ਗੁਰਪ੍ਰੀਤ ਸਿੰਘ :- ਪੰਜਾਬ ਵਿੱਚ ਜ਼ਮੀਨੀ ਸੌਦਿਆਂ ਅਤੇ ਵਿਕਾਸ ਅਥਾਰਟੀਆਂ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਸੂਬੇ ਦੇ ਉੱਚ ਅਧਿਕਾਰੀਆਂ ਤੱਕ ਪਹੁੰਚ ਗਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਤਲਬ ਕੀਤਾ ਹੈ। ਉਨ੍ਹਾਂ ਨੂੰ 26 ਨਵੰਬਰ ਨੂੰ ਜਾਂਚ ਏਜੰਸੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਖ਼ਬਰ ਨੇ ਪੰਜਾਬ ਦੇ ਪ੍ਰਸ਼ਾਸਨਿਕ ਅਤੇ ਸਿਆਸੀ ਹਲਕਿਆਂ ਵਿੱਚ ਹਲਚਲ ਤੇਜ਼ ਕਰ ਦਿੱਤੀ ਹੈ।
ਇਸ ਮਾਮਲੇ ਵਿੱਚ ਸਿਰਫ਼ ਮੁੱਖ ਸਕੱਤਰ ਹੀ ਨਹੀਂ, ਸਗੋਂ ਵਿੱਤ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਨੂੰ ਵੀ ਜਾਂਚ ਲਈ ਬੁਲਾਇਆ ਗਿਆ ਹੈ। ਜਾਂਚ ਏਜੰਸੀ ਦੋਵਾਂ ਅਧਿਕਾਰੀਆਂ ਤੋਂ ਕਥਿਤ ਵਿੱਤੀ ਬੇਨਿਯਮੀਆਂ, ਸਰਕਾਰੀ ਫ਼ੈਸਲਿਆਂ ਅਤੇ ਖ਼ਜ਼ਾਨੇ ਨੂੰ ਹੋਏ ਨੁਕਸਾਨ ਨਾਲ ਜੁੜੇ ਮਾਮਲਿਆਂ ਬਾਰੇ ਜਾਣਕਾਰੀ ਲੈਣਾ ਚਾਹੁੰਦੀ ਹੈ। ਹਾਲਾਂਕਿ ਵਿੱਤ ਵਿਭਾਗ ਦੇ ਅਧਿਕਾਰੀ ਦੇ ਨਾਮ ਨੂੰ ਲੈ ਕੇ ਵੱਖ-ਵੱਖ ਮੀਡੀਆ ਰਿਪੋਰਟਾਂ ਵਿੱਚ ਫ਼ਰਕ ਸਾਹਮਣੇ ਆਇਆ ਹੈ।
