜਿਆ ਹੋਇਆ ਹੈ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਰਣਜੀਤ ਸਿੰਘ ਵੱਲੋਂ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਦਾ ਨਾਂ ਵੀ ਘਸੀਟਿਆ ਗਿਆ ਸੀ, ਜਿਸ ਦਾ ਡਾ. ਮਾਨ ਨੇ ਸਖ਼ਤ ਸ਼ਬਦਾਂ ਵਿੱਚ ਖੰਡਨ ਕਰਦਿਆਂ ਸਾਬਕਾ ਜੱਜ ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਸੀ। ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਵੀ ਇਸ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਜਵਾਬ ਤਲਬ ਕੀਤਾ ਹੋਇਆ ਹੈ।
ਦੂਜੇ ਪਾਸੇ, ਅੱਜ ਇਸੇ ਘਟਨਾਕ੍ਰਮ ਦੇ ਵਿਚਕਾਰ ਕੇਂਦਰੀ ਜਾਂਚ ਬਿਊਰੋ (CBI) ਨੇ ਵੀ ਮੁੱਖ ਮੰਤਰੀ ਦੇ ਓਐੱਸਡੀ (OSD) ਰਾਜਬੀਰ ਸਿੰਘ ਘੁੰਮਣ ਦੇ ਵੱਖ-ਵੱਖ ਟਿਕਾਣਿਆਂ ‘ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ, ਜਿਸ ਨਾਲ ਰਾਜਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਹਲਚਲ ਹੋਰ ਤੇਜ਼ ਹੋ ਗਈ ਹੈ।
