ਹੁਸ਼ਿਆਰਪੁਰ – ਐੱਸ. ਜੀ. ਪੀ. ਸੀ. ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਹਰਜਿੰਦਰ ਸਿੰਘ ਧਾਮੀ ਨਾਲ ਉਨ੍ਹਾਂ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ਵਿਖੇ ਮੁਲਾਕਾਤ ਕੀਤੀ ਜਾ ਰਹੀ ਹੈ।
ਇਥੇ ਜ਼ਿਕਰਯੋਗ ਹੈ ਕਿ ਐਡਵੋਕੇਟ ਧਾਮੀ ਨੇ ਕੁਝ ਦਿਨ ਪਹਿਲਾਂ ਜਥੇਦਾਰ ਵੱਲੋਂ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਇਕ ਪੋਸਟ ਦਾ ਹਵਾਲਾ ਦਿੰਦਿਆਂ ਆਪਣੇ ਪ੍ਰਧਾਨ ਦੇ ਅਹੁਦੇ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਸੱਤ ਮੈਂਬਰੀ ਕਮੇਟੀ ਦੇ ਕਨਵੀਨਰ ਵਜੋਂ ਵੀ ਅਸਤੀਫ਼ਾ ਦੇ ਦਿੱਤਾ ਸੀ।
ਜਥੇਦਾਰ ਗਿਆਨੀ ਰਘਬੀਰ ਸਿੰਘ ਹੁਣ ਐਡਵੋਕੇਟ ਧਾਮੀ ਨੂੰ ਆਪਣਾ ਅਸਤੀਫ਼ਾ ਵਾਪਸ ਲੈਣ ਸਬੰਧੀ ਮੁੜ ਅਪੀਲ ਕਰਨ ਦੇ ਨਾਲ-ਨਾਲ ਪੰਥਕ ਮਾਮਲਿਆਂ ਸੰਬੰਧੀ ਵਿਚਾਰ-ਚਰਚਾ ਵੀ ਕਰਨਗੇ। ਇਸ ਮੌਕੇ ਉਨ੍ਹਾਂ ਦੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵੀ ਮੌਜੂਦ ਰਹੇ, ਜਿਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਗ੍ਰਹਿ ਵਿਖੇ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੀਨੀਅਰ ਆਗੂਆਂ ਦੇ ਇਕ ਵਫ਼ਦ ਵੱਲੋਂ ਹਰਜਿੰਦਰ ਸਿੰਘ ਧਾਮੀ ਨਾਲ ਹੁਸ਼ਿਆਰਪੁਰ ਵਿਖੇ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ ਗਈ ਸੀ। ਮੁਲਾਕਾਤ ਮਗਰੋਂ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਹਰਜਿੰਦਰ ਸਿੰਘ ਧਾਮੀ ਵੱਲੋਂ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ‘ਤੇ ਵੱਡਾ ਬਿਆਨ ਦਿੱਤਾ ਗਿਆ ਸੀ।
