ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਸੀ, ਜਿਸ ਲਈ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਗਏ ਹਨ। ਅੱਜ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਹੋਵੇਗੀ। ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਇਕ ਨਿਮਾਣੇ ਸਿੱਖ ਵਾਂਗ ਨੰਗੇ ਪੈਰੀਂ ਹੈਰੀਟੇਜ ਸਟ੍ਰੀਟ ਤੋਂ ਸ੍ਰੀ ਦਰਬਾਰ ਸਾਹਿਬ ਵੱਲ ਨੂੰ ਜਾਂਦੇ ਨਜ਼ਰ ਆਏ ਹਨ।

ਦੱਸ ਦਈਏ ਕਿ ਭਾਸ਼ਾ ਵਿਭਾਗ ਵੱਲੋਂ ਕਰਵਾਏ ਗਏ ਇਕ ਧਾਰਮਿਕ ਸਮਾਗਮ ਦੌਰਾਨ ਪੰਜਾਬੀ ਗਾਇਕ ਬੀਰ ਸਿੰਘ ਨੂੰ ਬੁਲਾਇਆ ਗਿਆ ਸੀ। ਇਸ ਸ਼ਹੀਦੀ ਸਮਾਗਮ ਦੌਰਾਨ ਪੰਜਾਬੀ ਗਾਇਕ ਵੱਲੋਂ ਸਟੇਜ ਉੱਪਰ ਪੰਜਾਬੀ ਗਾਣੇ ਗਾਏ ਗਏ, ਜਿਸ ‘ਤੇ ਗਾਇਕ ਤੇ ਹੋਰ ਲੋਕਾਂ ਵੱਲੋਂ ਭੰਗੜਾ ਵੀ ਪਾਇਆ ਗਿਆ ਸੀ। ਇਸ ਮਾਮਲੇ ਵਿਚ ਗਾਇਕ ਬੀਰ ਸਿੰਘ ਅਤੇ ਹਰਜੋਤ ਸਿੰਘ ਬੈਂਸ ਪਹਿਲਾਂ ਹੀ ਮੁਆਫ਼ੀ ਵੀ ਮੰਗ ਚੁੱਕੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਜਾਣ ‘ਤੇ ਅੱਜ ਸਿੱਖਿਆ ਮੰਤਰੀ ਇੱਥੇ ਪੇਸ਼ੀ ਲਈ ਪਹੁੰਚੇ ਹਨ।